ਸਿਵਲ ਹਸਪਤਾਲ ਵਿਚ ਪੁੱਜੇ ਜ਼ਖ਼ਮੀ ਏਐੱਸਆਈ ਮਲਕੀਤ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਡਿਊਟੀ ਘਾਬਦਾਂ ਦੇ ਨਸ਼ਾਮੁਕਤੀ ਅਤੇ ਪੁਨਰਵਾਸ ਕੇਂਦਰ ਵਿਚ ਲੱਗੀ ਹੋਈ ਹੈ। ਮੰਗਲਵਾਰ ਸ਼ਾਮ ਨੂੰ ਖਾਣੇ ਤੋਂ ਬਾਅਦ ਜਦੋਂ ਇਕ ਨਰਸ ਇਨ੍ਹਾਂ ਮਰੀਜ਼ਾਂ ਨੂੰ ਦਵਾਈ ਲੈਣ ਲਈ ਗਈ ਤਾਂ ਮਰੀਜ਼ਾਂ ਨੇ ਨਰਸ ’ਤੇ ਹਮਲਾ ਕਰ ਦਿੱਤਾ ਅਤੇ ਨਰਸ ਨੂੰ ਧੱਕਾ ਮਾਰ ਕੇ ਭੱਜਣ ਦੀ ਕੋਸ਼ਿਸ਼ ਕੀਤੀ। ਉਸ ਨੇ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਕਈ ਮਰੀਜ਼ਾਂ ਨੇ ਉਸ ਨੂੰ ਗਰਦਨ ਤੋਂ ਫੜ ਲਿਆ ਅਤੇ ਉਸ ਦਾ ਗਲਾ ਘੁੱਟਣ ਮਗਰੋਂ ਉਸ ਦਾ ਸਿਰ ਕੰਧ ’ਚ ਮਾਰ ਦਿੱਤਾ। ਇੱਕ ਨੇ ਉਸ ਦੀ ਲੱਤ ’ਤੇ ਵੀ ਹਮਲਾ ਕੀਤਾ, ਜਿਸ ਤੋਂ ਬਾਅਦ ਉਹ ਬੇਹੋਸ਼ ਹੋ ਕੇ ਜ਼ਮੀਨ ’ਤੇ ਡਿੱਗ ਗਿਆ। ਪੁਲਿਸ ਮੁਲਾਜ਼ਮ ਨੰ ਜ਼ਖਮੀ ਹਾਲਤ ਵਿਚ ਸਿਵਲ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦਾ ਇਲਾਜ ਕਰਨ ਮਗਰੋਂ ਛੁੱਟੀ ਦੇ ਕੇ ਘਰ ਭੇਜ ਦਿੱਤਾ ਗਿਆ।
ਡੀਐੱਸਪੀ ਸੰਗਰੂਰ ਸੁਖਦੇਵ ਸਿੰਘ ਦਾ ਕਹਿਣਾ ਹੈ ਕਿ ਨਸ਼ਾਮੁਕਤੀ ਪੁਨਰਵਾਸ ਕੇਂਦਰ ਵਿਚੋਂ ਭੱਜਣ ਵਾਲੇ ਮਰੀਜ਼ਾਂ ਦੇ ਪਰਿਵਾਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਮਰੀਜ਼ਾਂ ਦੀ ਲਗਾਤਾਰ ਭਾਲ ਕੀਤੀ ਜਾ ਰਹੀ ਹੈ। ਨਸ਼ੇ ਦੀ ਗ੍ਰਿਫ਼ਤ ਤੋਂ ਆਜ਼ਾਦ ਕਰਕੇ ਉਨ੍ਹਾਂ ਨੂੰ ਮੁੱਖ ਧਾਰਾ ਵਿਚ ਲਿਆਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਅਜਿਹੇ ਵਿਚ ਮਰੀਜ਼ ਮਾਨਸਿਕ ਤੌਰ ’ਤੇ ਕਮਜ਼ੋਰ ਹੋ ਜਾਂਦੇ ਹਨ, ਜਿਸ ਕਾਰਨ ਉਹ ਅਜਿਹੇ ਕਦਮ ਚੁੱਕ ਲੈਂਦੇ ਹਨ, ਪ੍ਰੰਤੂ ਉਨ੍ਹਾਂ ਨੂੰ ਛੇਤੀ ਕਾਬੂ ਕਰ ਲਿਆ ਜਾਵੇਗਾ। ਪੁਲਿਸ ਵੱਲੋਂ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।
