ਫਿਰੋਜ਼ਪੁਰ ਦਿਹਾਤੀ ’ਚ ਅਕਾਲੀ ਦਲ ਹੋ ਰਿਹਾ ਸਰਗਰਮ, ਜਿੰਦੂ ਦੀ ਅਗਵਾਈ ਹੇਠ ਪਿੰਡ-ਪਿੰਡ ਰਾਬਤਾ ਮੁਹਿੰਮ

ਜਤਿੰਦਰ ਪਿੰਕਲ, ਫਿਰੋਜ਼ਪੁਰ: ਸ਼੍ਰੋਮਣੀ ਅਕਾਲੀ ਦਲ ਹਲਕਾ ਫਿਰੋਜ਼ਪੁਰ ਦਿਹਾਤੀ ਵਿੱਚ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਰਿਹਾ ਹੈ। ਸਾਬਕਾ ਵਿਧਾਇਕ ਸ. ਜਗਿੰਦਰ ਸਿੰਘ ਜਿੰਦੂ ਦੀ ਅਗਵਾਈ ਹੇਠ ਪਾਰਟੀ ਦੇ ਵਰਕਰਾਂ ਅਤੇ ਅਹੁਦੇਦਾਰਾਂ ਵੱਲੋਂ ਪਿੰਡ-ਪਿੰਡ ਜਾ ਕੇ ਲੋਕਾਂ ਨਾਲ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ ਅਤੇ ਜਥੇਬੰਦੀ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਲਈ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਾਬਕਾ ਸਰਪੰਚ ਮੋਹਨਜੀਤ ਸਿੰਘ ਅਤੇ ਅਨਮੋਲ ਸਿੰਘ ਭਾਗਰ ਨੇ ਦੱਸਿਆ ਕਿ ਸ. ਜਗਿੰਦਰ ਸਿੰਘ ਜਿੰਦੂ ਦੀ ਅਗਵਾਈ ਅਤੇ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਨੌਜਵਾਨਾਂ ਸਮੇਤ ਵੱਖ-ਵੱਖ ਵਰਗਾਂ ਦੇ ਲੋਕ ਅਕਾਲੀ ਦਲ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਹਲਕੇ ਵਿੱਚ ਕਰਵਾਏ ਗਏ ਵਿਕਾਸ ਕਾਰਜਾਂ ਨੂੰ ਲੋਕ ਅੱਜ ਵੀ ਯਾਦ ਕਰਦੇ ਹਨ।

ਸਾਬਕਾ ਸਰਪੰਚ ਮੋਹਨਜੀਤ ਸਿੰਘ ਨੇ ਕਿਹਾ ਕਿ ਅਕਾਲੀ ਦਲ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਗੱਲ ਕਰਨ ਵਾਲੀ ਪਾਰਟੀ ਹੈ। ਉਨ੍ਹਾਂ ਕਿਹਾ ਕਿ ਜਿੰਦੂ ਦੀ ਅਗਵਾਈ ਹੇਠ ਪਾਰਟੀ ਵਰਕਰ ਹਰ ਪਿੰਡ ਵਿੱਚ ਲੋਕਾਂ ਤੱਕ ਪਾਰਟੀ ਦਾ ਸੁਨੇਹਾ ਪਹੁੰਚਾ ਰਹੇ ਹਨ ਅਤੇ ਉਨ੍ਹਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

ਅਨਮੋਲ ਬਰਾੜ ਭਾਗਰ ਨੇ ਕਿਹਾ ਕਿ ਹਲਕਾ ਫਿਰੋਜ਼ਪੁਰ ਦਿਹਾਤੀ ਵਿੱਚ ਆਉਣ ਵਾਲੇ ਸਮੇਂ ਦੌਰਾਨ ਪਾਰਟੀ ਵੱਲੋਂ ਵੱਡੀਆਂ ਮੀਟਿੰਗਾਂ ਅਤੇ ਵਰਕਰ ਸੰਮੇਲਨ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਪਾਰਟੀ ਦੀ ਜਥੇਬੰਦਕ ਤਾਕਤ ਵਧਾਉਣ ਲਈ ਵਰਕਰਾਂ ਵੱਲੋਂ ਲਗਾਤਾਰ ਮਿਹਨਤ ਕੀਤੀ ਜਾ ਰਹੀ ਹੈ।

ਇਸ ਮੌਕੇ ਮੌਜੂਦ ਹੋਰਨਾਂ ਵਰਕਰਾਂ ਨੇ ਵੀ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ ਅਤੇ ਹਲਕੇ ਵਿੱਚ ਜਥੇਬੰਦੀ ਨੂੰ ਮਜ਼ਬੂਤ ਕਰਨ ਲਈ ਦਿਨ-ਰਾਤ ਮਿਹਨਤ ਕਰਨ ਦਾ ਭਰੋਸਾ ਦਿੱਤਾ।