
Skip to content

ਬਟਾਲਾ (ਅਮਿਤ ਨਖਵਾਲ): ਬਟਾਲਾ ਦੇ ਨਜ਼ਦੀਕੀ ਪਿੰਡ ਲੋਹ ਚੱਪ ਵਿੱਚ ਸੋਮਵਾਰ ਨੂੰ ਦਿਨ-ਦਿਹਾੜੇ ਗੋਲੀਆਂ ਚੱਲਣ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਅਣਪਛਾਤੇ ਹਮਲਾਵਰਾਂ ਨੇ ਇੱਕ ਸ਼ੈਲਰ ‘ਤੇ ਪਹੁੰਚ ਕੇ ਤਾਬੜਤੋੜ ਫਾਇਰਿੰਗ ਕਰ ਦਿੱਤੀ। ਸ਼ੈਲਰ ਮਾਲਕ ਨੇ ਆਪਣੇ ਬਚਾਅ ਲਈ ਜਵਾਬੀ ਫਾਇਰਿੰਗ ਕੀਤੀ। ਗਨੀਮਤ ਰਹੀ ਕਿ ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਹਾਲਾਂਕਿ ਸ਼ੈਲਰ ਦੀ ਇਮਾਰਤ ਅਤੇ ਇੱਕ ਥਾਰ ਗੱਡੀ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ।
ਸ਼ੈਲਰ ਮਾਲਕ ਨਿਸ਼ਾਨ ਸਿੰਘ ਨੇ ਦੱਸਿਆ ਕਿ ਉਸ ਦਾ ਭਤੀਜਾ ਮਹਿਕਦੀਪ ਸਿੰਘ ਆਪਣੇ ਦਫ਼ਤਰ ਤੋਂ ਸ਼ੈਲਰ ਵੱਲ ਆ ਰਿਹਾ ਸੀ। ਇਸ ਦੌਰਾਨ ਇੱਕ ਗੱਡੀ ਉਸ ਦਾ ਪਿੱਛਾ ਕਰ ਰਹੀ ਸੀ। ਭਤੀਜੇ ਨੇ ਫੋਨ ਕਰਕੇ ਇਸ ਦੀ ਜਾਣਕਾਰੀ ਦਿੱਤੀ। ਜਿਵੇਂ ਹੀ ਉਹ ਸ਼ੈਲਰ ‘ਤੇ ਪਹੁੰਚਿਆ, ਹਮਲਾਵਰਾਂ ਨੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।
ਨਿਸ਼ਾਨ ਸਿੰਘ ਨੇ ਦੋਸ਼ ਲਾਇਆ ਕਿ ਕੁਝ ਸਮਾਂ ਪਹਿਲਾਂ ਉਨ੍ਹਾਂ ਤੋਂ ਇੱਕ ਕਰੋੜ ਰੁਪਏ ਦੀ ਫਿਰੌਤੀ ਮੰਗੀ ਗਈ ਸੀ। ਫਿਰੌਤੀ ਨਾ ਦੇਣ ਕਾਰਨ ਇਹ ਹਮਲਾ ਕੀਤਾ ਗਿਆ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਉਹ ਜਵਾਬੀ ਫਾਇਰਿੰਗ ਨਾ ਕਰਦੇ ਤਾਂ ਹਮਲਾਵਰ ਸ਼ੈਲਰ ਅੰਦਰ ਦਾਖਲ ਹੋ ਕੇ ਵੱਡੀ ਵਾਰਦਾਤ ਨੂੰ ਅੰਜਾਮ ਦੇ ਸਕਦੇ ਸਨ। ਉਨ੍ਹਾਂ ਇਹ ਵੀ ਦੱਸਿਆ ਕਿ ਹਮਲਾਵਰ ਪਹਿਲਾਂ ਉਨ੍ਹਾਂ ਦੇ ਦਫ਼ਤਰ ਗਏ ਅਤੇ ਉੱਥੇ ਨਾ ਮਿਲਣ ‘ਤੇ ਪਿੱਛਾ ਕਰਦੇ ਹੋਏ ਸ਼ੈਲਰ ਤੱਕ ਪਹੁੰਚੇ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਜਾਂਚ ਅਧਿਕਾਰੀ ਸੁਖਰਾਜ ਸਿੰਘ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਸ਼ੈਲਰ ‘ਤੇ ਫਾਇਰਿੰਗ ਹੋਣ ਦੀ ਪੁਸ਼ਟੀ ਹੋਈ ਹੈ। ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰ ਵੱਲੋਂ ਪਹਿਲਾਂ ਵੀ ਫਿਰੌਤੀ ਮੰਗੇ ਜਾਣ ਸਬੰਧੀ ਮਾਮਲਾ ਦਰਜ ਕਰਵਾਇਆ ਗਿਆ ਸੀ। ਹੁਣ ਤਾਜ਼ਾ ਫਾਇਰਿੰਗ ਦੀ ਘਟਨਾ ਸਬੰਧੀ ਵੀ ਕੇਸ ਦਰਜ ਕਰਕੇ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਦਿਨ-ਦਿਹਾੜੇ ਹੋਈ ਇਸ ਫਾਇਰਿੰਗ ਦੀ ਘਟਨਾ ਨੇ ਇਲਾਕੇ ਵਿੱਚ ਸੁਰੱਖਿਆ ਨੂੰ ਲੈ ਕੇ ਸਵਾਲ ਖੜ੍ਹੇ ਕਰ ਦਿੱਤੇ ਹਨ। ਪੁਲਿਸ ਦਾ ਕਹਿਣਾ ਹੈ ਕਿ ਸੀਸੀਟੀਵੀ ਫੁਟੇਜ ਅਤੇ ਹੋਰ ਸਬੂਤਾਂ ਦੇ ਆਧਾਰ ‘ਤੇ ਹਮਲਾਵਰਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਰਿਪੋਰਟ: ਅਮਿਤ ਨਖਵਾਲ
Related