18 ਨਵੰਬਰ ਨੂੰ ਜਲੰਧਰ ਤੋਂ ਸ਼ੁਰੂ ਹੋਵੇਗੀ ਭਾਜਪਾ ਦੀ ਸਮਾਜਿਕ ਸਮਰਸਤਾ ਯਾਤਰਾ, 3 ਦਸੰਬਰ ਨੂੰ ਵਾਰਾਣਸੀ ਵਿਖੇ ਹੋਵੇਗੀ ਸਮਾਪਤੀ: ਸ਼ੀਤਲ ਅੰਗੁਰਾਲ
ਜਲੰਧਰ (ਨਵੀਨ ਪੁਰੀ/ਅਰਸ਼ਦੀਪ ਸਿੰਘ ਕਾਲੜਾ): ਭਾਰਤੀ ਜਨਤਾ ਪਾਰਟੀ ਵੱਲੋਂ ਸਮਾਜ ਵਿੱਚ ਆਪਸੀ ਭਾਈਚਾਰੇ, ਸਮਾਨਤਾ ਅਤੇ ਸਦਭਾਵਨਾ ਦਾ ਸੰਦੇਸ਼ ਫੈਲਾਉਣ ਦੇ ਉਦੇਸ਼ ਨਾਲ ਸਮਾਜਿਕ ਸਮਰਸਤਾ ਯਾਤਰਾ ਕੱਢੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਜਪਾ ਪੰਜਾਬ ਐੱਸ.ਸੀ. ਮੋਰਚੇ ਦੇ ਪ੍ਰਧਾਨ ਸ਼ੀਤਲ ਅੰਗੁਰਾਲ ਨੇ ਦੱਸਿਆ ਕਿ ਇਹ ਯਾਤਰਾ 18 ਨਵੰਬਰ ਨੂੰ ਜਲੰਧਰ ਤੋਂ ਸ਼ੁਰੂ ਹੋਵੇਗੀ ਅਤੇ 3 ਦਸੰਬਰ ਨੂੰ ਵਾਰਾਣਸੀ ਵਿਖੇ ਸਮਾਪਤ ਹੋਵੇਗੀ।
ਸ਼ੀਤਲ ਅੰਗੁਰਾਲ ਨੇ ਦੱਸਿਆ ਕਿ ਇਹ ਯਾਤਰਾ ਪੰਜਾਬ, ਚੰਡੀਗੜ੍ਹ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਹਰਿਆਣਾ, ਦਿੱਲੀ ਅਤੇ ਉੱਤਰ ਪ੍ਰਦੇਸ਼ ਸਮੇਤ ਅੱਠ ਰਾਜਾਂ ਵਿੱਚੋਂ ਲੰਘੇਗੀ ਅਤੇ ਲਗਭਗ 2558 ਕਿਲੋਮੀਟਰ ਦਾ ਸਫ਼ਰ ਤੈਅ ਕਰੇਗੀ। ਯਾਤਰਾ ਦੌਰਾਨ ਹਰ ਰੋਜ਼ ਅੱਠ ਤਰ੍ਹਾਂ ਦੇ ਵੱਖ-ਵੱਖ ਪ੍ਰੋਗਰਾਮ ਕਰਵਾਏ ਜਾਣਗੇ, ਜਿਨ੍ਹਾਂ ਰਾਹੀਂ ਸਮਾਜਿਕ ਸਮਰਸਤਾ, ਆਪਸੀ ਸਦਭਾਵਨਾ ਅਤੇ ਮਹਾਂਪੁਰਖਾਂ ਦੀ ਵਿਚਾਰਧਾਰਾ ਦਾ ਸੰਦੇਸ਼ ਲੋਕਾਂ ਤੱਕ ਪਹੁੰਚਾਇਆ ਜਾਵੇਗਾ।
ਉਨ੍ਹਾਂ ਦੱਸਿਆ ਕਿ ਯਾਤਰਾ ਦੇ ਰਸਤੇ ਵਿੱਚ ਸਫ਼ਾਈ ਮੁਹਿੰਮਾਂ ਵੀ ਚਲਾਈਆਂ ਜਾਣਗੀਆਂ। ਇਸ ਤੋਂ ਇਲਾਵਾ ਗੁਰੂ ਰਵਿਦਾਸ ਜੀ ਦੇ ਮੰਦਰਾਂ ਵਿੱਚ ਉਨ੍ਹਾਂ ਦੇ ਜੀਵਨ, ਸੰਘਰਸ਼ ਅਤੇ ਵਿਚਾਰਧਾਰਾ ਨੂੰ ਦਰਸਾਉਂਦੀਆਂ ਤਸਵੀਰਾਂ ਵੀ ਲਗਾਈਆਂ ਜਾਣਗੀਆਂ, ਤਾਂ ਜੋ ਲੋਕ ਉਨ੍ਹਾਂ ਦੀਆਂ ਸਿੱਖਿਆਵਾਂ ਤੋਂ ਜਾਣੂ ਹੋ ਸਕਣ।
ਉਨ੍ਹਾਂ ਕਿਹਾ ਕਿ ਇਸ ਯਾਤਰਾ ਦਾ ਮੁੱਖ ਮਕਸਦ ਸਮਾਜ ਵਿੱਚੋਂ ਭੇਦਭਾਵ ਨੂੰ ਦੂਰ ਕਰਕੇ ਸਮਾਜਿਕ ਬਰਾਬਰੀ, ਆਪਸੀ ਪਿਆਰ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨਾ ਹੈ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ‘ਸਭਕਾ ਸਾਥ, ਸਭਕਾ ਵਿਕਾਸ ਅਤੇ ਸਭਕਾ ਵਿਸ਼ਵਾਸ’ ਦੇ ਸਿਧਾਂਤ ਅਨੁਸਾਰ ਕੰਮ ਕਰ ਰਹੀ ਹੈ। ਸਮਾਜ ਦੇ ਹਰ ਵਰਗ ਨੂੰ ਨਾਲ ਜੋੜਨਾ ਅਤੇ ਉਨ੍ਹਾਂ ਦਾ ਭਰੋਸਾ ਜਿੱਤਣਾ ਪਾਰਟੀ ਦਾ ਉਦੇਸ਼ ਹੈ।
