Skip to content
(ਅਮਿਤ ਨਖਵਾਲ) ਚੰਡੀਗੜ੍ਹ/ਪੰਜਾਬ, 11 ਜੁਲਾਈ: ਪੰਜਾਬ ਵਿੱਚ ਅੱਜ 15 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਹਿਮਾਚਲ ਪ੍ਰਦੇਸ਼ ਦੀ ਸਰਹੱਦ ਨਾਲ ਲੱਗਦੇ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਲਈ ਭਾਰੀ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਤੋਂ ਇਲਾਵਾ ਗੁਰਦਾਸਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਪਟਿਆਲਾ, ਮੋਹਾਲੀ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ ਅਤੇ ਸੰਗਰੂਰ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਇਸੇ ਦੌਰਾਨ ਚੰਡੀਗੜ੍ਹ ਵਿੱਚ ਬੀਤੀ ਰਾਤ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ। ਮਨੀਮਾਜਰਾ ਦੇ ਤਿੰਨ ਦੋਸਤ ਅੰਬਾਲਾ-ਚੰਡੀਗੜ੍ਹ ਹਾਈਵੇਅ ਨੇੜੇ ਭਾਂਖਰਪੁਰ ਕੋਲ ਘੱਗਰ ਨਦੀ ਵਿੱਚ ਮੱਛੀਆਂ ਫੜਨ ਗਏ ਸਨ, ਜਿੱਥੇ ਤੇਜ਼ ਵਹਾਅ ਕਾਰਨ ਸੁਰਿੰਦਰ ਅਤੇ ਦਰਸ਼ਨ ਨਦੀ ਵਿੱਚ ਵਹਿ ਗਏ, ਜਦਕਿ ਉਨ੍ਹਾਂ ਦਾ ਤੀਜਾ ਸਾਥੀ ਚੰਦਾ ਝਾੜੀਆਂ ਦਾ ਸਹਾਰਾ ਲੈ ਕੇ ਆਪਣੀ ਜਾਨ ਬਚਾਉਣ ਵਿੱਚ ਕਾਮਯਾਬ ਰਿਹਾ। ਪੁਲਿਸ ਅਤੇ ਰਾਹਤ ਟੀਮਾਂ ਵੱਲੋਂ ਦੋਵਾਂ ਦੀ ਭਾਲ ਜਾਰੀ ਹੈ।
ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਅਨੁਸਾਰ ਪੰਜਾਬ ਦਾ ਔਸਤ ਵੱਧ ਤੋਂ ਵੱਧ ਤਾਪਮਾਨ 0.6 ਡਿਗਰੀ ਸੈਲਸੀਅਸ ਵਧਿਆ ਹੈ, ਹਾਲਾਂਕਿ ਇਹ ਆਮ ਦੇ ਨੇੜੇ ਹੀ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 39.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਸ਼ੁੱਕਰਵਾਰ ਨੂੰ ਫਾਜ਼ਿਲਕਾ ਵਿੱਚ ਸਭ ਤੋਂ ਵੱਧ 25.5 ਮਿਲੀਮੀਟਰ, ਬਠਿੰਡਾ ਵਿੱਚ 3 ਮਿਲੀਮੀਟਰ ਅਤੇ ਚੰਡੀਗੜ੍ਹ ਵਿੱਚ 1.7 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ।
ਮੌਸਮ ਵਿਭਾਗ ਦੇ ਡਾਇਰੈਕਟਰ ਸੁਰੇਂਦਰ ਪਾਲ ਨੇ ਦੱਸਿਆ ਕਿ ਅੱਜ ਅਤੇ ਭਲਕੇ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ, ਪਰ ਇਸ ਤੋਂ ਬਾਅਦ ਮੀਂਹ ਦੀ ਗਤੀਵਿਧੀ ਕਮਜ਼ੋਰ ਪੈਣ ਦੀ ਸੰਭਾਵਨਾ ਹੈ। ਘੱਟ ਦਬਾਅ ਵਾਲਾ ਖੇਤਰ ਕਮਜ਼ੋਰ ਹੋਣ ਅਤੇ ਮਾਨਸੂਨ ਟ੍ਰਫ ਦੇ ਹਿਮਾਲਿਆ ਦੀਆਂ ਤਲਹਟੀਆਂ ਵੱਲ ਖਿਸਕਣ ਕਾਰਨ ਰਾਜ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਮੀਂਹ ਵਿੱਚ ਕਮੀ ਨਾਲ ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਅਤੇ ਨਮੀ ਦਾ ਪੱਧਰ ਵਧ ਸਕਦਾ ਹੈ।
Related