ਮੋਗਾ ਦੇ ਪਿੰਡ ਔਗੜ ਨੇੜੇ ਇੱਕ ਅਣਪਛਾਤੇ ਵਾਹਨ ਨੇ ਬਾਈਕ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਬਾਈਕ ਸਵਾਰ 4 ਸਾਲਾ ਬੱਚੀ ਦੀ ਮੌਤ ਹੋ ਗਈ ਅਤੇ ਬੱਚੀ ਦਾ ਪਿਤਾ ਗੰਭੀਰ ਜ਼ਖ਼ਮੀ ਹੋ ਗਿਆ। ਜ਼ਖ਼ਮੀ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਪੁਲਿਸ ਨੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਨਛੱਤਰ ਸਿੰਘ ਨੇ ਦੱਸਿਆ ਕਿ ਕੁਲਜੀਤ ਕੌਰ ਪਤਨੀ ਗੁਰਪ੍ਰੀਤ ਸਿੰਘ ਵਾਸੀ ਪਿੰਡ ਲੁਹਾਰਾ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸ ਦਾ ਪਤੀ ਗੁਰਪ੍ਰੀਤ ਸਿੰਘ ਅਤੇ ਉਸ ਦੀ 4 ਸਾਲਾ ਬੇਟੀ ਸੁਖਦੀਪ ਕੌਰ ਮੋਟਰਸਾਈਕਲ ‘ਤੇ ਕੜਿਆਲ ਤੋਂ ਪਿੰਡ ਲੁਹਾਰਾ ਨੂੰ ਆ ਰਹੇ ਸਨ। ਜਦੋਂ ਉਹ ਪਿੰਡ ਔਗੜ ਨੇੜੇ ਪਹੁੰਚਿਆ ਤਾਂ ਪਿੱਛੇ ਤੋਂ ਕਿਸੇ ਅਣਪਛਾਤੇ ਤੇਜ਼ ਰਫ਼ਤਾਰ ਵਾਹਨ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ।
ਜਿਸ ਕਾਰਨ ਪਿਓ-ਧੀ ਸੜਕ ‘ਤੇ ਡਿੱਗ ਪਏ। ਧੀ ਸੁਖਦੀਪ ਕੌਰ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਗੁਰਪ੍ਰੀਤ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਮੋਗਾ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿੱਥੋਂ ਡਾਕਟਰਾਂ ਨੇ ਉਸ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਗੁਰਪ੍ਰੀਤ ਨੂੰ ਫਰੀਦਕੋਟ ਰੈਫਰ ਕਰ ਦਿੱਤਾ। ਪੁਲਿਸ ਨੇ ਕੁਲਜੀਤ ਕੌਰ ਦੇ ਬਿਆਨਾਂ ਦੇ ਆਧਾਰ ‘ਤੇ ਅਣਪਛਾਤੇ ਵਾਹਨ ਚਾਲਕ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।