ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਵਿੱਢੀ ’ਤੂੰ ਸਤਵੰਤੀ, ਤੂੰ ਪਰਧਾਨਿ’ ਮੁਹਿੰਮ ਦੀ ਹੋਈ ਸਮਾਪਤੀ

    ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮਾਤਾ ਸਾਹਿਬ ਕੌਰ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ।
    ਮੁੱਖ ਸਮਾਗਮ ਗੁਰਦੁਆਰਾ ਮਾਤਾ ਸੁੰਦਰੀ ਜੀ ਵਿਖੇ ਹੋਇਆ ਜਿਥੇ ਰਾਗੀ ਸਿੰਘਾਂ ਦੇ ਜੱਥੇ ਨੇ ਕੀਰਤਨ ਦੀਵਾਨ ਸਜਾਏ ਤੇ ਗੁਰੂ ਕੀ ਇਲਾਹੀ ਬਾਣੀ ਦੇ ਰੂਹਾਨੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ।
    ਇਸ  ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਸਰਦਾਰ ਜਸਪ੍ਰੀਤ ਸਿੰਘ ਕਰਮਸਰ ਦੀ ਅਗਵਾਈ ਹੇਠ ਹੋਏ ਸਮਾਗਮ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਮਾਤਾ ਸਾਹਿਬ ਕੌਰ ਨੂੰ ਖਾਲਸੇ ਦੀ ਮਾਤਾ ਦਾ ਮਾਣ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਨੇ ਬਖਸ਼ਿਆ ਹੈ।
    ਉਹਨਾਂ ਦੱਸਿਆ ਕਿ ਪਿਛਲੇ ਇਕ ਮਹੀਨੇ ਤੋਂ ਇਸ ਸਬੰਧ ਵਿਚ ਤੂੰ ਸਤਵੰਤੀ, ਤੂੰ ਪਰਧਾਨਿ ਪ੍ਰੋਗਰਾਮ ਪਿਛਲੇ ਇਕ ਮਹੀਨੇ ਤੋਂ ਚਲ ਰਿਹਾ ਸੀ ਜਿਸ ਵਿਚ ਦਿੱਲੀ ਦੀਆਂ ਬੀਬੀਆਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ ਤੇ ਮਾਤਾ ਸਾਹਿਬ ਕੌਰ ਜੀ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ।
    ਉਹਨਾਂ ਇਹ ਵੀ ਦੱਸਿਆ ਕਿ ਗੁਰੂ ਸਾਹਿਬ ਵੱਲੋਂ ਮਾਤਾ ਜੀ ਨੂੰ ਦਿੱਤੇ ਸਸ਼ਤਰ ਅੱਜ ਵੀ ਗੁਰਦੁਆਰਾ ਸਾਹਿਬ ਵਿਚ ਪਏ ਹਨ ਤੇ ਮਾਪਿਆਂ ਨੂੰ ਆਪ ਪਹਿਲਕਦਮੀ ਕਰਦਿਆਂ ਆਪਣੇ ਬੱਚਿਆਂ ਨੂੰ ਇਹਨਾਂ ਸਸ਼ਤਰਾਂ ਦੇ ਦਰਸ਼ਨਾਂ ਵਾਸਤੇ ਲੈ ਕੇ ਆਉਣਾ ਚਾਹੀਦਾ ਹੈ।