
Skip to content

ਚੰਡੀਗੜ੍ਹ (ਅਰਸ਼ਦੀਪ ਸਿੰਘ ਕਾਲੜਾ) :- ਪੰਜਾਬ ਸਰਕਾਰ ਵੱਲੋਂ ਅਪ੍ਰੈਲ 2026 ਵਿੱਚ ਪਾਸ ਕੀਤੇ ਗਏ ‘ਦ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਵੱਡਾ ਕਦਮ ਚੁੱਕਿਆ ਗਿਆ ਹੈ। ਇਸ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਆਦੇਸ਼ ਅਨੁਸਾਰ ਪੰਜਾਬ ਵਿਧਾਨ ਸਭਾ ਦੇ ਸਾਰੇ ਸਿੱਖ ਵਿਧਾਇਕਾਂ ਅਤੇ ਸੂਬਾ ਸਰਕਾਰ ਦੇ ਸਿੱਖ ਕੈਬਨਿਟ ਮੰਤਰੀਆਂ ਨੂੰ 29 ਜੂਨ 2026 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਹਾਜ਼ਰ ਹੋਣ ਲਈ ਅਧਿਕਾਰਤ ਪੱਤਰ ਜਾਰੀ ਕਰ ਦਿੱਤੇ ਗਏ ਹਨ।
ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਇਹ ਪੱਤਰ ਵਿਧਾਇਕਾਂ ਅਤੇ ਮੰਤਰੀਆਂ ਦੇ ਅਧਿਕਾਰਤ ਈ-ਮੇਲ ਪਤਿਆਂ ਅਤੇ ਮੋਬਾਈਲ ਨੰਬਰਾਂ ਉੱਤੇ ਵਟਸਐਪ ਰਾਹੀਂ ਭੇਜੇ ਗਏ ਹਨ। ਇਹ ਸੰਪਰਕ ਪੰਜਾਬ ਵਿਧਾਨ ਸਭਾ ਦੀ ਅਧਿਕਾਰਤ ਵੈੱਬਸਾਈਟ www.punjabassembly.gov.in ’ਤੇ ਦਰਜ ਜਾਣਕਾਰੀ ਦੇ ਆਧਾਰ ’ਤੇ ਕੀਤਾ ਗਿਆ ਹੈ। ਦੱਸਿਆ ਗਿਆ ਹੈ ਕਿ ਇਹ ਪੱਤਰ 17 ਅਤੇ 18 ਜੂਨ 2026 ਨੂੰ ਭੇਜੇ ਜਾ ਚੁੱਕੇ ਸਨ।
ਇਸ ਸਬੰਧ ਵਿੱਚ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਨੂੰ ਵੀ 23 ਜੂਨ 2026 ਨੂੰ ਵਿਸ਼ੇਸ਼ ਪੱਤਰ ਭੇਜਿਆ ਗਿਆ ਹੈ। ਸਕੱਤਰੇਤ ਦੇ ਅਧਿਕਾਰੀਆਂ ਵੱਲੋਂ ਦੱਸਿਆ ਗਿਆ ਕਿ ਸਾਰੇ ਸੰਬੰਧਿਤ ਵਿਧਾਇਕਾਂ ਅਤੇ ਮੰਤਰੀਆਂ ਨਾਲ ਉਨ੍ਹਾਂ ਦੇ ਫੋਨ ਨੰਬਰਾਂ ਰਾਹੀਂ ਵੀ ਸੰਪਰਕ ਕੀਤਾ ਗਿਆ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਹਰ ਇਕ ਨੂੰ ਅਧਿਕਾਰਤ ਸੱਦੇ ਬਾਰੇ ਜਾਣਕਾਰੀ ਮਿਲੇ।
ਸਕੱਤਰੇਤ ਦੇ ਇੰਚਾਰਜ ਬਗੀਚਾ ਸਿੰਘ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਕਾਨੂੰਨੀ ਸੋਧ ਨਾਲ ਜੁੜੇ ਮਾਮਲੇ ’ਤੇ ਵਿਚਾਰ ਕਰਨ ਅਤੇ ਸਾਰੇ ਪੱਖਾਂ ਦੀ ਸੁਣਵਾਈ ਲਈ ਸਿੱਖ ਵਿਧਾਇਕਾਂ ਅਤੇ ਕੈਬਨਿਟ ਮੰਤਰੀਆਂ ਨੂੰ 29 ਜੂਨ 2026 ਨੂੰ ਸਵੇਰੇ 11 ਵਜੇ ਸ੍ਰੀ ਅੰਮ੍ਰਿਤਸਰ ਸਥਿਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਬੁਲਾਇਆ ਗਿਆ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਕੈਬਨਿਟ ਦੇ ਗੈਰ-ਸਿੱਖ ਮੰਤਰੀਆਂ ਨੂੰ ਵੀ ਇਸ ਸਬੰਧੀ ਪੱਤਰ ਭੇਜੇ ਗਏ ਹਨ ਅਤੇ ਉਨ੍ਹਾਂ ਨੂੰ ਆਖਿਆ ਗਿਆ ਹੈ ਕਿ ਉਹ 29 ਜੂਨ ਤੋਂ ਪਹਿਲਾਂ ਆਪਣੇ ਲਿਖਤੀ ਵਿਚਾਰ ਸਕੱਤਰੇਤ ਨੂੰ ਭੇਜਣ। ਇਸ ਪੂਰੇ ਮਾਮਲੇ ਨੂੰ ਲੈ ਕੇ ਸਿਆਸੀ ਅਤੇ ਧਾਰਮਿਕ ਸਰਗਰਮੀਆਂ ਵਿੱਚ ਤੇਜ਼ੀ ਆ ਗਈ ਹੈ ਅਤੇ ਹੁਣ ਸਭ ਦੀ ਨਜ਼ਰ 29 ਜੂਨ ਨੂੰ ਹੋਣ ਵਾਲੀ ਇਸ ਮਹੱਤਵਪੂਰਨ ਬੈਠਕ ’ਤੇ ਟਿਕੀ ਹੋਈ ਹੈ।

Related