‘ਸਤਲੁਜ’ ਫਿਲਮ ‘ਤੇ ਰੋਕ ਦੀ ਖੇਤੀਬਾੜੀ ਮੰਤਰੀ ਖੁੱਡੀਆਂ ਨੇ ਕੀਤੀ ਨਿੰਦਾ, ਖਾਦ ਦੀ ਚੋਰ ਬਾਜ਼ਾਰੀ ਖ਼ਿਲਾਫ਼ ਸਖ਼ਤ ਚੇਤਾਵਨੀ

ਲੁਧਿਆਣਾ (ਅਰਸ਼ਦੀਪ ਸਿੰਘ ਕਾਲੜਾ)  :- ਕੇਂਦਰ ਸਰਕਾਰ ਵੱਲੋਂ ‘ਸਤਲੁਜ’ ਫਿਲਮ ਦੇ ਓਟੀਟੀ ਪਲੇਟਫਾਰਮਾਂ ‘ਤੇ ਪ੍ਰਸਾਰਣ ‘ਤੇ ਲਗਾਈ ਗਈ ਰੋਕ ਦੀ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਸਖ਼ਤ ਨਿੰਦਾ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸੂਬੇ ਵਿੱਚ ਖਾਦ ਦੀ ਕਥਿਤ ਚੋਰ ਬਾਜ਼ਾਰੀ ਕਰਨ ਵਾਲਿਆਂ ਨੂੰ ਸਖ਼ਤ ਕਾਰਵਾਈ ਦੀ ਚੇਤਾਵਨੀ ਵੀ ਦਿੱਤੀ।

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿੱਚ ਕਰਵਾਏ ਗਏ ਸਰਟੀਫਿਕੇਟ ਵੰਡ ਸਮਾਰੋਹ ਦੌਰਾਨ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੰਤਰੀ ਖੁੱਡੀਆਂ ਨੇ ਕਿਹਾ ਕਿ ਸਰਕਾਰਾਂ ਨੂੰ ਨੌਜਵਾਨੀ ਨੂੰ ਗਲਤ ਦਿਸ਼ਾ ਵੱਲ ਧੱਕਣ ਵਾਲੀਆਂ ਫਿਲਮਾਂ ਖ਼ਿਲਾਫ਼ ਕਾਰਵਾਈ ਕਰਨੀ ਚਾਹੀਦੀ ਹੈ, ਪਰ ਇਸ ਦੀ ਬਜਾਏ ਸਮਾਜਿਕ ਸੰਦੇਸ਼ ਦੇਣ ਵਾਲੀ ‘ਸਤਲੁਜ’ ਵਰਗੀ ਫਿਲਮ ‘ਤੇ ਪਾਬੰਦੀ ਲਗਾਈ ਗਈ ਹੈ, ਜੋ ਨਿੰਦਣਯੋਗ ਹੈ।

ਪੰਜਾਬ ਕਾਂਗਰਸ ਦੇ ਮੌਜੂਦਾ ਹਾਲਾਤਾਂ ਬਾਰੇ ਪੁੱਛੇ ਗਏ ਸਵਾਲ ‘ਤੇ ਉਨ੍ਹਾਂ ਨੇ ਕੋਈ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ।

ਖਾਦ ਦੀ ਕਥਿਤ ਚੋਰ ਬਾਜ਼ਾਰੀ ਦੇ ਮਾਮਲੇ ‘ਤੇ ਮੰਤਰੀ ਨੇ ਕਿਹਾ ਕਿ ਸਰਕਾਰ ਨੂੰ ਇਸ ਸਬੰਧੀ ਜਾਣਕਾਰੀ ਮਿਲੀ ਹੈ ਅਤੇ ਖੇਤੀਬਾੜੀ ਵਿਭਾਗ ਪੂਰੀ ਨਿਗਰਾਨੀ ਕਰ ਰਿਹਾ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਕੋਈ ਵੀ ਵਿਅਕਤੀ ਜਾਂ ਡੀਲਰ ਚੋਰ ਬਾਜ਼ਾਰੀ ਕਰਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਹੜ੍ਹਾਂ ਦੀ ਸੰਭਾਵਨਾ ਸਬੰਧੀ ਪੁੱਛੇ ਸਵਾਲ ‘ਤੇ ਖੁੱਡੀਆਂ ਨੇ ਕਿਹਾ ਕਿ ਸਰਕਾਰ ਨੇ ਲੋੜੀਂਦੇ ਪ੍ਰਬੰਧ ਕਰ ਲਏ ਹਨ, ਪਰ ਕੁਦਰਤੀ ਆਫ਼ਤਾਂ ‘ਤੇ ਕਿਸੇ ਦਾ ਵੱਸ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਸਰਕਾਰ ਹਰ ਸਥਿਤੀ ਨਾਲ ਨਜਿੱਠਣ ਲਈ ਤਿਆਰ ਹੈ।