ਜਲੰਧਰ(ਇਸ਼ਾਂਤ ਮਲਹੋਤਰਾ):- ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 537ਵੇਂ ਵਿਆਹ ਪੁਰਬ ਦੇ ਸਬੰਧ ਵਿੱਚ ਗੁਰਦੁਆਰਾ ਹਰਿ ਕੀਰਤਿ ਸਾਧ ਸੰਗਤ ਹਰਿਗੋਬਿੰਦਪੁਰਾ ( ਨਜ਼ਦੀਕ ਡਾਕਖਾਨਾ) ਬਸਤੀ ਸ਼ੇਖ ਤੋਂ ਅਲੌਕਿਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।ਸੁੰਦਰ ਪਾਲਕੀ ਵਿੱਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਗੁਰਦੁਆਰਾ ਹਰਿ ਕੀਰਤਿ ਤੋਂ ਸ਼ੁਰੂ ਹੋ ਕੇ ਵੱਖ-ਵੱਖ ਥਾਵਾਂ ’ਤੇ ਪੁੱਜਿਆ। ਗਤਕਾ ਪਾਰਟੀਆਂ ਨਗਰ ਕੀਰਤਨ ਦੇ ਰੂਪ ਵਿੱਚ ਜਲੂਸ ਵਿੱਚ ਆਪਣੇ ਜੌਹਰ ਦਿਖਾਏ।

    ਨਗਰ ਕੀਰਤਨ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੰਗਤਾਂ ਵੱਲੋਂ ਅਥਾਹ ਸ਼ਰਧਾ ਨਾਲ ਸਵਾਗਤ ਕੀਤਾ ਗਿਆ ਅਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਦੇ ਕੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਪਾਲਕੀ ਸਾਹਿਬ ਨੂੰ ਸੁੰਦਰ ਫੁੱਲਾਂ ਨਾਲ ਸਜਾਇਆ ਗਿਆ ਸੀ। ਵੱਖ-ਵੱਖ ਥਾਵਾਂ ‘ਤੇ ਲੰਗਰ ਅਤੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਗਈਆਂ। ਇਸ ਮੌਕੇ ਬਾਬੇ ਨਾਨਕ ਦੇ ਵਿਆਹ ਪੁਰਬ ‘ਤੇ ਹੋਣ ਵਾਲੇ ਵੱਖ-ਵੱਖ ਸਮਾਗਮਾਂ ਦੇ ਮੱਦੇਨਜ਼ਰ ਗੁਰਦੁਆਰਾ ਹਰਿ ਕੀਰਤਿ ਜੀ ਦੇ ਦਰਬਾਰ ਸਾਹਿਬ ਨੂੰ ਵੱਖ-ਵੱਖ ਤਰ੍ਹਾਂ ਦੇ ਫੁੱਲਾਂ ਨਾਲ ਸਜਾਇਆ ਗਿਆ ਹੈ | ਬੈਂਡ ਦੀਆਂ ਧੁਨਾਂ ਮਾਹੌਲ ਨੂੰ ਮਨਮੋਹਕ ਕਰ ਰਹੀਆਂ ਸਨ। ਨਗਰ ਕੀਰਤਨ ਦੇ ਸਵਾਗਤ ਲਈ ਵੱਖ-ਵੱਖ ਥਾਵਾਂ ‘ਤੇ ਸਵਾਗਤੀ ਗੇਟ ਵੀ ਲਗਾਏ ਗਏ।