ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਲਈ ਲਗਾਤਾਰ ਯਤਨਸ਼ੀਲ ਹਨ। ਹਾਲ ਹੀ ਵਿੱਚ ਉਨ੍ਹਾਂ ਨੇ ਪੰਜਾਬ ਪੁਲਿਸ ਦੇ ਸਾਰੇ ਸੀਨੀਅਰ ਅਧਿਕਾਰੀਆਂ, ਪੁਲਿਸ ਕਮਿਸ਼ਨਰਾਂ ਅਤੇ ਜ਼ਿਲ੍ਹਿਆਂ ਦੇ ਐਸਐਸਪੀਜ਼ ਨਾਲ ਮੀਟਿੰਗ ਕੀਤੀ ਅਤੇ ਨਸ਼ਿਆਂ ਨੂੰ ਖਤਮ ਕਰਨ ਲਈ ਹਦਾਇਤਾਂ ਦਿੱਤੀਆਂ। ਇਸੇ ਦੌਰਾਨ ਅੰਮ੍ਰਿਤਸਰ ਤੋਂ ਇੱਕ ਵੀਡੀਓ ਸਾਹਮਣੇ ਆਈ ਹੈ, ਜਿਸ ਵਿੱਚ ਇੱਕ ਲੜਕੀ ਸ਼ਰਾਬ ਦੇ ਨਸ਼ੇ ਵਿੱਚ ਝੂਲਦੀ ਨਜ਼ਰ ਆ ਰਹੀ ਹੈ। ਇਹ ਕੁੜੀ ਨਾਬਾਲਗ ਲੱਗਦੀ ਹੈ।

    ਸੋਸ਼ਲ ਮੀਡੀਆ ‘ਤੇ ਵੀਡੀਓ ਅਪਲੋਡ ਹੋਣ ਦੇ ਤਿੰਨ ਘੰਟੇ ਦੇ ਅੰਦਰ ਹੀ ਪੰਜਾਬ ਪੁਲਿਸ ਨੇ ਨੋਟਿਸ ਲਿਆ ਅਤੇ ਹਰਕਤ ‘ਚ ਆ ਗਈ। ਇਸ ਤੋਂ ਬਾਅਦ ਲੜਕੀ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਲੜਕੀ ਦੇ ਬਰਾਮਦ ਹੋਣ ਅਤੇ ਹਸਪਤਾਲ ਵਿੱਚ ਦਾਖਲ ਹੋਣ ਦੀ ਵੀਡੀਓ ਸਾਂਝੀ ਕਰਦੇ ਹੋਏ ਕਿਹਾ – ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਤੁਰੰਤ ਕਾਰਵਾਈ ਨੇ ਬੱਚੀ ਦੀ ਜਾਨ ਬਚਾ ਲਈ।

    ਦੱਸਿਆ ਜਾ ਰਿਹਾ ਹੈ ਕਿ ਇਸ ਲੜਕੀ ਦੀ ਮਾਨਸਿਕ ਅਤੇ ਸਰੀਰਕ ਹਾਲਤ ਬਹੁਤੀ ਠੀਕ ਨਹੀਂ ਹੈ। ਵਾਇਰਲ ਹੋਈ ਵੀਡੀਓ ‘ਤੇ ਤੁਰੰਤ ਕਾਰਵਾਈ ਕਰਦੇ ਹੋਏ ਉਨ੍ਹਾਂ ਨੂੰ ਤੁਰੰਤ ਹਸਪਤਾਲ ‘ਚ ਭਰਤੀ ਕਰਵਾਇਆ ਗਿਆ, ਜੋ ਸਮਾਜ ਭਲਾਈ ਦੇ ਪ੍ਰਤੀ ਸਮਰਪਣ ਦੀ ਮਿਸਾਲ ਵੀ ਹੈ।

    ਪੰਜਾਬ ਦੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਇਸ ਬੱਚੀ ਦੀ ਵੀਡੀਓ ਆਪਣੇ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਹੈ। ਸਰਵਣ ਸਿੰਘ ਨੇ ਵੀ ਗੱਲਬਾਤ ਕਰਦਿਆਂ ਚਿੰਤਾ ਪ੍ਰਗਟ ਕੀਤੀ। ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਇਹ ਵੀਡੀਓ ਜੰਡਿਆਲਾ ਗੁਰੂ ਦੀ ਹੈ। ਇਸ ਇਲਾਕੇ ਦੇ ਵਿਧਾਇਕ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਹਨ।

    ਦੱਸ ਦੇਈਏ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਵਿੱਚ ਕੁੜੀਆਂ ਵੀ ਹੁਣ ਨਸ਼ੇ ਦਾ ਸ਼ਿਕਾਰ ਹੋ ਰਹੀਆਂ ਹਨ। ਇਸ ਦੀਆਂ ਕਈ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਚੁੱਕੀਆਂ ਹਨ। ਪਰ ਪਿਛਲੇ ਸਾਲ ਸਤੰਬਰ ਵਿੱਚ ਅੰਮ੍ਰਿਤਸਰ ਵਿੱਚ ਹੀ ਇੱਕ ਨਵ-ਵਿਆਹੀ ਕੁੜੀ ਦਾ ਵੀਡੀਓ ਸਾਹਮਣੇ ਆਇਆ ਸੀ। ਇਸ ਤੋਂ ਬਾਅਦ ਵੀ ਕਈ ਕੁੜੀਆਂ ਅਤੇ ਨੌਜਵਾਨਾਂ ਦੇ ਵੀਡੀਓ ਸਾਹਮਣੇ ਆ ਚੁੱਕੇ ਹਨ ਪਰ ਹੁਣ ਇਕ ਨਾਬਾਲਗ ਦੀ ਇਹ ਵੀਡੀਓ ਸਾਹਮਣੇ ਆਈ ਹੈ।