
Skip to content

ਪਿੰਡ ਮੰਦਰਾਂਵਾਲਾ ਦੀ ਮਹਿਲਾ ਸਰਪੰਚ ਦਾ ਪਤੀ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
ਅਜਨਾਲਾ (ਅਰਸ਼ਦੀਪ ਸਿੰਘ ਕਾਲੜਾ) : ਅਜਨਾਲਾ ਦੇ ਪਿੰਡ ਮੰਦਰਾਂਵਾਲਾ ਦੀ ਮਹਿਲਾ ਸਰਪੰਚ ਦੇ ਪਤੀ ਕੁਲਜੀਤ ਸਿੰਘ ਦੇ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਕੁਲਜੀਤ ਸਿੰਘ ਦੀ ਭਾਲ ਲਈ ਪਰਿਵਾਰ ਵੱਲੋਂ ਪੁਲਿਸ ਪ੍ਰਸ਼ਾਸਨ ਨੂੰ ਅਪੀਲ ਕੀਤੀ ਗਈ ਹੈ। ਇਸ ਸਬੰਧੀ ਕਾਂਗਰਸੀ ਆਗੂ ਸੁੱਖ ਔਜਲਾ ਅਤੇ ਪਰਿਵਾਰਕ ਮੈਂਬਰਾਂ ਵੱਲੋਂ ਪ੍ਰੈੱਸ ਕਾਨਫਰੰਸ ਕਰਕੇ ਕੁਲਜੀਤ ਸਿੰਘ ਨੂੰ ਜਲਦ ਲੱਭਣ ਦੀ ਮੰਗ ਕੀਤੀ ਗਈ।
ਜਾਣਕਾਰੀ ਦਿੰਦਿਆਂ ਕੁਲਜੀਤ ਸਿੰਘ ਦੇ ਭਰਾ ਅਤੇ ਕਾਂਗਰਸੀ ਆਗੂ ਸੁੱਖ ਔਜਲਾ ਨੇ ਦੱਸਿਆ ਕਿ ਕੁਲਜੀਤ ਸਿੰਘ ਆਪਣੇ ਪੋਤਰੇ ਦਾ ਸਰਟੀਫਿਕੇਟ ਲੈਣ ਲਈ ਫਤਿਹਗੜ੍ਹ ਚੂੜੀਆਂ ਗਏ ਸਨ। ਇਸ ਤੋਂ ਬਾਅਦ ਉਨ੍ਹਾਂ ਦਾ ਕੋਈ ਪਤਾ ਨਹੀਂ ਲੱਗ ਸਕਿਆ। ਪਰਿਵਾਰ ਵੱਲੋਂ ਆਪਣੇ ਪੱਧਰ ’ਤੇ ਵੀ ਕਾਫੀ ਭਾਲ ਕੀਤੀ ਗਈ, ਪਰ ਕੋਈ ਜਾਣਕਾਰੀ ਨਾ ਮਿਲਣ ’ਤੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ।
ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਕੁਲਜੀਤ ਸਿੰਘ ਦੀ ਜਲਦ ਤੋਂ ਜਲਦ ਭਾਲ ਕਰਕੇ ਉਨ੍ਹਾਂ ਨੂੰ ਪਰਿਵਾਰ ਦੇ ਹਵਾਲੇ ਕੀਤਾ ਜਾਵੇ।
ਉਧਰ, ਡੀਐਸਪੀ ਅਜਨਾਲਾ ਇੰਦਰਜੀਤ ਸਿੰਘ ਨੇ ਦੱਸਿਆ ਕਿ ਕੁਲਜੀਤ ਸਿੰਘ ਦੇ ਲਾਪਤਾ ਹੋਣ ਸਬੰਧੀ ਸ਼ਿਕਾਇਤ ਪੁਲਿਸ ਕੋਲ ਪਹੁੰਚੀ ਹੈ। ਇਸ ਮਾਮਲੇ ਵਿੱਚ ਐੱਫਆਈਆਰ ਦਰਜ ਕਰਕੇ ਜਾਂਚ ਅਤੇ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪੁਲਿਸ ਦੀਆਂ ਟੈਕਨੀਕਲ ਟੀਮਾਂ ਵੀ ਲਗਾਤਾਰ ਕੰਮ ਕਰ ਰਹੀਆਂ ਹਨ ਅਤੇ ਕੁਲਜੀਤ ਸਿੰਘ ਨੂੰ ਲੱਭਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ।

Related