ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਕੈਨੇਡਾ ਦੇ ਬਰੈਂਪਟਨ ‘ਚ ਇੱਕ ਹਿੰਦੂ ਮੰਦਰ ‘ਤੇ ਹੋਏ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ। ਇਸ ਦੇ ਨਾਲ ਹੀ ਜਸਟਿਨ ਟਰੂਡੋ ਨੂੰ ਸਖ਼ਤ ਹਦਾਇਤਾਂ ਦਿੰਦੇ ਹੋਏ ਕੈਨੇਡਾ ਸਰਕਾਰ ਨੂੰ ਇਸ ਮਾਮਲੇ ਵਿੱਚ ਨਿਆਂ ਯਕੀਨੀ ਬਣਾਉਣ ਅਤੇ ਕਾਨੂੰਨ ਦਾ ਰਾਜ ਕਾਇਮ ਰੱਖਣ ਲਈ ਕਿਹਾ ਹੈ।ਪੀਐਮ ਮੋਦੀ ਨੇ ਇੱਕ ਐਕਸ ਪੋਸਟ ਵਿੱਚ ਕਿਹਾ, ‘ਮੈਂ ਕੈਨੇਡਾ ਵਿੱਚ ਇੱਕ ਹਿੰਦੂ ਮੰਦਰ ‘ਤੇ ਜਾਣਬੁੱਝ ਕੇ ਕੀਤੇ ਗਏ ਹਮਲੇ ਦੀ ਸਖ਼ਤ ਨਿੰਦਾ ਕਰਦਾ ਹਾਂ। ਸਾਡੇ ਡਿਪਲੋਮੈਟਾਂ ਨੂੰ ਡਰਾਉਣ ਦੀ ਕਾਇਰਤਾ ਭਰੀ ਕੋਸ਼ਿਸ਼ ਵੀ ਓਨੀ ਹੀ ਭਿਆਨਕ ਹੈ। ਹਿੰਸਾ ਦੀਆਂ ਅਜਿਹੀਆਂ ਕਾਰਵਾਈਆਂ ਭਾਰਤ ਦੇ ਸੰਕਲਪ ਨੂੰ ਕਦੇ ਵੀ ਕਮਜ਼ੋਰ ਨਹੀਂ ਕਰ ਸਕਦੀਆਂ। ਅਸੀਂ ਉਮੀਦ ਕਰਦੇ ਹਾਂ ਕਿ ਕੈਨੇਡਾ ਸਰਕਾਰ ਨਿਆਂ ਯਕੀਨੀ ਬਣਾਏਗੀ ਅਤੇ ਕਾਨੂੰਨ ਦੇ ਰਾਜ ਨੂੰ ਬਰਕਰਾਰ ਰੱਖੇਗੀ।

    ਕੁਝ ਖਾਲਿਸਤਾਨੀਆਂ ਨੇ ਬਰੈਂਪਟਨ ਦੇ ਇਸ ਮੰਦਰ ‘ਤੇ ਹਮਲਾ ਕੀਤਾ ਸੀ। ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀ ਹੈ, ਜਿਸ ਨੂੰ ਕੈਨੇਡਾ ਦੇ ਸੰਸਦ ਮੈਂਬਰਾਂ ਸਮੇਤ ਕਈ ਲੋਕਾਂ ਨੇ ਸ਼ੇਅਰ ਕੀਤਾ ਹੈ। ਇਸ ਵਿੱਚ ਹਿੰਦੂ ਸਭਾ ਮੰਦਿਰ ਦੇ ਬਾਹਰ ਲੋਕਾਂ ਦਾ ਇੱਕ ਸਮੂਹ ਸ਼ਰਧਾਲੂਆਂ ‘ਤੇ ਲਾਠੀਆਂ ਨਾਲ ਹਮਲਾ ਕਰਦਾ ਨਜ਼ਰ ਆ ਰਿਹਾ ਹੈ।ਹਿੰਦੂ ਮੰਦਰ ‘ਤੇ ਹਮਲੇ ਦੇ ਤੁਰੰਤ ਬਾਅਦ ਸੋਸ਼ਲ ਮੀਡੀਆ ‘ਤੇ ਕਈ ਅਜਿਹੀਆਂ ਵੀਡੀਓਜ਼ ਸਾਹਮਣੇ ਆਈਆਂ, ਜਿਨ੍ਹਾਂ ‘ਚ ਕੁਝ ਪੁਲਸ ਵਾਲੇ ਮੰਦਰ ਜਾਣ ਵਾਲਿਆਂ ਨਾਲ ਟਕਰਾਅ ਕਰਦੇ ਨਜ਼ਰ ਆਏ।

    ਵਿਦੇਸ਼ ਮੰਤਰਾਲੇ ਨੇ ਕੈਨੇਡਾ ‘ਚ ਮੰਦਰ ‘ਤੇ ਹਮਲੇ ਦੀ ਕੀਤੀ ਨਿੰਦਾ
    ਕੈਨੇਡਾ ਨੂੰ ਪੀਐਮ ਮੋਦੀ ਦੇ ਇਸ ਸਖ਼ਤ ਸੰਦੇਸ਼ ਤੋਂ ਪਹਿਲਾਂ ਵਿਦੇਸ਼ ਮੰਤਰਾਲੇ ਨੇ ਵੀ ਹਿੰਦੂ ਮੰਦਰ ‘ਤੇ ਹਮਲੇ ਨੂੰ ਲੈ ਕੇ ਸਖ਼ਤ ਬਿਆਨ ਜਾਰੀ ਕੀਤਾ ਸੀ, ਜਿਸ ‘ਚ ਇਨ੍ਹਾਂ ਦੋਸ਼ੀਆਂ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਗਈ ਸੀ।

    ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਇੱਕ ਅਧਿਕਾਰਤ ਬਿਆਨ ਵਿੱਚ ਕਿਹਾ, “ਅਸੀਂ ਕੱਲ੍ਹ ਓਨਟਾਰੀਓ ਦੇ ਬਰੈਂਪਟਨ ਵਿੱਚ ਹਿੰਦੂ ਸਭਾ ਮੰਦਰ ਵਿੱਚ ਕੱਟੜਪੰਥੀਆਂ ਅਤੇ ਵੱਖਵਾਦੀਆਂ ਦੁਆਰਾ ਕੀਤੀ ਗਈ ਹਿੰਸਾ ਦੀ ਨਿੰਦਾ ਕਰਦੇ ਹਾਂ।” ਵਿਦੇਸ਼ ਮੰਤਰਾਲੇ ਨੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਅਗਵਾਈ ਵਾਲੀ ਕੈਨੇਡੀਅਨ ਸਰਕਾਰ ਨੂੰ ਆਪਣੀ ਧਰਤੀ ‘ਤੇ ਧਾਰਮਿਕ ਸਥਾਨਾਂ ਨੂੰ ਅਜਿਹੇ ਹਮਲਿਆਂ ਤੋਂ ਬਚਾਉਣ ਲਈ ਕਿਹਾ ਹੈ।