ਸੰਯੁਕਤ ਕਿਸਾਨ ਮੋਰਚਾ ਅੱਜ ਚੰਡੀਗੜ੍ਹ ਵੱਲ ਕੂਚ ਕਰਨਗੇ ਤੇ ਉਥੇ ਪੱਕਾ ਮੋਰਚਾ ਲਗਾਉਣਗੇ। ਕਿਸਾਨ ਟਰੈਕਟਰ-ਟਰਾਲੀਆਂ ਵਿਚ ਚੰਡੀਗੜ੍ਹ ਵੱਲ ਕੂਚ ਕਰਨਗੇ। ਕਿਸਾਨ ਚੰਡੀਗੜ੍ਹ ਦੇ ਸੈਕਟਰ-34 ਵਿਚ ਮੋਰਚਾ ਲਗਾਉਣ ਦੀ ਤਿਆਰੀ ਵਿਚ ਹਨ ਪਰ ਉਨ੍ਹਾਂ ਨੂੰ ਅਜੇ ਤੱਕ ਚੰਡੀਗੜ੍ਹ ਪ੍ਰਸ਼ਾਸਨ ਦੀ ਇਜਾਜ਼ਤ ਨਹੀਂ ਮਿਲੀ ਹੈ। ਬੀਤੇ ਦਿਨੀਂ ਚੰਡੀਗੜ੍ਹ ਕੂਚ ਤੋਂ ਪਹਿਲਾਂ ਪੁਲਿਸ ਵੱਲੋਂ ਕਈ ਕਿਸਾਨ ਆਗੂਆਂ ਨੂੰ ਡਿਟੇਨ ਕੀਤਾ ਗਿਆ ਸੀ।
ਚੰਡੀਗੜ੍ਹ ਪੁਲਿਸ ਨੇ ਬਾਰਡਰ ਨੂੰ ਸੀਲ ਕਰਨਾ ਸ਼ੁਰੂ ਕਰ ਦਿੱਤਾ ਹੈ। ਚੰਡੀਗੜ੍ਹ ਪੁਲਿਸ ਨੇ ਲਗਭਗ 1500 ਮੁਲਾਜ਼ਮ ਤਾਇਨਾਤ ਕੀਤੇ ਹਨ। ਨਾਲ ਹੀ ਰਿਜ਼ਰਵ ਫੋਰਸ ਤਾਇਨਾਤ ਕਰਨ ਦੀ ਵੀ ਤਿਆਰੀ ਹੈ। ਇਸ ਤੋਂ ਪਹਿਲਾਂ ਚੰਡੀਗੜ੍ਹ ਪੁਲਿਸ ਨੇ ਟ੍ਰੈਫਿਕ ਐਡਵਾਇਜਰੀ ਜਾਰੀ ਕੀਤੀ ਸੀ ਜਿਸ ਵਿਚ ਲੋਕਾਂ ਨੂੰ ਰੂਟ ਡਾਇਵਰਟ ਕਰਨ ਦੀ ਸਲਾਹ ਦਿੱਤੀ ਗਈ ਹੈ।
ਕਿਸਾਨ ਨੇਤਾ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਸਾਨਾਂ ਨੂੰ ਕਿਹਾ ਕਿ ਕੂਚ ਦੌਰਾਨ ਜਿਥੇ ਪੁਲਿਸ ਰੋਕੇ ਉਥੇ ਸੜਕ ਕਿਨਾਰੇ ਖਾਲੀ ਜਗ੍ਹਾ ‘ਤੇ ਬੈਠ ਜਾਓ। ਸਾਡਾ ਉਦੇਸ਼ ਟਕਰਾਉਣਾ ਨਹੀਂ ਹੈ। ਪੰਜਾਬ ਪੁਲਿਸ ਸਾਨੂੰ ਬਦਨਾਮ ਕਰਨ ਦੀ ਸਾਜਿਸ਼ ਕਰ ਰਹੀ ਹੈ।
ਦੱਸ ਦੇਈਏ ਕਿ ਬੀਤੇ ਦਿਨੀਂ SKM ਨੇ ਚੰਡੀਗੜ੍ਹ ਵਿਚ ਪੱਕਾ ਮੋਰਚਾ ਲਗਾਉਣ ਦਾ ਐਲਾਨ ਕੀਤਾ ਸੀ। 3 ਮਾਰਚ ਨੂੰ SKM ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਬੈਠਕ ਵੀ ਹੋਈ ਸੀ ਜੋ ਕਿ ਬੇਨਤੀਜਾ ਰਹੀ ਸੀ, ਜਿਸ ਤੋਂ ਬਾਅਦ ਕਿਸਾਨਾਂ ਵੱਲੋਂ ਪੱਕਾ ਮੋਰਚਾ ਲਗਾਉਣ ਦਾ ਐਲਾਨ ਕਰ ਦਿੱਤਾ ਗਿਆ ਸੀ।