
Skip to content

ਅਬੋਹਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਈਮੇਲ ਮਿਲਦੇ ਹੀ ਮਚੀ ਹਫੜਾ-ਦਫੜੀ, ਸਕੂਲ ਕਰਵਾਏ ਖਾਲੀ
ਅਬੋਹਰ (ਅਰਸ਼ਦੀਪ ਸਿੰਘ ਕਾਲੜਾ) :- ਅੱਜ ਸਵੇਰੇ ਅਬੋਹਰ ਦੇ ਕਈ ਪ੍ਰਮੁੱਖ ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਈਮੇਲ ਮਿਲਣ ਤੋਂ ਬਾਅਦ ਸ਼ਹਿਰ ਵਿੱਚ ਹੜਕੰਪ ਮਚ ਗਿਆ। ਧਮਕੀ ਮਿਲਦੇ ਹੀ ਸਕੂਲ ਪ੍ਰਸ਼ਾਸਨਾਂ ਨੇ ਤੁਰੰਤ ਸਾਵਧਾਨੀ ਵਰਤਦਿਆਂ ਵਿਦਿਆਰਥੀਆਂ ਨੂੰ ਸੁਰੱਖਿਅਤ ਢੰਗ ਨਾਲ ਘਰ ਭੇਜ ਦਿੱਤਾ ਅਤੇ ਸਕੂਲਾਂ ਨੂੰ ਖਾਲੀ ਕਰਵਾ ਦਿੱਤਾ। ਇਸ ਘਟਨਾ ਤੋਂ ਬਾਅਦ ਪੁਲਿਸ ਅਤੇ ਪ੍ਰਸ਼ਾਸਨ ਹਰਕਤ ਵਿੱਚ ਆ ਗਿਆ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਜਾਣਕਾਰੀ ਅਨੁਸਾਰ, ਧਮਕੀ ਭਰੀ ਈਮੇਲ ਸਵੇਰੇ ਕਰੀਬ 8:51 ਵਜੇ ਪ੍ਰਾਪਤ ਹੋਈ, ਜਿਸ ਵਿੱਚ ਦੁਪਹਿਰ 1:30 ਵਜੇ ਧਮਾਕਾ ਕਰਨ ਦੀ ਧਮਕੀ ਦਿੱਤੀ ਗਈ ਸੀ। ਈਮੇਲ ਮਿਲਦੇ ਹੀ ਸਕੂਲਾਂ ਵਿੱਚ ਹਫੜਾ-ਦਫੜੀ ਮਚ ਗਈ ਅਤੇ ਪ੍ਰਬੰਧਕਾਂ ਨੇ ਕਿਸੇ ਵੀ ਤਰ੍ਹਾਂ ਦਾ ਖਤਰਾ ਮੋਲ ਨਾ ਲੈਂਦੇ ਹੋਏ ਸਕੂਲ ਬੰਦ ਕਰਨ ਦਾ ਫੈਸਲਾ ਕੀਤਾ। ਮਾਪਿਆਂ ਨੂੰ ਤੁਰੰਤ ਸੂਚਿਤ ਕਰਕੇ ਬੱਚਿਆਂ ਨੂੰ ਸੁਰੱਖਿਅਤ ਘਰ ਭੇਜਿਆ ਗਿਆ।
ਧਮਕੀ ਮਿਲਣ ਵਾਲੇ ਸਕੂਲਾਂ ਵਿੱਚ ਅਸੰਪਸ਼ਨ ਕਾਨਵੈਂਟ ਸਕੂਲ ਅਤੇ ਡੀ.ਏ.ਵੀ. (DAV) ਸਕੂਲ ਵੀ ਸ਼ਾਮਲ ਹਨ। ਡੀਏਵੀ ਸਕੂਲ ਦੀ ਪ੍ਰਿੰਸੀਪਲ ਸਮਿਤਾ ਸ਼ਰਮਾ ਨੇ ਦੱਸਿਆ ਕਿ ਈਮੇਲ ਮਿਲਦੇ ਹੀ ਉਨ੍ਹਾਂ ਨੇ ਸਕੂਲ ਪ੍ਰਬੰਧਨ, ਸਿਟੀ-2 ਪੁਲਿਸ ਅਤੇ ਐਸਡੀਐਮ ਨੂੰ ਇਸ ਬਾਰੇ ਜਾਣਕਾਰੀ ਦਿੱਤੀ। ਪ੍ਰਸ਼ਾਸਨ ਦੀਆਂ ਹਦਾਇਤਾਂ ਤੋਂ ਬਾਅਦ ਸਕੂਲ ਨੂੰ ਦਿਨ ਭਰ ਲਈ ਬੰਦ ਕਰ ਦਿੱਤਾ ਗਿਆ ਅਤੇ ਸੁਰੱਖਿਆ ਨੂੰ ਪਹਿਲ ਦੇਂਦੇ ਹੋਏ ਸਾਰੇ ਵਿਦਿਆਰਥੀਆਂ ਨੂੰ ਘਰ ਭੇਜ ਦਿੱਤਾ ਗਿਆ।
ਫਿਲਹਾਲ ਪੁਲਿਸ ਵੱਲੋਂ ਧਮਕੀ ਭਰੀ ਈਮੇਲ ਦੇ ਸਰੋਤ ਦੀ ਜਾਂਚ ਕੀਤੀ ਜਾ ਰਹੀ ਹੈ। ਸੁਰੱਖਿਆ ਏਜੰਸੀਆਂ ਵੱਲੋਂ ਸਕੂਲਾਂ ਦੇ ਆਲੇ-ਦੁਆਲੇ ਚੌਕਸੀ ਵਧਾ ਦਿੱਤੀ ਗਈ ਹੈ ਅਤੇ ਲੋਕਾਂ ਨੂੰ ਅਫਵਾਹਾਂ ਤੋਂ ਬਚਣ ਦੀ ਅਪੀਲ ਕੀਤੀ ਗਈ ਹੈ।

Related