ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਬਾਅਦ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੇ 9 ਕਰੋੜ ਤੋਂ ਵੱਧ ਕਿਸਾਨਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਦੀ 17ਵੀਂ ਕਿਸ਼ਤ ਵਜੋਂ 20 ਹਜ਼ਾਰ ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਕਿਸਾਨ ਲੰਬੇ ਸਮੇਂ ਤੋਂ ਇਸ ਕਿਸ਼ਤ ਦੀ ਉਡੀਕ ਕਰ ਰਹੇ ਸਨ। ਫਾਈਲ ‘ਤੇ ਦਸਤਖਤ ਕਰਨ ਤੋਂ ਬਾਅਦ ਪੀਐਮ ਮੋਦੀ ਨੇ ਕਿਹਾ ਕਿ ਸਾਡੀ ਸਰਕਾਰ ਕਿਸਾਨਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ।ਉਨ੍ਹਾਂ ਨੇ ਚਾਰਜ ਸੰਭਾਲਦੇ ਹੀ ਪਹਿਲੀ ਫਾਈਲ ‘ਤੇ ਦਸਤਖਤ ਕੀਤੇ। ਨਰਿੰਦਰ ਮੋਦੀ ਨੇ ਕਿਹਾ ਕਿ ਅਸੀਂ ਆਉਣ ਵਾਲੇ ਸਮੇਂ ਵਿੱਚ ਕਿਸਾਨਾਂ ਅਤੇ ਖੇਤੀ ਸੈਕਟਰ ਲਈ ਹੋਰ ਵੀ ਕੰਮ ਕਰਦੇ ਰਹਿਣਾ ਚਾਹੁੰਦੇ ਹਾਂ।
2019 ਵਿੱਚ ਸ਼ੁਰੂ ਕੀਤੀ ਗਈ, ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ (PM-KISAN) ਯੋਜਨਾ ਯੋਗ ਕਿਸਾਨਾਂ ਨੂੰ ਸਾਲਾਨਾ 6,000 ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕਰਦੀ ਹੈ। ਇਹ ਰਕਮ ਹਰ ਚਾਰ ਮਹੀਨਿਆਂ ਵਿੱਚ 2,000 ਰੁਪਏ ਦੀਆਂ ਤਿੰਨ ਬਰਾਬਰ ਕਿਸ਼ਤਾਂ ਵਿੱਚ ਵੰਡੀ ਜਾਂਦੀ ਹੈ, ਜੋ ਸਿੱਧੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿਚ ਜਮ੍ਹਾਂ ਹੁੰਦੀ ਹੈ। ਅੰਤਰਿਮ ਬਜਟ ਦੇ ਅਨੁਸਾਰ, ਸਰਕਾਰ ਨੇ 2024-25 ਲਈ ਖੇਤੀਬਾੜੀ ਮੰਤਰਾਲੇ ਲਈ 1.27 ਲੱਖ ਕਰੋੜ ਰੁਪਏ ਦਾ ਬਜਟ ਅਲਾਟ ਕੀਤਾ ਹੈ, ਜੋ ਵਿੱਤੀ ਸਾਲ 2023-24 ਦੇ ਮੁਕਾਬਲੇ ਥੋੜ੍ਹਾ ਜ਼ਿਆਦਾ ਹੈ। ਪੂਰਾ ਬਜਟ ਜੁਲਾਈ 2024 ਵਿੱਚ ਐਲਾਨੇ ਜਾਣ ਦੀ ਸੰਭਾਵਨਾ ਹੈ।
ਪ੍ਰਧਾਨ ਮੰਤਰੀ-ਕਿਸਾਨ ਯੋਜਨਾ: ਇਹ ਯੋਜਨਾ ਦੇਸ਼ ਦੇ ਸਾਰੇ ਜ਼ਿਮੀਂਦਾਰ ਕਿਸਾਨਾਂ ਦੇ ਪਰਿਵਾਰਾਂ ਨੂੰ ਖੇਤੀਬਾੜੀ ਅਤੇ ਸਬੰਧਤ ਕੰਮ ਦੇ ਨਾਲ-ਨਾਲ ਉਨ੍ਹਾਂ ਦੀਆਂ ਘਰੇਲੂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਸ਼ੁਰੂ ਕੀਤੀ ਗਈ ਸੀ। ਇਹ ਸਕੀਮ ਫਰਵਰੀ 2019 ਵਿਚ ਸ਼ੁਰੂ ਕੀਤੀ ਗਈ ਸੀ, ਪਰ ਇਸ ਨੂੰ ਦਸੰਬਰ 2018 ਤੋਂ ਲਾਗੂ ਕਰ ਦਿੱਤਾ ਗਿਆ ਸੀ।