
Skip to content

ਚੰਡੀਗੜ੍ਹ(ਅਮਿਤ ਨਖਵਾਲ) : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਪੀਐਸਪੀਸੀਐਲ ਅਤੇ ਪੀਐਸਈਬੀ ਦੇ ਕਰਮਚਾਰੀ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ’ਤੇ ਸਨ, ਜਿਸ ਕਾਰਨ ਲੋਕਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਇਸ ਮਾਮਲੇ ਨੂੰ ਸੁਲਝਾਉਣ ਲਈ ਬਿਜਲੀ ਮੰਤਰੀ ਅਤੇ ਪਾਵਰਕਾਮ ਦੇ ਐਮਡੀ ਵੱਲੋਂ 25 ਜੁਲਾਈ ਨੂੰ ਮੀਟਿੰਗ ਕੀਤੀ ਗਈ, ਜਿਸ ਤੋਂ ਬਾਅਦ 26 ਜੁਲਾਈ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਰੀਬ ਪੰਜ ਘੰਟੇ ਤੱਕ 16 ਯੂਨੀਅਨਾਂ ਨਾਲ ਵਿਸਥਾਰਪੂਰਵਕ ਚਰਚਾ ਕੀਤੀ।
ਚੀਮਾ ਨੇ ਕਿਹਾ ਕਿ ਮੀਟਿੰਗ ਦੌਰਾਨ ਕਈ ਮੰਗਾਂ ’ਤੇ ਸਹਿਮਤੀ ਬਣੀ ਹੈ ਅਤੇ ਕਰਮਚਾਰੀ ਯੂਨੀਅਨਾਂ ਨੇ ਆਪਣੀ ਹੜਤਾਲ ਵਾਪਸ ਲੈ ਲਈ ਹੈ। ਉਨ੍ਹਾਂ ਦੱਸਿਆ ਕਿ ਵਿੱਤ ਵਿਭਾਗ ਨਾਲ ਸੰਬੰਧਤ ਮੰਗਾਂ ਦੀ ਜਾਂਚ ਲਈ ਇੱਕ ਵਿਸ਼ੇਸ਼ ਕਮੇਟੀ ਬਣਾਈ ਗਈ ਹੈ, ਜੋ 15 ਅਗਸਤ ਤੱਕ ਆਪਣੀ ਰਿਪੋਰਟ ਪੇਸ਼ ਕਰੇਗੀ। ਇਸ ਰਿਪੋਰਟ ਦੇ ਆਧਾਰ ’ਤੇ ਅਗਲਾ ਫੈਸਲਾ ਲਿਆ ਜਾਵੇਗਾ।
ਵਿੱਤ ਮੰਤਰੀ ਨੇ ਇਹ ਵੀ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਦੇ ਸਟਾਫ ਨਾਲ ਵੀ ਮੀਟਿੰਗ ਹੋਈ ਹੈ ਅਤੇ ਉਨ੍ਹਾਂ ਨੇ ਵੀ ਆਪਣੀ ਹੜਤਾਲ ਵਾਪਸ ਲੈਣ ’ਤੇ ਸਹਿਮਤੀ ਜਤਾਈ ਹੈ। ਇਸ ਨਾਲ ਕਲੀਨਿਕਾਂ ਦੀਆਂ ਸੇਵਾਵਾਂ ਬਿਨਾਂ ਕਿਸੇ ਰੁਕਾਵਟ ਦੇ ਜਾਰੀ ਰਹਿਣਗੀਆਂ।
ਕਰਜ਼ੇ ਦੇ ਮਾਮਲੇ ’ਤੇ ਵਿਰੋਧੀ ਧਿਰ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਹਰਪਾਲ ਚੀਮਾ ਨੇ ਕਿਹਾ ਕਿ ਕਾਂਗਰਸ ਸਰਕਾਰ ਦੇ ਸਮੇਂ ਲਗਭਗ 1 ਲੱਖ 5 ਹਜ਼ਾਰ ਕਰੋੜ ਰੁਪਏ ਅਤੇ ਅਕਾਲੀ-ਭਾਜਪਾ ਸਰਕਾਰ ਦੌਰਾਨ ਕਰੀਬ 1 ਲੱਖ 47 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਲਿਆ ਗਿਆ ਸੀ। ਉਨ੍ਹਾਂ ਦਾਅਵਾ ਕੀਤਾ ਕਿ ਮੌਜੂਦਾ ਸਰਕਾਰ ਨੇ ਕਰਜ਼ੇ ਦੀ ਦਰ ਵਿੱਚ 3 ਫੀਸਦੀ ਦੀ ਕਮੀ ਕੀਤੀ ਹੈ।
ਰਿਪੋਰਟ: ਅਮਿਤ ਨਖਵਾਲ
Related