ਸ੍ਰੀ ਅਕਾਲ ਤਖ਼ਤ ਦੇ ਹੁਕਮਾਂ ਦੀ ਰੌਸ਼ਨੀ ‘ਚ ਭਗਵੰਤ ਮਾਨ ਤੋਂ ਅਸਤੀਫ਼ੇ ਦੀ ਮੰਗ, SGPC ਨੇ 27 ਜੂਨ ਨੂੰ ਬੁਲਾਈ ਅਹਿਮ ਇਕੱਤਰਤਾ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਅੰਤ੍ਰਿੰਗ ਕਮੇਟੀ ਦੀ ਵਿਸ਼ੇਸ਼ ਇਕੱਤਰਤਾ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਥਿਤ ਤੌਰ ’ਤੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ’ਤੇ ਗੰਭੀਰ ਚਰਚਾ ਕੀਤੀ ਗਈ। SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਈ ਮੀਟਿੰਗ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਆਦੇਸ਼ਾਂ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਤੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਦੀ ਮੰਗ ਕੀਤੀ ਗਈ।

ਮੀਡੀਆ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦੀ ਸਰਬਉੱਚ ਸੰਸਥਾ ਹੈ ਅਤੇ ਇਸ ਦੇ ਹੁਕਮਾਂ ਦਾ ਸਤਿਕਾਰ ਕਰਨਾ ਹਰ ਸਿੱਖ ਦਾ ਫ਼ਰਜ਼ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਨਾਲ ਸੰਬੰਧਤ ਇਤਰਾਜ਼ਯੋਗ ਵੀਡੀਓ ਨੇ ਸਿੱਖ ਜਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦਿੱਤੇ ਮੌਕਿਆਂ ਦੇ ਬਾਵਜੂਦ ਮੁੱਖ ਮੰਤਰੀ ਨੇ ਆਪਣਾ ਪੱਖ ਪੇਸ਼ ਨਹੀਂ ਕੀਤਾ।

SGPC ਨੇ 27 ਜੂਨ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਜਨਰਲ ਇਕੱਤਰਤਾ ਬੁਲਾਉਣ ਦਾ ਫੈਸਲਾ ਵੀ ਕੀਤਾ ਹੈ, ਜਿਸ ਵਿੱਚ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ। ਇਸ ਦੇ ਨਾਲ ਹੀ ਹਲਕਾ ਪੱਧਰ ’ਤੇ ਵੱਡੇ ਇਕੱਠ ਕਰਕੇ ਸੰਗਤਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦੀ ਪਾਲਣਾ ਲਈ ਪ੍ਰੇਰਿਤ ਕਰਨ ਦਾ ਐਲਾਨ ਕੀਤਾ ਗਿਆ ਹੈ।

ਇਸ ਦੌਰਾਨ ਐਡਵੋਕੇਟ ਧਾਮੀ ਨੇ ਬੇਅਦਬੀ ਕਾਨੂੰਨ ਸਬੰਧੀ ਚੱਲ ਰਹੇ ਵਿਵਾਦਾਂ ’ਤੇ ਵੀ ਆਪਣਾ ਪੱਖ ਰੱਖਦਿਆਂ ਕਿਹਾ ਕਿ SGPC ਕੌਮੀ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕਾਨੂੰਨ ਦੀਆਂ ਇਤਰਾਜ਼ਯੋਗ ਧਾਰਾਵਾਂ ਨੂੰ ਹਟਾਉਣ ਦੀ ਮੰਗ ਕਰ ਰਹੀ ਹੈ।

ਅਮਰੀਕਾ ਦੌਰੇ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਯੂਬਾ ਸਿਟੀ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਪਾਈ ਲਈ ਪ੍ਰੈੱਸ ਅਤੇ ਗੁਰਮਤਿ ਪ੍ਰਚਾਰ ਕੇਂਦਰ ਸਥਾਪਤ ਕਰਨ ਦੀ ਪ੍ਰਕਿਰਿਆ ਤੇਜ਼ੀ ਨਾਲ ਅੱਗੇ ਵੱਧ ਰਹੀ ਹੈ। ਲੋੜੀਂਦੀਆਂ ਪ੍ਰਵਾਨਗੀਆਂ ਮਗਰੋਂ ਇਹ ਕੇਂਦਰ ਜਲਦ ਸ਼ੁਰੂ ਕੀਤਾ ਜਾਵੇਗਾ, ਜਿਸ ਨਾਲ ਵਿਦੇਸ਼ਾਂ ਵਿੱਚ ਵੱਸਦੀਆਂ ਸਿੱਖ ਸੰਗਤਾਂ ਨੂੰ ਵੱਡੀ ਸਹੂਲਤ ਮਿਲੇਗੀ।