ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਦੇਸ਼ ਵਿਆਪੀ ਪ੍ਰਦਰਸ਼ਨ ਕਰੇਗੀ। ਆਮ ਆਦਮੀ ਪਾਰਟੀ ਦੇ ਆਗੂਆਂ ਗੋਪਾਲ ਰਾਏ, ਸੌਰਭ ਭਾਰਦਵਾਜ, ਸੰਦੀਪ ਪਾਠਕ ਅਤੇ ਆਤਿਸ਼ੀ ਨੇ ਪ੍ਰੈਸ ਕਾਨਫਰੰਸ ਵਿੱਚ ਇਸ ਦਾ ਐਲਾਨ ਕਰਦਿਆਂ ਕਿਹਾ ਕਿ ਸਾਡੀ ਲੜਾਈ ਸੜਕਾਂ ਤੋਂ ਲੈ ਕੇ ਅਦਾਲਤ ਤੱਕ ਜਾਰੀ ਰਹੇਗੀ। ਦੱਸ ਦੇਈਏ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਸ਼ਰਾਬ ਨੀਤੀ ਮਾਮਲੇ ਵਿਚ ਗਿ੍ਰਫ਼ਤਾਰ ਕਰ ਲਿਆ ਹੈ। ਈਡੀ ਦੀ ਟੀਮ 10ਵੇਂ ਸੰਮਨ ਅਤੇ ਸਰਚ ਵਾਰੰਟ ਲੈ ਕੇ ਵੀਰਵਾਰ ਸ਼ਾਮ 7 ਵਜੇ ਕੇਜਰੀਵਾਲ ਦੇ ਘਰ ਪਹੁੰਚੀ ਸੀ। ਜਾਂਚ ਏਜੰਸੀ ਨੇ ਦੋ ਘੰਟੇ ਪੁਛ ਗਿਛ ਤੋਂ ਬਾਅਦ ਰਾਤ 9 ਵਜੇ ਇਹ ਕਾਰਵਾਈ ਕੀਤੀ। ਇਸੇ ਦੌਰਾਨ ਕੇਜਰੀਵਾਲ ਦੀ ਗ੍ਰਿਫ਼ਤਾਰੀ ਵਿਰੁਧ ਰੋਸ ਪ੍ਰਦਰਸ਼ਨ ਕਰਦੇ ਹੋਏ ‘ਆਪ’ ਵਰਕਰਾਂ ਨੂੰ ਵੀ ਪੁਲਿਸ ਵਲੋਂ ਹਿਰਾਸਤ ਵਿਚ ਲਿਆ ਗਿਆ ਹੈ।
ਇਸ ਤੋਂ ਪਹਿਲਾਂ ਇਨਫ਼ੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਦੀ ਇਕ ਟੀਮ ਵੀਰਵਾਰ ਸ਼ਾਮ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਪਹੁੰਚੀ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿਤੀ। ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿਚ ਹਾਈ ਕੋਰਟ ਵਲੋਂ ਕੇਜਰੀਵਾਲ ਨੂੰ ਪੁਲਸੀਆ ਕਾਰਵਾਈ ਤੋਂ ਰਾਹਤ ਦੇਣ ਤੋਂ ਇਨਕਾਰ ਕਰਨ ਤੋਂ ਬਾਅਦ ਈਡੀ ਦੀ ਟੀਮ ਕੇਜਰੀਵਾਲ ਦੀ ਰਿਹਾਇਸ਼ ’ਤੇ ਪਹੁੰਚ ਗਈ। ਅਧਿਕਾਰੀਆਂ ਨੇ ਦਸਿਆ ਕਿ ਏਜੰਸੀ ਦੇ ਅਧਿਕਾਰੀ ਮਾਮਲੇ ’ਚ ਸੰਮਨ ਭੇਜਣ ਲਈ ਕੇਜਰੀਵਾਲ ਦੀ ਰਿਹਾਇਸ਼ ’ਤੇ ਗਏ ਸਨ।
ਉਨ੍ਹਾਂ ਕਿਹਾ ਕਿ ਈਡੀ ਦੀ ਟੀਮ ਨੇ ਮੁੱਖ ਮੰਤਰੀ ਨਿਵਾਸ ਦੇ ਸਟਾਫ਼ ਨੂੰ ਵੀ ਕਿਹਾ ਕਿ ਉਸ ਕੋਲ ਸਰਚ ਵਾਰੰਟ ਹੈ। ਈਡੀ ਨੇ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਕੇਜਰੀਵਾਲ ਨੂੰ ਕਈ ਵਾਰ ਸੰਮਨ ਭੇਜਿਆ ਸੀ ਪਰ ਉਹ ਪੇਸ਼ ਨਹੀਂ ਹੋਏ। ਇਸ ਤੋਂ ਪਹਿਲਾਂ ਦਿੱਲੀ ਹਾਈ ਕੋਰਟ ਦੇ ਜਸਟਿਸ ਸੁਰੇਸ਼ ਕੁਮਾਰ ਕੈਤ ਅਤੇ ਜਸਟਿਸ ਮਨੋਜ ਜੈਨ ਦੇ ਬੈਂਚ ਨੇ ਕੇਜਰੀਵਾਲ ਨੂੰ ਇਸ ਮਾਮਲੇ ਵਿਚ ਜਬਰਦਸਤੀ ਕਾਰਵਾਈ ਤੋਂ ਕੋਈ ਸੁਰੱਖਿਆ ਦੇਣ ਤੋਂ ਇਨਕਾਰ ਕਰ ਦਿਤਾ ਸੀ। ਬੈਂਚ ਨੇ ਕੇਜਰੀਵਾਲ ਦੀ ਸੁਰੱਖਿਆ ਦੀ ਮੰਗ ਵਾਲੀ ਪਟੀਸ਼ਨ ਨੂੰ 22 ਅਪ੍ਰੈਲ ਨੂੰ ਸੁਣਵਾਈ ਲਈ ਸੂਚੀਬੱਧ ਕੀਤਾ ਹੈ। ਸੰਮਨ ਨੂੰ ਚੁਨੌਤੀ ਦੇਣ ਵਾਲੀ ਉਸ ਦੀ ਮੁੱਖ ਪਟੀਸ਼ਨ ’ਤੇ ਵੀ ਉਸੇ ਦਿਨ (22 ਅਪ੍ਰੈਲ) ਨੂੰ ਸੁਣਵਾਈ ਹੋਵੇਗੀ।