ਚੰਡੀਗੜ੍ਹ ਪੁਲਿਸ ਦੀ ਐਂਟੀ ਨਾਰਕੋਟਿਕ ਟਾਸਕ ਫੋਰਸ ਵੱਲੋਂ ਸ਼ਹਿਰ ਵਿਚ ਨਸ਼ੀਲੇ ਪਦਾਰਥ ਸਪਲਾਈ ਕਰਨ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਗਈ। ਕਾਰਵਾਈ ਕਰਦਿਆਂ ਟਾਸਕ ਫੋਰਸ ਨੇ ਸਾਲ 2023 ਵਿਚ ਨਸ਼ਾ ਤਸਕਰਾਂ ਦੇ ਮਾਮਲੇ ਵਿਚ 58 ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਤੇ ਚਾਰ ਕਰੋੜ ਰੁਪਏ ਤੋਂ ਵੱਧ ਕੀਮਤ ਦੇ ਨਸ਼ੀਲੇ ਪਦਾਰਥ ਤੇ ਡਰੱਗ ਮਨੀ ਬਰਾਮਦ ਕੀਤੀ ਹੈ।

    ਪੁਲਿਸ ਨੇ ਨਸ਼ਾ ਤਸਕਰਾਂ ਤੋਂ 3.03 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਫੜੇ ਹਨ ਅਤੇ ਇਕ ਕਰੋੜ ਰੁਪਏ ਦੇ ਕਰੀਬ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਪੁਲਿਸ ਦੇ ਬੁਲਾਰੇ ਨੇ ਕਿਹਾ ਕਿ ਐਂਟੀ ਨਾਰਕੋਟਿਕ ਟਾਸਕ ਫੋਰਸ ਨੇ ਸਾਲ 2023 ਦੌਰਾਨ 1 ਕਿਲੋ 403 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਦੀ ਬਾਜ਼ਾਰੀ ਕੀਮਤ ਡੇਢ ਕਰੋੜ ਰੁਪਏ ਦੇ ਕਰੀਬ ਬਣਦੀ ਹੈ।
    ਇਸੇ ਤਰ੍ਹਾਂ ਪੁਲਿਸ ਨੇ 7 ਕਿਲੋ 874 ਗ੍ਰਾਮ ਚਰਸ, 226 ਕਿਲੋ ਭੁੱਕੀ, 182.63 ਗ੍ਰਾਮ ਆਈਸ, 5.20 ਗ੍ਰਾਮ ਕੋਕੀਨ, 48 ਕਿਲੋ ਗਾਂਜਾ ਬਰਾਮਦ ਕੀਤਾ ਹੈ। ਪੁਲਿਸ ਨੇ ਨਸ਼ਾ ਤਸਕਰਾਂ ਤੋਂ ਦੋ ਪਿਸਤੌਲ ਤੇ 6 ਕਾਰਤੂਸ ਵੀ ਬਰਾਮਦ ਕੀਤੇ ਹਨ। ਇਸ ਦੇ ਨਾਲ ਹੀ ਨਸ਼ਾ ਤਸਕਰੀ ਲਈ ਵਰਤੇ ਜਾਂਦੇ 4 ਚਾਰ ਪਹੀਆ ਵਾਹਨ ਤੇ 2 ਦੋ ਪਹੀਆ ਵਾਹਨ ਵੀ ਜ਼ਬਤ ਕਰ ਲਏ ਹਨ।

    ਚੰਡੀਗੜ੍ਹ ਪੁਲਿਸ ਦੇ ਬੁਲਾਰੇ ਨੇ ਕਿਹਾ ਕਿ ਪੁਲਿਸ ਵੱਲੋਂ ਸ਼ਹਿਰ ਵਿਚ ਨਸ਼ਾਂ ਤਸਕਰਾਂ ਵਿਰੁੱਧ ਸਖ਼ਤੀ ਨਾਲ ਕਾਰਵਾਈ ਕੀਤੀ ਜਾ ਰਹੀ ਹੈ। ਇਸ ਲਈ ਪੁਲਿਸ ਦੀਆਂ ਵੱਖ-ਵੱਖ ਟੀਮਾਂ ਵੱਲੋਂ ਸ਼ਹਿਰ ਵਿਚ ਹਰ ਸਮੇਂ ਚੌਕਸੀ ਵਰਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਪੁਲਿਸ ਵੱਲੋਂ ਸ਼ਹਿਰ ਵਿਚ ਨਸ਼ੀਲੇ ਪਦਾਰਥ ਸਪਲਾਈ ਕਰਨ ਵਾਲਿਆਂ ਨੂੰ ਛੱਡਿਆ ਨਹੀਂ ਜਾਵੇਗਾ।