ਅਕਾਲੀ-ਭਾਜਪਾ ਗਠਜੋੜ ਨੂੰ ਲੈ ਕੇ ਵੱਡੀ ਖ਼ਬਰ! ਦੀਵਾਲੀ ਤੋਂ ਬਾਅਦ ਹੋ ਸਕਦਾ ਹੈ ਰਸਮੀ ਐਲਾਨ, ਸੀਟਾਂ ਦੀ ਵੰਡ ਨੂੰ ਲੈ ਕੇ ਚੱਲ ਰਹੀ ਗੱਲਬਾਤ

ਚੰਡੀਗੜ੍ਹ (ਅਰਸ਼ਦੀਪ ਸਿੰਘ ਕਾਲੜਾ) : ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ ਦੀ ਸਿਆਸਤ ਵਿੱਚ ਹਲਚਲ ਤੇਜ਼ ਹੋ ਗਈ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿਚਾਲੇ ਸੰਭਾਵਿਤ ਗਠਜੋੜ ਨੂੰ ਲੈ ਕੇ ਸਸਪੈਂਸ ਬਰਕਰਾਰ ਹੈ। ਹੁਣ ਸੂਤਰਾਂ ਦੇ ਹਵਾਲੇ ਨਾਲ ਖ਼ਬਰ ਸਾਹਮਣੇ ਆ ਰਹੀ ਹੈ ਕਿ ਦੋਵੇਂ ਪਾਰਟੀਆਂ ਦੀਵਾਲੀ ਤੋਂ ਬਾਅਦ ਗਠਜੋੜ ਦਾ ਰਸਮੀ ਐਲਾਨ ਕਰ ਸਕਦੀਆਂ ਹਨ।

ਸੂਤਰਾਂ ਮੁਤਾਬਕ ਦੋਵੇਂ ਪਾਰਟੀਆਂ ਵਿਚਾਲੇ ਸੀਟਾਂ ਦੀ ਵੰਡ ਨੂੰ ਲੈ ਕੇ ਗੱਲਬਾਤ ਚੱਲ ਰਹੀ ਹੈ। ਗਠਜੋੜ ਨੂੰ ਅੰਤਿਮ ਰੂਪ ਦੇਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਠਿੰਡਾ ਦਾ ਦੌਰਾ ਵੀ ਕਰ ਸਕਦੇ ਹਨ। ਦੱਸਿਆ ਜਾ ਰਿਹਾ ਹੈ ਕਿ ਉੱਥੇ ਹੋਣ ਵਾਲੀ ਇੱਕ ਵੱਡੀ ਰੈਲੀ ਦੌਰਾਨ ਗਠਜੋੜ ਦਾ ਐਲਾਨ ਕੀਤੇ ਜਾਣ ਦੀ ਸੰਭਾਵਨਾ ਹੈ।

ਜ਼ਿਕਰਯੋਗ ਹੈ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਆਪਣੇ ਪੰਜਾਬ ਦੌਰੇ ਦੌਰਾਨ ਸੂਬੇ ਵਿੱਚ NDA ਦੀ ਸਰਕਾਰ ਬਣਨ ਦੀ ਗੱਲ ਕਹਿ ਚੁੱਕੇ ਹਨ। ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਹਾਲ ਹੀ ਵਿੱਚ ਗਠਜੋੜ ਨੂੰ ਲੈ ਕੇ ਬਿਆਨ ਦਿੱਤਾ ਸੀ। ਉਨ੍ਹਾਂ ਕਿਹਾ ਸੀ ਕਿ ਆਉਣ ਵਾਲੇ ਕੁਝ ਦਿਨਾਂ ਵਿੱਚ ਸਥਿਤੀ ਸਪੱਸ਼ਟ ਹੋ ਜਾਵੇਗੀ।

ਸੁਖਬੀਰ ਬਾਦਲ ਨੇ ਇਹ ਵੀ ਕਿਹਾ ਸੀ ਕਿ ਅਕਾਲੀ ਦਲ ਉਨ੍ਹਾਂ ਹੀ ਪਾਰਟੀਆਂ ਨਾਲ ਗਠਜੋੜ ਕਰੇਗਾ, ਜੋ ਪੰਜਾਬ ਦੇ ਹਿੱਤਾਂ ਨੂੰ ਪਹਿਲ ਦੇਣਗੀਆਂ।

ਇਨ੍ਹਾਂ ਬਿਆਨਾਂ ਤੋਂ ਬਾਅਦ ਸਿਆਸੀ ਹਲਕਿਆਂ ਵਿੱਚ ਅਕਾਲੀ ਦਲ ਅਤੇ ਭਾਜਪਾ ਦੇ ਮੁੜ ਇਕੱਠੇ ਚੋਣ ਲੜਨ ਨੂੰ ਲੈ ਕੇ ਚਰਚਾਵਾਂ ਤੇਜ਼ ਹੋ ਗਈਆਂ ਹਨ। ਹਾਲਾਂਕਿ, ਦੋਵਾਂ ਪਾਰਟੀਆਂ ਵੱਲੋਂ ਅਜੇ ਤੱਕ ਗਠਜੋੜ ਸਬੰਧੀ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ ਹੈ।

ਹੁਣ ਸਭ ਦੀਆਂ ਨਜ਼ਰਾਂ ਦੀਵਾਲੀ ਤੋਂ ਬਾਅਦ ਹੋਣ ਵਾਲੇ ਸੰਭਾਵਿਤ ਐਲਾਨ ‘ਤੇ ਟਿਕੀਆਂ ਹੋਈਆਂ ਹਨ।