ਹਰਿਆਣਾ ਦੀਆਂ 10 ਲੋਕ ਸਭਾ ਸੀਟਾਂ ਅਤੇ ਇਕ ਜ਼ਿਮਨੀ ਚੋਣ ਲਈ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਤੋਂ ਸ਼ੁਰੂ ਹੋਵੇਗੀ, ਜਿਸ ਤੋਂ ਬਾਅਦ ਦੁਪਹਿਰ 2 ਵਜੇ ਤੱਕ ਜਿੱਤ-ਹਾਰ ਦੀ ਸਥਿਤੀ ਸਪੱਸ਼ਟ ਹੋ ਜਾਵੇਗੀ। ਵਿਧਾਨ ਸਭਾ ਦੀਆਂ ਵੋਟਾਂ ਦੀ ਗਿਣਤੀ ਲਈ ਹਰੇਕ ਸੀਟ ‘ਤੇ 9 ਗਿਣਤੀ ਕੇਂਦਰ ਬਣਾਏ ਗਏ ਹਨ। ਜਿਸ ਵਿੱਚ 10 ਹਜ਼ਾਰ ਤੋਂ ਵੱਧ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਗੜਬੜੀ ਨੂੰ ਰੋਕਣ ਲਈ 20 ਹਜ਼ਾਰ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਗਏ ਹਨ।

    ਹਰੇਕ ਕਾਊਂਟਿੰਗ ਸੈਂਟਰ ਵਿੱਚ 3 ਵੱਖਰੇ ਪ੍ਰਵੇਸ਼ ਦੁਆਰ ਬਣਾਏ ਗਏ ਹਨ। ਕਾਊਂਟਿੰਗ ਸਟਾਫ਼, ਕਾਊਂਟਿੰਗ ਏਜੰਟਾਂ ਅਤੇ ਈਵੀਐਮ ਮਸ਼ੀਨਾਂ ਲਈ ਵੱਖਰੇ ਪ੍ਰਵੇਸ਼ ਦੁਆਰ ਬਣਾਏ ਗਏ ਹਨ। ਤਿੰਨੋਂ ਪ੍ਰਵੇਸ਼ ਦੁਆਰ ਸੀਸੀਟੀਵੀ ਨਿਗਰਾਨੀ ਹੇਠ ਹੋਣਗੇ। ਗਿਣਤੀ ਕੇਂਦਰਾਂ ‘ਤੇ ਫਾਇਰ ਬ੍ਰਿਗੇਡ ਅਤੇ ਐਂਬੂਲੈਂਸਾਂ ਨੂੰ ਵੀ ਤਾਇਨਾਤ ਕੀਤਾ ਗਿਆ ਹੈ। ਇਸ ਦੌਰਾਨ ਅਮਨ-ਕਾਨੂੰਨ ਨੂੰ ਭੰਗ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ। ਵੋਟਾਂ ਦੀ ਗਿਣਤੀ ਦੀ ਨਿਗਰਾਨੀ ਲਈ ਹਰਿਆਣਾ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ।ਕੇਂਦਰਾਂ ਦੇ ਆਲੇ-ਦੁਆਲੇ ਟ੍ਰੈਫਿਕ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਟ੍ਰੈਫਿਕ ਡਾਇਵਰਸ਼ਨ ਯੋਜਨਾ ਤਿਆਰ ਕੀਤੀ ਗਈ ਹੈ। ਗਿਣਤੀ ਕੇਂਦਰ ਦੇ ਮੁੱਖ ਗੇਟ ਤੋਂ ਲੈ ਕੇ ਪੂਰੇ ਕਾਊਂਟਿੰਗ ਕੇਂਦਰ ਦੇ ਅਹਾਤੇ ਵਿੱਚ ਸੀਸੀਟੀਵੀ ਕੈਮਰੇ ਲਗਾਏ ਗਏ ਹਨ।