ਜਲੰਧਰ (ਵਿੱਕੀ ਸੂਰੀ) : ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਆਉਣ ਵਾਲੇ ਗਣਤੰਤਰ ਦਿਵਸ ਦੇ ਜਸ਼ਨਾਂ ਨੂੰ ਲੈ ਕੇ ਸ਼ਹਿਰ ਵਿਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਹਨ |
ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀ.) ਸੁਰੱਖਿਆ ਪੰਜਾਬ ਸ੍ਰੀ ਐਸ.ਐਸ ਸ੍ਰੀਵਾਸਤਵਾ ਅਤੇ ਪੁਲਿਸ ਕਮਿਸ਼ਨਰ ਨੇ ਸ਼ਹਿਰ ਦੇ ਸੁਰੱਖਿਆ ਪ੍ਰਬੰਧਾਂ ਦਾ ਬਾਰੀਕੀ ਨਾਲ ਜਾਇਜ਼ਾ ਲਿਆ। ਦੋਵੇਂ ਅਧਿਕਾਰੀਆਂ ਨੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਦਾ ਦੌਰਾ ਕੀਤਾ, ਜਿੱਥੇ ਗਣਤੰਤਰ ਦਿਵਸ ਸਮਾਰੋਹ ਹੋਣ ਵਾਲਾ ਹੈ। ਉਨ੍ਹਾਂ ਨੇ ਸਟੇਡੀਅਮ ਦੇ ਅੰਦਰ ਬੈਠਣ ਦੇ ਪ੍ਰਬੰਧਾਂ ਦਾ ਬਾਰੀਕੀ ਨਾਲ ਜਾਇਜ਼ਾ ਲਿਆ ਅਤੇ ਸਾਰੇ ਹਾਜ਼ਰੀਨ ਲਈ ਵੱਧ ਤੋਂ ਵੱਧ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਫਰਿੱਜਿੰਗ ਪੁਆਇੰਟਾਂ ਦੀ ਜਾਂਚ ਕੀਤੀ।
ਅਧਿਕਾਰੀਆਂ ਨੇ ਐਮਰਜੈਂਸੀ ਰਿਸਪਾਂਸ ਸਿਸਟਮ (ਈ.ਆਰ.ਐਸ.) ਪ੍ਰੋਗਰਾਮ ਦੀ ਵਿਸ਼ੇਸ਼ ਚੈਕਿੰਗ ਕੀਤੀ ਅਤੇ ਨਾਕਾ ਪੁਆਇੰਟਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਆਗਾਮੀ ਜਸ਼ਨਾਂ ਦੇ ਮੱਦੇਨਜ਼ਰ ਸ਼ਹਿਰ ਵਿੱਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਸੁਰੱਖਿਆ ਨੂੰ ਪਹਿਲਾਂ ਹੀ ਵਧਾ ਦਿੱਤਾ ਗਿਆ ਹੈ ਅਤੇ ਸਮਾਗਮ ਵਾਲੀ ਥਾਂ ਦੇ ਆਲੇ-ਦੁਆਲੇ ਦੇ ਪੂਰੇ ਇਲਾਕੇ ਦੀ ਪੁਲਿਸ ਵੱਲੋਂ ਘੇਰਾਬੰਦੀ ਕੀਤੀ ਜਾਵੇਗੀ।
ਪੁਲਿਸ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਗਣਤੰਤਰ ਦਿਵਸ ਦੇ ਜਸ਼ਨਾਂ ਦੇ ਮੱਦੇਨਜ਼ਰ ਸਖ਼ਤ ਚੌਕਸੀ ਰੱਖਣ ਲਈ ਲਗਭਗ 2000 ਪੁਲਿਸ ਅਧਿਕਾਰੀ/ਕਰਮਚਾਰੀ ਤਾਇਨਾਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸਟੇਡੀਅਮ ਦੇ ਅੰਦਰ ਅਤੇ ਆਲੇ-ਦੁਆਲੇ ਨਿਯਮਤ ਤੌਰ ‘ਤੇ ਚੈਕਿੰਗ ਕਰਨ ਲਈ ਸਮਾਗਮ ਵਾਲੀ ਥਾਂ ‘ਤੇ ਸੀਸੀਟੀਵੀ ਕੈਮਰੇ ਲਗਾਏ ਗਏ ਹਨ। ਇਸ ਤੋਂ ਇਲਾਵਾ ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਵੱਧ ਤੋਂ ਵੱਧ ਸੁਰੱਖਿਆ ਲਈ 31 ਰੇਡ ਨਾਕਾ ਪੁਆਇੰਟ ਅਤੇ 31 ਸਿਟੀ ਸੀਲਿੰਗ ਪੁਆਇੰਟ ਸਥਾਪਿਤ ਕੀਤੇ ਗਏ ਹਨ।
ਇਸ ਦੌਰਾਨ ਦੋਵਾਂ ਅਧਿਕਾਰੀਆਂ ਨੇ ਸ਼ਹਿਰ ਦੇ ਸਮੂਹ ਝੰਡਾ ਲਹਿਰਾਉਣ ਵਾਲੇ ਸਥਾਨਾਂ ਦਾ ਬਾਰੀਕੀ ਨਾਲ ਨਿਰੀਖਣ ਕਰਦਿਆਂ ਕਿਹਾ ਕਿ ਸ਼ਹਿਰ ਵਿੱਚ 24 ਘੰਟੇ ਚੌਕਸੀ ਰੱਖੀ ਜਾ ਰਹੀ ਹੈ, ਜਿਸ ਲਈ ਪੁਲਿਸ ਅਧਿਕਾਰੀਆਂ ਦੀਆਂ ਵੱਖ-ਵੱਖ ਗਸ਼ਤ ਪਾਰਟੀਆਂ ਦਾ ਗਠਨ ਕੀਤਾ ਗਿਆ ਹੈ। ਅਧਿਕਾਰੀਆਂ ਨੇ ਸ਼ਹਿਰ ਦੇ ਦੇਵੀ ਤਾਲਾਬ ਮੰਦਰ ਦਾ ਵੀ ਦੌਰਾ ਕੀਤਾ ਅਤੇ ਸੁਰੱਖਿਆ ਪ੍ਰਬੰਧਾਂ ਦਾ ਬਾਰੀਕੀ ਨਾਲ ਜਾਇਜ਼ਾ ਲਿਆ। ਸ੍ਰੀ ਸਵਪਨ ਸ਼ਰਮਾ ਨੇ ਕਿਹਾ ਕਿ ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ’ਤੇ ਸਖ਼ਤ ਨਜ਼ਰ ਰੱਖੀ ਜਾ ਰਹੀ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।