ਫਿਰੋਜ਼ਪੁਰ ‘ਚ AAP ਨੂੰ ਵੱਡਾ ਝਟਕਾ: ਚੋਣ ਹਾਰਦੇ ਹੀ ਸੀਨੀਅਰ ਆਗੂ ਹਰਜਿੰਦਰ ਸਿੰਘ ਸਿੱਧੂ ਨੇ ਦਿੱਤਾ ਅਸਤੀਫ਼ਾ

ਫਿਰੋਜ਼ਪੁਰ ਨਗਰ ਕੌਂਸਲ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਆਮ ਆਦਮੀ ਪਾਰਟੀ (AAP) ਨੂੰ ਵੱਡਾ ਸਿਆਸੀ ਝਟਕਾ ਲੱਗਿਆ ਹੈ। ਪਾਰਟੀ ਦੇ ਸੀਨੀਅਰ ਆਗੂ ਅਤੇ ਵਾਰਡ ਨੰਬਰ 18 ਤੋਂ ਉਮੀਦਵਾਰ ਹਰਜਿੰਦਰ ਸਿੰਘ ਸਿੱਧੂ ਨੇ ਚੋਣਾਂ ਵਿੱਚ ਹਾਰ ਤੋਂ ਬਾਅਦ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇਣ ਦਾ ਐਲਾਨ ਕਰ ਦਿੱਤਾ।

ਚੋਣਾਂ ਵਿੱਚ ਵੱਡੇ ਫ਼ਰਕ ਨਾਲ ਹਾਰ ਦਾ ਸਾਹਮਣਾ ਕਰਨ ਤੋਂ ਬਾਅਦ ਹਰਜਿੰਦਰ ਸਿੰਘ ਸਿੱਧੂ ਨੇ ਸੋਸ਼ਲ ਮੀਡੀਆ ‘ਤੇ ਇੱਕ ਭਾਵੁਕ ਪੋਸਟ ਸਾਂਝੀ ਕਰਦਿਆਂ ਹਾਰ ਦੀ ਪੂਰੀ ਜ਼ਿੰਮੇਵਾਰੀ ਆਪਣੇ ਸਿਰ ਲਈ। ਉਨ੍ਹਾਂ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੇ ਲੀਗਲ ਸੈੱਲ ਦੇ ਸੂਬਾ ਜੁਆਇੰਟ ਸਕੱਤਰ ਦੇ ਅਹੁਦੇ ਅਤੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਤੁਰੰਤ ਪ੍ਰਭਾਵ ਨਾਲ ਅਸਤੀਫ਼ਾ ਦੇ ਰਹੇ ਹਨ।

ਹਰਜਿੰਦਰ ਸਿੰਘ ਸਿੱਧੂ ਫਿਰੋਜ਼ਪੁਰ ਵਿੱਚ ‘ਆਪ’ ਦਾ ਇੱਕ ਜਾਣਿਆ-ਪਛਾਣਿਆ ਚਿਹਰਾ ਮੰਨੇ ਜਾਂਦੇ ਸਨ ਅਤੇ ਲੀਗਲ ਸੈੱਲ ਵਿੱਚ ਸੂਬਾ ਪੱਧਰੀ ਅਹੁਦੇਦਾਰ ਹੋਣ ਕਾਰਨ ਉਨ੍ਹਾਂ ਦੀ ਪਾਰਟੀ ਵਿੱਚ ਚੰਗੀ ਪਕੜ ਸੀ। ਉਨ੍ਹਾਂ ਦੇ ਅਚਾਨਕ ਅਸਤੀਫ਼ੇ ਨਾਲ ਸਥਾਨਕ ਸਿਆਸੀ ਹਲਕਿਆਂ ਵਿੱਚ ਚਰਚਾਵਾਂ ਦਾ ਦੌਰ ਸ਼ੁਰੂ ਹੋ ਗਿਆ ਹੈ।

ਵਿਰੋਧੀ ਧਿਰਾਂ ਇਸ ਘਟਨਾ ਨੂੰ ਆਮ ਆਦਮੀ ਪਾਰਟੀ ਅੰਦਰ ਵਧ ਰਹੀ ਨਿਰਾਸ਼ਾ ਨਾਲ ਜੋੜ ਕੇ ਦੇਖ ਰਹੀਆਂ ਹਨ, ਜਦਕਿ ਪਾਰਟੀ ਲੀਡਰਸ਼ਿਪ ਵੱਲੋਂ ਅਜੇ ਤੱਕ ਇਸ ਮਾਮਲੇ ‘ਤੇ ਕੋਈ ਅਧਿਕਾਰਤ ਪ੍ਰਤੀਕਿਰਿਆ ਸਾਹਮਣੇ ਨਹੀਂ ਆਈ।