ਜਲੰਧਰ (ਵਿੱਕੀ ਸੂਰੀ):- ਜਲੰਧਰ ਦੇ ਆਦਮਪੁਰ ਰੇਲਵੇ ਸਟੇਸ਼ਨ ‘ਤੇ ਸੋਮਵਾਰ ਰਾਤ ਦੋ ਪੁਲਿਸ ਮੁਲਾਜ਼ਮਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਜੀਵਨ ਲਾਲ ਅਤੇ ਪ੍ਰੀਤਮ ਦਾਸ ਵਾਸੀ ਹੁਸ਼ਿਆਰਪੁਰ ਵਜੋਂ ਹੋਈ ਹੈ। ਹਾਦਸੇ ਦੀ ਸੂਚਨਾ ਮਿਲਦੇ ਹੀ ਜੀਆਰਪੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਦੋਵਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿੱਚ ਰਖਵਾਇਆ ਹੈ।

    ਜੀਆਰਪੀ ਦੇ ਐਸਐਚਓ ਪਲਵਿੰਦਰ ਸਿੰਘ ਨੇ ਦੱਸਿਆ ਕਿ ਸੋਮਵਾਰ ਰਾਤ ਕਰੀਬ 8:30 ਵਜੇ ਸਟੇਸ਼ਨ ਮਾਸਟਰ ਨੇ ਉਨ੍ਹਾਂ ਨੂੰ ਫੋਨ ਕਰ ਕੇ ਸੂਚਨਾ ਦਿੱਤੀ ਕਿ ਪਲੇਟਫਾਰਮ ਨੇੜੇ ਦੋ ਪੁਲਿਸ ਮੁਲਾਜ਼ਮ ਸ਼ੱਕੀ ਹਾਲਤ ਵਿੱਚ ਪਏ ਹਨ। ਇਸ ਤੋਂ ਬਾਅਦ ਜਦੋਂ ਉਨ੍ਹਾਂ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਕੀਤੀ ਤਾਂ ਪਤਾ ਲੱਗਾ ਕਿ ਜੀਵਨ ਲਾਲ ਅਤੇ ਪ੍ਰੀਤਮ ਦਾਸ ਦੀ ਮੌਤ ਹੋ ਚੁੱਕੀ ਹੈ। ਪੁਲਿਸ ਨੇ ਫੋਰੈਂਸਿਕ ਟੀਮ ਨੂੰ ਮੌਕੇ ‘ਤੇ ਬੁਲਾਇਆ ਹੈ। ਐਸਐਚਓ ਨੇ ਦੱਸਿਆ ਕਿ ਦੋਵਾਂ ਲਾਸ਼ਾਂ ‘ਤੇ ਕੋਈ ਜ਼ਖ਼ਮ ਜਾਂ ਹੋਰ ਕੋਈ ਨਿਸ਼ਾਨ ਨਹੀਂ ਹੈ। ਇਸ ਸਬੰਧੀ ਉਨ੍ਹਾਂ ਦੋਵਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ।ਪੁਲਿਸ ਦੀ ਫੋਰੈਂਸਿਕ ਟੀਮ ਵੱਲੋਂ ਮੌਕੇ ‘ਤੇ ਕ੍ਰਾਈਮ ਸੀਨ ਦੀ ਨਿਸ਼ਾਨਦੇਹੀ ਕੀਤੀ ਗਈ ਹੈ। ਪੁਲਿਸ ਵੱਲੋਂ ਘਟਨਾ ਸਥਾਨ ਦੀ ਫੋਟੋਗ੍ਰਾਫੀ ਅਤੇ ਵੀਡੀਓਗ੍ਰਾਫੀ ਵੀ ਕੀਤੀ ਗਈ ਹੈ। ਐੱਸਐੱਚਓ ਨੇ ਦੱਸਿਆ ਕਿ ਦੋਵਾਂ ਦੀ ਮੌਤ ਦਾ ਕਾਰਨ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਹੀ ਸਪੱਸ਼ਟ ਹੋ ਸਕੇਗਾ।

    ਐਸਐਚਓ ਨੇ ਦੱਸਿਆ ਕਿ ਦੋਵੇਂ ਮੁਲਾਜ਼ਮ ਹੁਸ਼ਿਆਰਪੁਰ ਦੇ ਵਸਨੀਕ ਹਨ। ਉਹ ਹੁਸ਼ਿਆਰਪੁਰ ਦੀ ਪੁਲਿਸ ਲਾਈਨ ਵਿੱਚ ਤਾਇਨਾਤ ਸੀ। ਜੀਆਰਪੀ ਦੇ ਨਾਲ ਉਸ ਦੀ ਡਿਊਟੀ ਮੁਲਾਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਉਨ੍ਹਾਂ ਦਾ ਮੈਡੀਕਲ ਕਰਵਾਉਣਾ ਸੀ।

    ਦੱਸ ਦਈਏ ਕਿ ਸ਼ਨੀਵਾਰ ਨੂੰ ਜੀਆਰਪੀ ਪੁਲਸ ਟੀਮ ਕਪੂਰਥਲਾ ਦੇ ਰਹਿਣ ਵਾਲੇ ਸੁਖਬੀਰ ਸਿੰਘ ਉਰਫ ਸੁੱਖਾ ਨੂੰ ਚੋਰੀ ਦੇ ਦੋਸ਼ ‘ਚ ਇਲਾਜ ਲਈ ਜਲੰਧਰ ਦੇ ਸਿਵਲ ਹਸਪਤਾਲ ਲੈ ਕੇ ਆਈ ਸੀ। ਜਿੱਥੇ ਉਕਤ ਮੁਲਜ਼ਮਾਂ ਨੇ ਦੋਵਾਂ ਪੁਲਿਸ ਮੁਲਾਜ਼ਮਾਂ ਨੂੰ ਧੱਕਾ ਮਾਰ ਦਿੱਤਾ ਅਤੇ ਭੀੜ ਦਾ ਫਾਇਦਾ ਉਠਾ ਕੇ ਮੌਕੇ ਤੋਂ ਫ਼ਰਾਰ ਹੋ ਗਏ | ਪਰ 2 ਘੰਟੇ ਦੇ ਅੰਦਰ ਹੀ ਜੀਆਰਪੀ ਪੁਲਿਸ ਨੇ ਦੋਸ਼ੀ ਨੂੰ ਕਾਬੂ ਕਰਕੇ ਥਾਣਾ 4 ਦੇ ਹਵਾਲੇ ਕਰ ਦਿੱਤਾ। ਥਾਣਾ 4 ਦੀ ਪੁਲਿਸ ਨੇ ਦੋਸ਼ੀ ਸੁੱਖਾ ਖ਼ਿਲਾਫ਼ ਬੀ.ਐੱਸ.ਐਕਟ ਦੀ ਧਾਰਾ 262 ਤਹਿਤ ਮਾਮਲਾ ਦਰਜ ਕਰ ਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ।