Skip to content
ਪੰਜਾਬ ਵਿੱਚ ਮੀਂਹ ਤੇ ਗੜ੍ਹੇਮਾਰੀ ਨਾਲ ਬਦਲਿਆ ਮੌਸਮ, ਠੰਢ ਨੇ ਦਿੱਤੀ ਦਸਤਕ
ਅਜਨਾਲਾ ਦੇ ਕਈ ਪਿੰਡਾਂ ਵਿੱਚ ਬੇਮੌਸਮੀ ਬਾਰਿਸ਼ ਤੇ ਗੜ੍ਹੇਮਾਰੀ, ਪੱਕੀ ਝੋਨੇ ਦੀ ਫ਼ਸਲ ਨੂੰ ਨੁਕਸਾਨ ਦਾ ਡਰ
ਅਜਨਾਲਾ/ਚੰਡੀਗੜ੍ਹ (ਅਰਸ਼ਦੀਪ ਸਿੰਘ ਕਾਲੜਾ) : ਪੰਜਾਬ ਵਿੱਚ ਬੇਮੌਸਮੀ ਮੀਂਹ ਅਤੇ ਗੜ੍ਹੇਮਾਰੀ ਕਾਰਨ ਮੌਸਮ ਨੇ ਅਚਾਨਕ ਕਰਵਟ ਲੈ ਲਈ ਹੈ। ਬੀਤੀ ਦੇਰ ਰਾਤ ਹਲਕਾ ਅਜਨਾਲਾ ਦੇ ਕਈ ਪਿੰਡਾਂ ਵਿੱਚ ਮੀਂਹ ਦੇ ਨਾਲ ਗੜ੍ਹੇਮਾਰੀ ਹੋਈ, ਜਿਸ ਕਾਰਨ ਮੌਸਮ ਠੰਢਾ ਹੋ ਗਿਆ ਹੈ। ਇਸ ਬੇਮੌਸਮੀ ਬਾਰਿਸ਼ ਨੇ ਕਿਸਾਨਾਂ ਦੀਆਂ ਚਿੰਤਾਵਾਂ ਵਧਾ ਦਿੱਤੀਆਂ ਹਨ। ਖੇਤਾਂ ਵਿੱਚ ਪੱਕ ਕੇ ਤਿਆਰ ਖੜ੍ਹੀ ਝੋਨੇ ਦੀ ਫ਼ਸਲ ਨੂੰ ਨੁਕਸਾਨ ਪਹੁੰਚਣ ਦਾ ਡਰ ਕਿਸਾਨਾਂ ਨੂੰ ਸਤਾਉਣ ਲੱਗਾ ਹੈ।
ਮੌਸਮ ਵਿਭਾਗ ਵੱਲੋਂ ਪੰਜਾਬ ਅਤੇ ਚੰਡੀਗੜ੍ਹ ਵਿੱਚ 24 ਅਕਤੂਬਰ ਤੋਂ ਮੌਸਮ ਵਿੱਚ ਤਬਦੀਲੀ ਆਉਣ ਦੀ ਸੰਭਾਵਨਾ ਜਤਾਈ ਗਈ ਹੈ। ਸੂਬੇ ਦੇ ਕੁਝ ਇਲਾਕਿਆਂ ਵਿੱਚ ਅਗਲੇ ਦੋ ਦਿਨਾਂ ਦੌਰਾਨ ਮੀਂਹ ਪੈ ਸਕਦਾ ਹੈ, ਜਦਕਿ ਚੰਡੀਗੜ੍ਹ ਵਿੱਚ ਅਸਮਾਨ ਅੰਸ਼ਕ ਤੌਰ ’ਤੇ ਬੱਦਲਵਾਈ ਵਾਲਾ ਰਹਿਣ ਦੀ ਉਮੀਦ ਹੈ। ਵਿਭਾਗ ਵੱਲੋਂ ਪੰਜਾਬ ਦੇ 11 ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਅਤੇ ਗਰਜ-ਤੂਫ਼ਾਨ ਸਬੰਧੀ ਅਲਰਟ ਜਾਰੀ ਕੀਤਾ ਗਿਆ ਹੈ।
20 ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ
ਮੌਸਮ ਵਿਭਾਗ ਅਨੁਸਾਰ ਪੰਜਾਬ ਦੇ 20 ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸ ਦੌਰਾਨ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਮੋਗਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ ਅਤੇ ਪਟਿਆਲਾ ਵਿੱਚ ਗਰਜ-ਤੂਫ਼ਾਨ ਦੇ ਨਾਲ ਬਿਜਲੀ ਚਮਕਣ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
