ਮੋਗਾ ਜ਼ਿਲ੍ਹੇ ‘ਚ ਤੇਜ਼ ਰਫ਼ਤਾਰ ਕਾਰ ਦੀ ਲਪੇਟ ‘ਚ ਆਉਣ ਨਾਲ ਮੋਟਰਸਾਈਕਲ ਸਵਾਰ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ। ਜਿਸ ਦੀ ਹਸਪਤਾਲ ’ਚ ਇਲਾਜ ਦੌਰਾਨ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ ਤੋਂ ਬਾਅਦ ਪੁਲਿਸ ਨੇ ਦੋਸ਼ੀ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਫ਼ਿਲਹਾਲ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

    ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਬਾਘਾ ਪੁਰਾਣਾ ਦੇ ਤਫ਼ਤੀਸ਼ੀ ਅਫਸਰ ਗੁਰਨਾਇਬ ਸਿੰਘ ਨੇ ਦੱਸਿਆ ਕਿ ਰੇਖਾ ਪਤਨੀ ਕੁਲਬੀਰ ਸਿੰਘ ਨੇ ਥਾਣੇ ‘ਚ ਸ਼ਿਕਾਇਤ ਦਰਜ ਕਰਵਾਈ ਹੈ। ਉਸ ਨੇ ਦੱਸਿਆ ਕਿ 35 ਸਾਲਾ ਕੁਲਬੀਰ ਸਿੰਘ ਰਾਤ ਕਰੀਬ 9 ਵਜੇ ਆਪਣੇ ਮੋਟਰਸਾਈਕਲ ‘ਤੇ ਸੁਖਾਨੰਦ ਤੋਂ ਬਾਘਾ ਪੁਰਾਣਾ ਵੱਲ ਆ ਰਿਹਾ ਸੀ। ਜਦੋਂ ਉਹ ਪਿੰਡ ਬੁੱਧ ਸਿੰਘ ਵਾਲਾ ਕੋਲ ਪਹੁੰਚਿਆ ਤਾਂ ਦੂਜੇ ਪਾਸਿਓਂ ਆ ਰਹੀ ਤੇਜ਼ ਰਫ਼ਤਾਰ ਕਾਰ ਨੇ ਉਸ ਦੇ ਸਾਈਕਲ ਨੂੰ ਟੱਕਰ ਮਾਰ ਦਿੱਤੀ।

    ਜਿਸ ਤੋਂ ਬਾਅਦ ਮੋਟਰਸਾਈਕਲ ਸਵਾਰ ਕੁਲਬੀਰ ਸੜਕ ‘ਤੇ ਡਿੱਗ ਗਿਆ ਅਤੇ ਗੰਭੀਰ ਜ਼ਖਮੀ ਹੋ ਗਿਆ। ਜਿਸ ਨੂੰ ਜ਼ਖਮੀ ਹਾਲਤ ‘ਚ ਹਸਪਤਾਲ ਦਾਖ਼ਲ ਕਰਵਾਇਆ ਗਿਆ। ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਮੁਲਜ਼ਮ ਕਾਰ ਚਾਲਕ ਦੀ ਪਛਾਣ ਜਸਵੰਤ ਸਿੰਘ ਵਾਸੀ ਪਿੰਡ ਘਣੀਏਵਾਲਾ ਵਜੋਂ ਹੋਈ ਹੈ।
    ਇਸ ਸਬੰਧੀ ਜਾਂਚ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਦੀ ਪਤਨੀ ਦੀ ਸ਼ਿਕਾਇਤ ਤੋਂ ਬਾਅਦ ਦੋਸ਼ੀ ਕਾਰ ਚਾਲਕ ਜਸਵੰਤ ਦੇ ਖ਼ਿਲਾਫ਼ ਥਾਣਾ ਬਾਘਾ ਪੁਰਾਣਾ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕਾਰਵਾਈ ਕੀਤੀ ਜਾ ਰਹੀ ਹੈ।