ਜਲੰਧਰ, 10 ਜੁਲਾਈ

    ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਵਿੱਚ ਵੋਟਾਂ ਪੈਣੀਆਂ ਸ਼ੁਰੂ ਹੋ ਗਈਆਂ ਹਨ। ਇਹ ਚੋਣਾਂ ਜਿੱਤਣਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਲਈ ਵੱਕਾਰ ਦਾ ਸਵਾਲ ਬਣ ਗਿਆ ਹੈ। ਵੋਟਾਂ ਸ਼ਾਮ 6 ਵਜੇ ਤੱਕ ਪੈਣਗੀਆਂ। ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਕੁੱਲ 15 ਉਮੀਦਵਾਰ ਮੈਦਾਨ ਵਿੱਚ ਹਨ। ਇਹ ਜ਼ਿਮਨੀ ਚੋਣ ਇਸ ਹਲਕੇ ਤੋਂ ‘ਆਪ’ ਦੇ ਵਿਧਾਇਕ ਸ਼ੀਤਲ ਅੰਗੁਰਾਲ ਵੱਲੋਂ ਅਸਤੀਫ਼ਾ ਦੇਣ ਕਾਰਨ ਹੋ ਰਹੀ ਹੈ। ਸ਼ੀਤਲ ਅੰਗੁਰਾਲ ‘ਆਪ’ ਛੱਡ ਕੇ ਭਾਜਪਾ ’ਚ ਸ਼ਾਮਲ ਹੋ ਗਏ ਸਨ ਅਤੇ ਹੁਣ ਇਸ ਹਲਕੇ ਤੋਂ ਭਾਜਪਾ ਉਮੀਦਵਾਰ ਹਨ। ਜਲੰਧਰ ਪੱਛਮੀ ਵਿਧਾਨ ਸਭਾ ਹਲਕਾ (ਰਾਖਵਾਂ) ਮੁਕੰਮਲ ਤੌਰ ’ਤੇ ਸ਼ਹਿਰੀ ਹਲਕਾ ਹੈ। ਹਲਕੇ ਦੇ ਕੁੱਲ 1,71,963 ਵੋਟਰ ਇਨ੍ਹਾਂ 15 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ। ਇਨ੍ਹਾਂ ਕੁੱਲ ਵੋਟਰਾਂ ਵਿੱਚ 89,629 ਪੁਰਸ਼, 82,326 ਮਹਿਲਾ ਅਤੇ 8 ਥਰਡ ਜੈਂਡਰ ਵੋਟਰ ਸ਼ਾਮਲ ਹਨ।