Skip to content
ਸੰਗਰੂਰ (ਅਮਿਤ ਨੱਖਵਾਲ) : ਸੰਗਰੂਰ ਤੋਂ ਚੰਡੀਗੜ੍ਹ ਜਾ ਰਹੀ ਪੀ.ਆਰ.ਟੀ.ਸੀ. ਦੀ ਬੱਸ ਅੱਜ ਸਵੇਰੇ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਦਰਦਨਾਕ ਹਾਦਸੇ ਵਿੱਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ 24 ਸਵਾਰੀਆਂ ਜ਼ਖ਼ਮੀ ਹੋ ਗਈਆਂ। ਜ਼ਖ਼ਮੀਆਂ ਨੂੰ ਤੁਰੰਤ ਨੇੜਲੇ ਹਸਪਤਾਲਾਂ ਵਿੱਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ। ਇਨ੍ਹਾਂ ਵਿੱਚੋਂ 15 ਦੀ ਗੰਭੀਰ ਹਾਲਤ ਨੂੰ ਦੇਖਦਿਆਂ ਉਨ੍ਹਾਂ ਨੂੰ ਬਿਹਤਰ ਇਲਾਜ ਲਈ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿਖੇ ਰੈਫਰ ਕੀਤਾ ਗਿਆ ਹੈ।
ਇਸ ਹਾਦਸੇ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਰਾਹੀਂ ਆਪਣੀ ਸੰਵੇਦਨਾ ਪ੍ਰਗਟ ਕਰਦਿਆਂ ਕਿਹਾ ਕਿ ਹਾਦਸੇ ਵਿੱਚ ਤਿੰਨ ਕੀਮਤੀ ਜਾਨਾਂ ਦਾ ਨੁਕਸਾਨ ਹੋਇਆ ਹੈ ਅਤੇ 24 ਵਿਅਕਤੀ ਜ਼ਖ਼ਮੀ ਹੋਏ ਹਨ, ਜਿਨ੍ਹਾਂ ਵਿੱਚੋਂ 15 ਨੂੰ ਬਿਹਤਰ ਇਲਾਜ ਲਈ ਪਟਿਆਲਾ ਭੇਜਿਆ ਗਿਆ ਹੈ।
ਮੁੱਖ ਮੰਤਰੀ ਨੇ ਦੱਸਿਆ ਕਿ ਪ੍ਰਸ਼ਾਸਨ ਨੂੰ ਸਾਰੇ ਜ਼ਖ਼ਮੀਆਂ ਦਾ ਮੁਫ਼ਤ ਇਲਾਜ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ। ਉਨ੍ਹਾਂ ਨੇ ਪ੍ਰਮਾਤਮਾ ਅੱਗੇ ਵਿਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਅਤੇ ਦੁਖੀ ਪਰਿਵਾਰਾਂ ਨੂੰ ਇਹ ਭਾਣਾ ਮੰਨਣ ਦਾ ਬਲ ਬਖ਼ਸ਼ਣ ਦੀ ਅਰਦਾਸ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਜ਼ਖ਼ਮੀਆਂ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਵੀ ਕੀਤੀ।
ਰਿਪੋਰਟ : ਅਮਿਤ ਨੱਖਵਾਲ
Related