ਸ੍ਰੀ ਮੁਕਤਸਰ ਸਾਹਿਬ, 06 ਫਰਵਰੀ (ਵਿਪਨ ਕੁਮਾਰ ਮਿਤੱਲ) ਸਮਾਜ ਦੇ ਭਲੇ ਅਤੇ ਵਿਕਾਸ ਨੂੰ ਸਮਰਪਿਤ ਪ੍ਰਮੁੱਖ ਗੈਰ ਸਰਕਾਰੀ ਸਮਾਜ ਸੇਵੀ ਸੰਸਥਾ ਮੁਕਤਸਰ ਵਿਕਾਸ ਮਿਸ਼ਨ ਕਰੀਬ ਪਿਛਲੇ ਇਕ ਦਹਾਕੇ ਤੋਂ ਆਪਣੇ ਪ੍ਰਧਾਨ ਪ੍ਰਸਿਧ ਸਮਾਜ ਸੇਵਕ ਜਗਦੀਸ਼ ਰਾਏ ਢੋਸੀਵਾਲ ਦੀ ਅਗਵਾਈ ਹੇਠ ਸਮਾਜ ਸੇਵਾ ਦੇ ਕਾਰਜਾਂ ਨੂੰ ਸਾਰਥਿਕ ਢੰਗ ਨਾਲ ਨੇਪਰੇ ਚਾੜ੍ਹਦੀ ਆ ਰਹੀ ਹੈ। ਖੇਡਾਂ, ਵਿਦਿਆ ਅਤੇ ਸਮਾਜ ਦੇ ਹੋਰ ਵੱਖ ਵੱਖ ਖੇਤਰਾਂ ਵਿਚ ਨਾਮਣਾ ਖੱਟਣ ਵਾਲੇ ਵਿਅਕਤੀਆਂ, ਨੌਜਵਾਨਾਂ ਅਤੇ ਵਿਦਿਆਰਥੀਆਂ ਦੀ ਹੌਂਸਲਾ ਅਫਜਾਈ ਵਰਗਾ ਪਵਿੱਤਰ ਕੰਮ ਵੀ ਮਿਸ਼ਨ ਵੱਲੋਂ ਲਗਾਤਾਰ ਕੀਤਾ ਜਾ ਰਿਹਾ ਹੈ। ਇਥੋਂ ਨੇੜਲੇ ਪਿੰਡ ਭਾਗਸਰ ਦੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੀ ਗਿਆਰਵੀਂ ਜਮਾਤ ਦੀ ਹੋਣਹਾਰ ਵਿਦਿਆਰਥਣ ਸਮਰੀਤ ਕੌਰ ਨੇ ਪਿਛਲੇ ਦਿਨੀਂ ਪੰਜਾਬ ਪੱਧਰ ਦੇ ਕਰਵਾਏ ਗਏ ਡੈਕਲਾਮੇਸ਼ਨ ਮੁਕਾਬਲੇ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ ਸੀ। ਉਕਤ ਮੁਕਾਬਲੇ ਵਿਚ ਪੰਜਾਬ ਭਰ ਦੇ ਸਾਰੇ ਮਾਡਲ ਸਕੂਲਾਂ ਦੇ ਵਿਦਿਆਰਥੀਆਂ ਨੇ ਆਪਣੇ-ਆਪਣੇ ਬਲਾਕ ਅਤੇ ਜਿਲ੍ਹਿਆਂ ਵਿਚ ਪਹਿਲਾ ਸਥਾਨ ਪ੍ਰਾਪਤ ਕਰਨ ਉਪਰੰਤ ਇਸ ਮਾਣਮੱਤੇ ਰਾਜ ਪੱਧਰੀ ਮੁਕਾਬਲੇ, ਵਿਚ ਭਾਗ ਲਿਆ ਸੀ। ਸਮਰੀਤ ਦੀ ਇਸ ਮਾਣਮੱਤੀ ਪ੍ਰਾਪਤੀ ’ਤੇ ਮੁਕਤਸਰ ਵਿਕਾਸ ਮਿਸ਼ਨ ਦੇ ਪ੍ਰਧਾਨ ਢੋਸੀਵਾਲ ਸਮੇਤ ਸਮੁੱਚੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਉਸ ਦੇ ਮਾਪਿਆਂ, ਸਕੂਲ ਪ੍ਰਿੰਸੀਪਲ ਅਤੇ ਮਿਹਨਤੀ ਸਟਾਫ ਨੂੰ ਵਧਾਈ ਦਿਤੀ ਹੈ। ਢੋਸੀਵਾਲ ਨੇ ਕਿਹਾ ਹੈ ਕਿ ਸਮਰੀਤ ਦੀ ਇਸ ਮਾਣਮੱਤੀ ਪ੍ਰਾਪਤੀ ਨਾਲ ਸਮੁੱਚੇ ਇਲਾਕੇ ਦਾ ਮਾਣ ਵਧਿਆ ਹੈ। ਉਹਨਾਂ ਅੱਗੇ ਜਾਣਕਾਰੀ ਦਿਤੀ ਹੈ ਕਿ ਮੁਕਤਸਰ ਵਿਕਾਸ ਮਿਸ਼ਨ ਵੱਲੋਂ ਸਮਰੀਤ ਕੌਰ ਨੂੰ ਆਉਂਦੀ 11 ਫਰਵਰੀ ਐਤਵਾਰ ਨੂੰ ਸਨ੍ਮਾਨਤ ਕੀਤਾ ਜਾਵੇਗਾ। ਇਸ ਸਬੰਧੀ ਮਿਸ਼ਨ ਦੀ ਵਿਸ਼ੇਸ਼ ਮੀਟਿੰਗ ਆਯੋਜਿਤ ਕੀਤੀ ਜਾਵੇਗੀ। ਮੀਟਿੰਗ ਦੌਰਾਨ ਸਮਰੀਤ ਨੂੰ ਸ਼ਾਨਦਾਰ ਮੋਮੈਂਟੋ ਭੇਂਟ ਕਰਕੇ ਸਨਮਾਨਿਤ ਕੀਤਾ ਜਾਵੇਗਾ।