ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਦੱਸਿਆ ਕਿ ਜਲੰਧਰ ਪੱਛਮੀ ਹਲਕੇ ਦੀ ਉਪ ਚੋਣ ਲਈ ਵੋਟਰਾਂ ਵੱਲੋਂ ਆਪਣੀ ਵੋਟ ਪਾਉਣ ਵੇਲੇ ਖੱਬੇ ਹੱਥ ਦੀ ਪਹਿਲੀ ਉਂਗਲ ਦੀ ਬਜਾਏ ਵਿਚਕਾਰਲੀ ਉਂਗਲ ‘ਤੇ ਸਿਆਹੀ ਲਗਾਈ ਜਾਵੇਗੀ।ਇਹ ਤਬਦੀਲੀ ਹਾਲ ਹੀ ਵਿੱਚ ਹੋਈਆਂ ਲੋਕ ਸਭਾ ਚੋਣਾਂ ਕਰਕੇ ਵੋਟਰਾਂ ਵਿੱਚ ਦੁਚਿੱਤੀ ਪੈਦਾ ਹੋਣ ਦੇ ਖ਼ਦਸ਼ੇ ਦੀ ਸੰਭਾਵਨਾ ਦੇ ਮੱਦੇਨਜਰ ਕੀਤੀ ਗਈ ਹੈ, ਜਿਸ ਵਿੱਚ ਹੱਥ ਦੀ ਪਹਿਲੀ ਉਂਗਲ ’ਤੇ ਪਹਿਲਾਂ ਹੀ ਸਿਆਹੀ ਦਾ ਨਿਸ਼ਾਨ ਲਗਾਇਆ ਗਿਆ ਸੀ।ਡਾ. ਅਗਰਵਾਲ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਨੇ ਇਸ ਉਲਝਣ ਨੂੰ ਦੂਰ ਕਰਨ ਲਈ ਨਵੇਂ ਨਿਰਦੇਸ਼ ਜਾਰੀ ਕੀਤੇ ਹਨ। ਭਾਰਤ ਚੋਣ ਕਮਿਸ਼ਨ ਨੇ ਸਪੱਸ਼ਟ ਕੀਤਾ ਹੈ ਕਿ ਉਪ ਚੋਣ ਦੌਰਾਨ ਵੋਟ ਪਾਉਣ ਵੇਲੇ ਖੱਬੇ ਹੱਥ ਦੀ ਵਿਚਕਾਰਲੀ ਉਂਗਲ ‘ਤੇ ਸਿਆਹੀ ਲਗਾਈ ਜਾਵੇਗੀ।ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਵੋਟਿੰਗ ਪ੍ਰਕਿਰਿਆ ਨੂੰ ਨਿਰਵਿਘਨ ਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਅਤੇ ਅਤੇ ਵੋਟਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਤੋਂ ਬਚਾਉਣ ਲਈ ਸਮੂਹ ਪੋਲਿੰਗ ਸਟਾਫ਼ ਨੂੰ ਇਨ੍ਹਾਂ ਨਵੀਆਂ ਹਦਾਇਤਾਂ ਦੀ ਪਾਲਣਾ ਕਰਨ ਲਈ ਪਹਿਲਾਂ ਹੀ ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ। ਡਾ. ਅਗਰਵਾਲ ਨੇ ਕਿਹਾ, ‘ਅਸੀਂ ਹਰ ਕਿਸੇ ਲਈ ਵੋਟਿੰਗ ਅਨੁਭਵ ਨੂੰ ਸੁਖਾਵਾਂ ਬਣਾਉਣ ਲਈ ਵਚਨਬੱਧ ਹਾਂ।