ਇਸ ਤੋਂ ਇਲਾਵਾ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਫਤਿਹਗੜ੍ਹ ਸਾਹਿਬ ਸਮੇਤ ਹੋਰ ਜ਼ਿਲ੍ਹਿਆਂ ਵਿੱਚ ਵੀ ਮੀਂਹ ਪੈ ਸਕਦਾ ਹੈ।
ਤਾਪਮਾਨ ਵਿੱਚ ਗਿਰਾਵਟ, ਫਰੀਦਕੋਟ ਰਿਹਾ ਸਭ ਤੋਂ ਗਰਮ
ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 0.1 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਸ ਸਮੇਂ ਤਾਪਮਾਨ ਆਮ ਪੱਧਰ ਦੇ ਨੇੜੇ ਬਣਿਆ ਹੋਇਆ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਫਰੀਦਕੋਟ ਵਿੱਚ 36.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ।
ਨਵੀਂ ਪੱਛਮੀ ਗੜਬੜੀ ਕਰੇਗੀ ਮੌਸਮ ਨੂੰ ਪ੍ਰਭਾਵਿਤ
ਮੌਸਮ ਵਿਭਾਗ ਅਨੁਸਾਰ 24 ਅਕਤੂਬਰ ਤੋਂ ਇੱਕ ਨਵੀਂ ਪੱਛਮੀ ਗੜਬੜੀ ਉੱਤਰ-ਪੱਛਮੀ ਭਾਰਤ ਨੂੰ ਪ੍ਰਭਾਵਿਤ ਕਰ ਸਕਦੀ ਹੈ। ਉੱਤਰੀ ਹਰਿਆਣਾ ਅਤੇ ਉੱਤਰ-ਪੱਛਮੀ ਉੱਤਰ ਪ੍ਰਦੇਸ਼ ਦੇ ਨਾਲ ਲੱਗਦੇ ਇਲਾਕਿਆਂ ਵਿੱਚ ਬਣਿਆ ਚੱਕਰਵਾਤੀ ਘੇਰਾ ਹੁਣ ਕਮਜ਼ੋਰ ਪੈ ਗਿਆ ਹੈ। ਇਸ ਦੇ ਬਾਵਜੂਦ ਪੰਜਾਬ ਦੇ ਕਈ ਹਿੱਸਿਆਂ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਬਣੀ ਹੋਈ ਹੈ।
ਬੇਮੌਸਮੀ ਮੀਂਹ ਅਤੇ ਗੜ੍ਹੇਮਾਰੀ ਕਾਰਨ ਕਿਸਾਨਾਂ ਦੀਆਂ ਨਜ਼ਰਾਂ ਹੁਣ ਮੌਸਮ ’ਤੇ ਟਿਕੀਆਂ ਹੋਈਆਂ ਹਨ। ਕਿਸਾਨਾਂ ਨੂੰ ਡਰ ਹੈ ਕਿ ਜੇਕਰ ਆਉਣ ਵਾਲੇ ਦਿਨਾਂ ਵਿੱਚ ਵੀ ਮੀਂਹ ਅਤੇ ਗੜ੍ਹੇਮਾਰੀ ਜਾਰੀ ਰਹੀ ਤਾਂ ਪੱਕੀ ਝੋਨੇ ਦੀ ਫ਼ਸਲ ਨੂੰ ਭਾਰੀ ਨੁਕਸਾਨ ਹੋ ਸਕਦਾ ਹੈ।
Related