ਪਟਿਆਲਾ ਤੋਂ ਦੁਖਦ ਖਬਰ ਸਾਹਮਣੇ ਆਈ ਹੈ। ਇਥੇ ਨੇੜਲੇ ਪਿੰਡ ਬਰਸਟ ਵਿਖੇ ਅਵਾਰਾ ਕੁੱਤਿਆਂ ਨੇ ਇਕ ਬੱਚੇ ਨੂੰ ਬੁਰੀ ਤਰ੍ਹਾਂ ਵੱਢਿਆ ਗਿਆ ਬੱਚੇ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਦਾਖਲ ਕਰਵਾਇਆ ਗਿਆ। ਜਿਥੇ ਉਸ ਨੇ ਦਮ ਤੋੜ ਦਿਤਾ। ਮ੍ਰਿਤਕ ਬੱਚੇ ਦੀ ਪਛਾਣ ਤਰਨਪ੍ਰੀਤ ਸਿੰਘ ਪੁੱਤਰ ਸੰਦੀਪ ਸਿੰਘ ਵਾਸੀ ਪਿੰਡ ਬਰਸਟ ਜ਼ਿਲ੍ਹਾ ਪਟਿਆਲਾ ਵਜੋਂ ਹੋਈ ਹੈ। ਤਰਨਪ੍ਰੀਤ ਸਿੰਘ ਤਿੰਨ ਭੈਣਾਂ ਦਾ ਇੱਕਲੌਤਾ ਭਰਾ ਸੀ ਤੇ ਉਸ ਦੇ ਪਿਤਾ ਸੰਦੀਪ ਸਿੰਘ ਮਜ਼ਦੂਰੀ ਦਾ ਕੰਮ ਕਰਦਾ ਹੈ।

    ਜਾਣਕਾਰੀ ਅਨੁਸਾਰ, ਬੁੱਧਵਾਰ ਸ਼ਾਮ 4 ਕੁ ਵਜੇ ਦੇ ਕਰੀਬ ਤਰਨਪ੍ਰੀਤ ਸਿੰਘ ਅਤੇ ਇੱਕ ਹੋਰ ਛੋਟਾ ਬੱਚਾ ਪਿੰਡ ਦੇ ਨਾਲ ਲੱਗਦੇ ਖੇਤਾਂ ਵਿਚ ਟੁੱਟਿਆ ਪਤੰਗ ਚੁੱਕਣ ਗਏ ਸਨ ਜਿਨ੍ਹਾਂ ਨੂੰ ਅਵਾਰਾ ਕੁੱਤਿਆਂ ਦੇ ਝੁੰਡ ਨੇ ਘੇਰ ਲਿਆ।

    ਇਨ੍ਹਾਂ ਵਿਚੋਂ ਇੱਕ ਬੱਚਾ ਤਾਂ ਬਚ ਕੇ ਭੱਜ ਗਿਆ ਪ੍ਰੰਤੂ ਤਰਨਪ੍ਰੀਤ ਸਿੰਘ ਨੂੰ ਅਵਾਰਾ ਕੁੱਤਿਆਂ ਨੇ ਬੁਰੀ ਤਰ੍ਹਾਂ ਨਾਲ ਨੋਚ ਲਿਆ ਗਿਆ। ਇਸ ਘਟਨਾ ਨੂੰ ਦੇਖ ਕੇ ਨਾਲ ਦੇ ਖੇਤ ‘ਚ ਜਾ ਰਹੇ ਇੱਕ ਵਿਅਕਤੀ ਵੱਲੋਂ ਬੜੀ ਮੁਸ਼ੱਕਤ ਨਾਲ ਕੁੱਤਿਆਂ ਦੇ ਝੁੰਡ ਨੂੰ ਭਜਾਇਆ ਅਤੇ ਬੱਚੇ ਨੂੰ ਚੁੱਕ ਕੇ ਘਰ ਲਿਆਂਦਾ।

    ਬੱਚੇ ਦੇ ਪਰਿਵਾਰ ਵੱਲੋਂ ਸਰਕਾਰੀ ਰਾਜਿੰਦਰਾਂ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ। ਹਸਪਤਾਲ ਦੇ ਡਾਕਟਰਾਂ ਵੱਲੋਂ ਬੱਚੇ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ ਅਤੇ ਪਰਿਵਾਰ ਵਾਲੇ ਬਿਨਾਂ ਕੋਈ ਕਾਰਵਾਈ ਕਰਵਾਏ ਬੱਚੇ ਦੀ ਲਾਸ਼ ਨੂੰ ਵਾਪਸ ਘਰ ਲੈ ਗਏ।