
Skip to content

ਅਮਿਤ ਨਖਵਾਲ: ਜਗਰਾਓਂ ਵਿੱਚ ਇੱਕ 22 ਸਾਲਾ ਨੌਜਵਾਨ ਨੂੰ ਕਥਿਤ ਤੌਰ ‘ਤੇ ਦਰਜਨ ਦੇ ਕਰੀਬ ਅਣਪਛਾਤੇ ਨੌਜਵਾਨਾਂ ਵੱਲੋਂ ਅਗਵਾ ਕਰਕੇ ਬੇਰਹਿਮੀ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਹਮਲਾਵਰਾਂ ਨੇ ਨੌਜਵਾਨ ਦੀ ਲੋਹੇ ਦੀਆਂ ਰਾਡਾਂ ਨਾਲ ਕੁੱਟਮਾਰ ਕਰਕੇ ਉਸ ਦੀਆਂ ਲੱਤਾਂ ਅਤੇ ਬਾਹਾਂ ਤੋੜ ਦਿੱਤੀਆਂ ਅਤੇ ਅੱਧਮਰੀ ਹਾਲਤ ਵਿੱਚ ਥਾਣਾ ਸਿਟੀ ਜਗਰਾਓਂ ਨੇੜੇ ਸੁੱਟ ਕੇ ਫ਼ਰਾਰ ਹੋ ਗਏ।
ਜ਼ਖ਼ਮੀ ਨੌਜਵਾਨ ਦੀ ਪਛਾਣ ਸਨੀ ਵਜੋਂ ਹੋਈ ਹੈ। ਉਸ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਜਗਰਾਓਂ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦਾ ਇਲਾਜ ਜਾਰੀ ਹੈ।
ਪੀੜਤ ਸਨੀ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਸ ਦਾ ਕੁਝ ਨੌਜਵਾਨਾਂ ਨਾਲ ਪਹਿਲਾਂ ਤੋਂ ਵਿਵਾਦ ਚੱਲ ਰਿਹਾ ਸੀ। ਉਨ੍ਹਾਂ ਦਾ ਦੋਸ਼ ਹੈ ਕਿ ਉਹੀ ਨੌਜਵਾਨ ਆਪਣੇ ਹੋਰ ਸਾਥੀਆਂ ਨਾਲ ਮਿਲ ਕੇ ਸਨੀ ਨੂੰ ਜਗਰਾਓਂ ਤੋਂ ਰਾਏਕੋਟ ਵੱਲ ਲੈ ਗਏ, ਜਿੱਥੇ ਉਸ ਨਾਲ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ। ਪਰਿਵਾਰ ਨੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਅਤੇ ਇਨਸਾਫ਼ ਦੀ ਮੰਗ ਕੀਤੀ ਹੈ।
ਇਸ ਮਾਮਲੇ ਸਬੰਧੀ ਜਗਰਾਓਂ ਦੇ ਡੀਐਸਪੀ ਜਸਵਿੰਦਰ ਸਿੰਘ ਢੀਂਡਸਾ ਨੇ ਦੱਸਿਆ ਕਿ ਜ਼ਖ਼ਮੀ ਨੌਜਵਾਨ ਦਾ ਇਲਾਜ ਕਰਵਾਇਆ ਜਾ ਰਿਹਾ ਹੈ ਅਤੇ ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਨੂੰ ਅਗਵਾ ਕਰਕੇ ਕੁੱਟਮਾਰ ਕਰਨ ਵਾਲੇ ਦੋਸ਼ੀਆਂ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ।
ਰਿਪੋਰਟ: ਅਮਿਤ ਨਖਵਾਲ
Related