ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਗੁਰੂ ਰਵਿਦਾਸ ਅਤੇ ਸੰਤ ਕਬੀਰ ‘ਤੇ ਇਤਰਾਜ਼ਯੋਗ ਟਿੱਪਣੀ ਦੇ ਮਾਮਲੇ ‘ਚ ਹਾਈਕੋਰਟ ਤੋਂ ਰਾਹਤ ਮਿਲੀ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਅਤੇ ਸੰਤ ਕਬੀਰ ਜੀ ‘ਤੇ ਇਤਰਾਜ਼ਯੋਗ ਟਿੱਪਣੀ ਕਰਨ ਦੇ ਮਾਮਲੇ ‘ਚ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਖਿਲਾਫ ਦਰਜ FIR ਨੂੰ ਰੱਦ ਕਰਨ ਦੇ ਹੁਕਮ ਦਿੱਤੇ ਹਨ। ਤੱਥਾਂ ਦੀ ਘਾਟ ਕਾਰਨ ਇਸ ਕੇਸ ਨੂੰ ਰੱਦ ਕਰਨ ਦੇ ਹੁਕਮ ਦਿੱਤੇ ਗਏ ਹਨ। ਹੁਣ ਜਲੰਧਰ ਪੁਲਿਸ ਜਲਦੀ ਹੀ ਇਸ ਕੇਸ ਨੂੰ ਰੱਦ ਕਰ ਦੇਵੇਗੀ।

    ਦੱਸ ਦੇਈਏ ਕਿ ਇਹ ਮਾਮਲਾ 17 ਮਾਰਚ ਨੂੰ ਜਲੰਧਰ ਦੇ ਪਤਾਰਾ ਥਾਣੇ ਵਿੱਚ ਦਰਜ ਹੋਇਆ ਸੀ। ਕੇਸ ਵਿੱਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਧਾਰਾ ਜੋੜੀ ਗਈ ਹੈ। ਇਸ ਤੋਂ ਬਾਅਦ ਗੁਰਮੀਤ ਰਾਮ ਰਹੀਮ ਨੇ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਇੱਕ ਸਤਿਸੰਗ ਨੂੰ ਲੈ ਕੇ ਆਪਣੇ ਖਿਲਾਫ ਦਰਜ FIR ਨੂੰ ਰੱਦ ਕਰਨ ਦੀ ਅਪੀਲ ਕੀਤੀ ਸੀ।

    ਕਰੀਬ 7 ਸਾਲ ਪਹਿਲਾਂ ਹੋਏ ਸਤਿਸੰਗ ਦੌਰਾਨ ਰਾਮ ਰਹੀਮ ਨੇ ਸ੍ਰੀ ਗੁਰੂ ਰਵਿਦਾਸ ਮਹਾਰਾਜ ‘ਤੇ ਟਿੱਪਣੀ ਕੀਤੀ ਸੀ। ਜਦੋਂ ਇਸ ਦੀ ਵੀਡੀਓ ਜਲੰਧਰ ਦੇ ਰਵਿਦਾਸ ਸਮਾਜ ਕੋਲ ਪਹੁੰਚੀ ਤਾਂ ਰਵਿਦਾਸ ਟਾਈਗਰ ਫੋਰਸ ਪੰਜਾਬ ਦੇ ਮੁਖੀ ਜੱਸੀ ਤਲਹਣ ਨੇ ਇਸ ਮਾਮਲੇ ਦੀ ਸ਼ਿਕਾਇਤ ਜਲੰਧਰ ਦੇਹਟ ਪੁਲਿਸ ਨੂੰ ਕੀਤੀ। ਇਸ ਜਾਂਚ ਤੋਂ ਬਾਅਦ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਸੀ।

    ਕੇਸ ਦਰਜ ਹੋਣ ਤੋਂ ਕੁਝ ਦਿਨ ਬਾਅਦ ਰਾਮ ਰਹੀਮ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਹਾਈਕੋਰਟ ਨੇ ਸਾਰੀਆਂ ਧਿਰਾਂ ਨੂੰ ਸੁਣਨ ਤੋਂ ਬਾਅਦ ਕਿਹਾ ਕਿ ਇਸ ਮਾਮਲੇ ਵਿੱਚ ਪਟੀਸ਼ਨਕਰਤਾ ਵੱਲੋਂ ਪ੍ਰਚਾਰ ਕਰਦਿਆਂ ਕਿਸੇ ਵਿਅਕਤੀ ਜਾਂ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਇਰਾਦੇ ਜਾਂ ਜਾਣਬੁੱਝ ਕੇ ਕੀਤੀ ਗਈ ਕਾਰਵਾਈ ਦਾ ਕੋਈ ਸਪੱਸ਼ਟ ਸਬੂਤ ਨਹੀਂ ਹੈ।