(ਅਮਿਤ ਨਖਵਾਲ): ਮਾਨਸਾ ਜ਼ਿਲ੍ਹੇ ਦੇ ਪਿੰਡ ਠੁਠੀਆ ਵਾਲੀ ਵਿੱਚ ਦੇਰ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ, ਜਿੱਥੇ ਇੱਕ ਪਤੀ ਨੇ ਆਪਣੀ ਹੀ ਪਤਨੀ ਦਾ ਤੇਜ਼ਧਾਰ ਹਥਿਆਰ ਨਾਲ ਗਲਾ ਵੱਢ ਕੇ ਕਤਲ ਕਰ ਦਿੱਤਾ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਦੋਸ਼ੀ ਦੀ ਭਾਲ ਕੀਤੀ ਜਾ ਰਹੀ ਹੈ।

ਮ੍ਰਿਤਕਾ ਦੀ ਪਛਾਣ 26 ਸਾਲਾ ਸਿਮਰਜੀਤ ਕੌਰ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ, ਉਸ ਦਾ ਕਤਲ ਉਸ ਦੇ ਪਤੀ ਸਚਪ੍ਰੀਤ ਸਿੰਘ ਨੇ ਕੀਤਾ। ਦੱਸਿਆ ਜਾ ਰਿਹਾ ਹੈ ਕਿ ਦੋਹਾਂ ਨੇ ਲਵ ਮੈਰਿਜ ਕਰਵਾਈ ਸੀ, ਪਰ ਕਤਲ ਦੇ ਅਸਲ ਕਾਰਨਾਂ ਦਾ ਅਜੇ ਤੱਕ ਖੁਲਾਸਾ ਨਹੀਂ ਹੋ ਸਕਿਆ।

ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ। ਪੁਲਿਸ ਵੱਲੋਂ ਮਾਮਲੇ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ।

ਸਿਵਲ ਹਸਪਤਾਲ ਦੇ ਡਾਕਟਰ ਅਰਸ਼ਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਔਰਤ ਦਾ ਗਲਾ ਵੱਢ ਕੇ ਕਤਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਮੌਤ ਦੇ ਕਾਰਨਾਂ ਅਤੇ ਹੋਰ ਤੱਥਾਂ ਬਾਰੇ ਸਪੱਸ਼ਟ ਜਾਣਕਾਰੀ ਸਾਹਮਣੇ ਆਵੇਗੀ।

ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਉਸ ਨੂੰ ਕਾਬੂ ਕਰ ਲਿਆ ਜਾਵੇਗਾ।