ਭਾਜਪਾ ਨਾਲ ਗਠਜੋੜ ਦੀਆਂ ਚਰਚਾਵਾਂ ‘ਤੇ ਸੁਖਬੀਰ ਬਾਦਲ ਦਾ ਵੱਡਾ ਬਿਆਨ, ਕਿਹਾ- ਫਿਲਹਾਲ ਧਿਆਨ ਅਕਾਲੀ ਦਲ ਨੂੰ ਮਜ਼ਬੂਤ ਕਰਨ ‘ਤੇ

ਪੰਜਾਬ ਦੀ ਸਿਆਸਤ ਵਿੱਚ ਅਕਾਲੀ ਦਲ ਅਤੇ ਭਾਜਪਾ ਦੇ ਮੁੜ ਗਠਜੋੜ ਨੂੰ ਲੈ ਕੇ ਚੱਲ ਰਹੀਆਂ ਚਰਚਾਵਾਂ ਵਿਚਾਲੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।

ਭਾਜਪਾ ਨਾਲ ਗਠਜੋੜ ਦੇ ਸਵਾਲ ‘ਤੇ ਸੁਖਬੀਰ ਬਾਦਲ ਨੇ ਸਿੱਧਾ ਕੋਈ ਹਾਂ-ਪੱਖੀ ਜਵਾਬ ਨਹੀਂ ਦਿੱਤਾ, ਪਰ ਭਵਿੱਖ ਵਿੱਚ ਸੰਭਾਵਨਾ ਤੋਂ ਇਨਕਾਰ ਵੀ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਇਸ ਸਮੇਂ ਪਾਰਟੀ ਦੀ ਮਜ਼ਬੂਤੀ ਅਤੇ ਜਥੇਬੰਦਕ ਤੌਰ ‘ਤੇ ਅਕਾਲੀ ਦਲ ਨੂੰ ਹੋਰ ਮਜ਼ਬੂਤ ਕਰਨਾ ਉਨ੍ਹਾਂ ਦੀ ਪਹਿਲੀ ਤਰਜੀਹ ਹੈ।

ਸੁਖਬੀਰ ਬਾਦਲ ਨੇ ਕਿਹਾ ਕਿ ਪਾਰਟੀ ਤੋਂ ਦੂਰ ਹੋਏ ਆਗੂਆਂ ਅਤੇ ਵਰਕਰਾਂ ਨੂੰ ਮੁੜ ਨਾਲ ਜੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਸਾਰਿਆਂ ਨੂੰ ਇਕੱਠੇ ਕਰਕੇ ਅੱਗੇ ਵਧਣ ਦੀ ਰਣਨੀਤੀ ਬਣਾਈ ਜਾ ਰਹੀ ਹੈ।

ਸਿਆਸੀ ਮਾਹਰਾਂ ਮੁਤਾਬਕ ਸੁਖਬੀਰ ਬਾਦਲ ਦਾ ਇਹ ਗੋਲ-ਮੋਲ ਬਿਆਨ ਸੰਕੇਤ ਦੇ ਰਿਹਾ ਹੈ ਕਿ ਪੰਜਾਬ ਦੀ ਸਿਆਸਤ ਵਿੱਚ ਆਉਣ ਵਾਲੇ ਸਮੇਂ ਦੌਰਾਨ ਨਵਾਂ ਸਿਆਸੀ ਸਮੀਕਰਨ ਬਣ ਸਕਦਾ ਹੈ ਅਤੇ ਅਕਾਲੀ-ਭਾਜਪਾ ਗਠਜੋੜ ਦੀਆਂ ਸੰਭਾਵਨਾਵਾਂ ਅਜੇ ਪੂਰੀ ਤਰ੍ਹਾਂ ਖਤਮ ਨਹੀਂ ਹੋਈਆਂ।