ਮੋਗਾ : ਮੋਗਾ ਪੁਲਿਸ ਨੇ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਜ਼ਬਤ ਕਰਨ ਲਈ ਸਰਕਾਰ ਦੀਆਂ ਹਦਾਇਤਾਂ ‘ਤੇ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਦੇ ਤਹਿਤ ਦੋ ਭਰਾਵਾਂ ਦੀ ਜਾਇਦਾਦ ਜ਼ਬਤ ਕੀਤੀ ਹੈ।

    ਇਸ ਸਬੰਧੀ ਜ਼ਿਲ੍ਹਾ ਪੁਲਿਸ ਮੁਖੀ ਅਜੇ ਗਾਂਧੀ ਨੇ ਦੱਸਿਆ ਕਿ ਧਰਮਕੋਟ ਦੇ ਡੀ.ਐਸ.ਪੀ. ਅੱਜ ਰਮਨਦੀਪ ਸਿੰਘ ਅਤੇ ਫਤਿਹਗੜ੍ਹ ਪੰਜਤੂਰ ਥਾਣਾ ਇੰਚਾਰਜ ਸੁਨੀਤਾ ਰਾਣੀ ਨੇ ਦੋ ਕਥਿਤ ਨਸ਼ਾ ਤਸਕਰਾਂ ਸੋਨਾ ਸਿੰਘ ਅਤੇ ਬਲਦੇਵ ਸਿੰਘ ਦੋਵੇਂ ਵਾਸੀ ਪਿੰਡ ਮਦਾਰਪੁਰ ਦੇ ਘਰ ਦੇ ਬਾਹਰ ਪੋਸਟਰ ਚਿਪਕਾਏ, ਜਿਨ੍ਹਾਂ ਦੀ ਜਾਇਦਾਦ ਕੁਰਕ ਕੀਤੀ ਗਈ। ਉਨ੍ਹਾਂ ਦੀ ਜਾਇਦਾਦ ਜਿਸ ਦੀ ਕੀਮਤ ਕਰੀਬ 73 ਲੱਖ 55 ਹਜ਼ਾਰ 600 ਰੁਪਏ ਬਣਦੀ ਹੈ।

    ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਸੋਨਾ ਸਿੰਘ ਅਤੇ ਉਸ ਦੇ ਭਰਾ ਬਲਦੇਵ ਸਿੰਘ ਖਿਲਾਫ ਥਾਣਾ ਸਦਰ ਮੋਗਾ ਵੱਲੋਂ 12 ਸਤੰਬਰ 2021 ਨੂੰ 2 ਕਿਲੋ 20 ਗ੍ਰਾਮ ਹੈਰੋਇਨ ਬਰਾਮਦ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਸੀ।

    ਉਕਤ ਮਾਮਲੇ ਵਿੱਚ ਪੁਲਿਸ ਵੱਲੋਂ ਉੱਚ ਅਧਿਕਾਰੀਆਂ ਨੂੰ ਪੱਤਰ ਵੀ ਭੇਜਿਆ ਗਿਆ ਸੀ। ਜਿਸ ਤੋਂ ਬਾਅਦ ਭਾਰਤ ਸਰਕਾਰ ਦੇ ਵਿੱਤ ਮੰਤਰਾਲੇ ਤੋਂ ਮਨਜ਼ੂਰੀ ਲੈ ਕੇ ਉਕਤ ਜਾਇਦਾਦ ਕੁਰਕ ਕੀਤੀ ਗਈ ਸੀ।

    ਇਸ ਮੌਕੇ ਡੀ.ਐਸ.ਪੀ. ਰਮਨਦੀਪ ਸਿੰਘ ਨੇ ਦੱਸਿਆ ਕਿ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕਰਨ ਦਾ ਮਕਸਦ ਹੈ ਕਿ ਕੋਈ ਵੀ ਵਿਅਕਤੀ ਨਸ਼ੇ ਦੀ ਤਸਕਰੀ ਨਾ ਕਰੇ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕਿਸੇ ਨਸ਼ਾ ਤਸਕਰ ਨੇ ਨਸ਼ਿਆਂ ਦੀ ਤਸਕਰੀ ਕਰਕੇ ਜਾਇਦਾਦ ਬਣਾਈ ਹੈ ਤਾਂ ਉਸ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ।