“ਜੇਕਰ ਈਡੀ ਇੰਨੀ ਦੁੱਧ ਧੋਤੀ ਹੈ ਤਾਂ ਸੁਖਬੀਰ ਬਾਦਲ, ਕੈਪਟਨ ਅਮਰਿੰਦਰ ਸਿੰਘ ਤੇ ਮੈਨੂੰ ਵੀ ਚੁੱਕ ਕੇ ਲੈ ਜਾਵੇ”

    ਚੰਡੀਗੜ੍ਹ,ਅਮਿਤ ਨੱਖਵਾਲ: ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਕਾਰਵਾਈ ਨੂੰ ਲੈ ਕੇ ਕੇਂਦਰ ਸਰਕਾਰ ਅਤੇ ਭਾਜਪਾ ’ਤੇ ਤਿੱਖੇ ਨਿਸ਼ਾਨੇ ਸਾਧੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰੀ ਜਾਂਚ ਏਜੰਸੀਆਂ ਦੀ ਵਰਤੋਂ ਕਰਕੇ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

    ਅਮਨ ਅਰੋੜਾ ਨੇ ਕਿਹਾ ਕਿ ਜੇਕਰ ਕਿਸੇ ਮਾਮਲੇ ਵਿੱਚ ਗੜਬੜ ਹੋਈ ਹੈ ਤਾਂ ਜਾਂਚ ਸਿਰਫ਼ ਇੱਕ ਵਿਅਕਤੀ ਜਾਂ ਇੱਕ ਸਰਕਾਰ ਤੱਕ ਸੀਮਤ ਨਹੀਂ ਰਹਿਣੀ ਚਾਹੀਦੀ। ਉਨ੍ਹਾਂ ਕਿਹਾ ਕਿ ਜੇਕਰ ਈਡੀ ਦੀ ਜਾਂਚ ਨਿਰਪੱਖ ਹੈ ਤਾਂ ਸੁਖਬੀਰ ਸਿੰਘ ਬਾਦਲ, ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਸਮੇਤ ਹਰ ਉਸ ਵਿਅਕਤੀ ਤੋਂ ਪੁੱਛਗਿੱਛ ਕੀਤੀ ਜਾਵੇ, ਜਿਸ ਦਾ ਇਸ ਮਾਮਲੇ ਨਾਲ ਸਬੰਧ ਬਣਦਾ ਹੈ।

    ਮੰਤਰੀ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੇ ਮੰਤਰੀ ਕਾਰਜਕਾਲ ਦੌਰਾਨ ਅਲਟਿਸ ਪ੍ਰੋਜੈਕਟ ਨਾਲ ਸਬੰਧਤ ਕੋਈ ਸੀ.ਐਲ.ਯੂ. ਜਾਰੀ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪ੍ਰੋਜੈਕਟ ਦੇ ਲੇਆਉਟ ਵਿੱਚ ਵੱਖ-ਵੱਖ ਸਮਿਆਂ ਦੌਰਾਨ ਤਬਦੀਲੀਆਂ ਹੁੰਦੀਆਂ ਰਹੀਆਂ ਹਨ ਅਤੇ ਇਸ ਮਾਮਲੇ ਨੂੰ ਪੂਰੇ ਰਿਕਾਰਡ ਅਤੇ ਕਾਨੂੰਨੀ ਪ੍ਰਕਿਰਿਆ ਦੇ ਆਧਾਰ ’ਤੇ ਦੇਖਿਆ ਜਾਣਾ ਚਾਹੀਦਾ ਹੈ।

    ਅਰੋੜਾ ਮੁਤਾਬਕ ਇਸ ਪ੍ਰੋਜੈਕਟ ਨਾਲ ਸਬੰਧਤ ਲੇਆਉਟ ਅਤੇ ਹੋਰ ਮਨਜ਼ੂਰੀਆਂ ਵੱਖ-ਵੱਖ ਸਰਕਾਰਾਂ ਦੇ ਕਾਰਜਕਾਲ ਦੌਰਾਨ ਹੋਈਆਂ। ਉਨ੍ਹਾਂ ਕਿਹਾ ਕਿ ਜਦੋਂ ਉਹ ਸਬੰਧਤ ਵਿਭਾਗ ਦੇ ਮੰਤਰੀ ਸਨ, ਉਸ ਸਮੇਂ ਉਨ੍ਹਾਂ ਵੱਲੋਂ ਕੋਈ ਅਜਿਹਾ ਬਦਲਾਅ ਨਹੀਂ ਕੀਤਾ ਗਿਆ, ਜਿਸ ਦੇ ਆਧਾਰ ’ਤੇ ਉਨ੍ਹਾਂ ਨੂੰ ਇਸ ਮਾਮਲੇ ਨਾਲ ਜੋੜਿਆ ਜਾ ਸਕੇ।

    ਪੰਜਾਬ ਪੁਲਿਸ ਵੱਲੋਂ ਈਡੀ ਨੂੰ ਭੇਜੇ ਗਏ ਪੱਤਰ ਦਾ ਹਵਾਲਾ ਦਿੰਦਿਆਂ ਅਮਨ ਅਰੋੜਾ ਨੇ ਕਿਹਾ ਕਿ ਜਾਂਚ ਏਜੰਸੀ ਵੱਲੋਂ ਭੇਜੀ ਗਈ ਕੁਝ ਸਮੱਗਰੀ ਪੜ੍ਹਨਯੋਗ ਜਾਂ ਪ੍ਰਮਾਣਿਕ ਨਹੀਂ ਦੱਸੀ ਗਈ ਹੈ। ਉਨ੍ਹਾਂ ਕਿਹਾ ਕਿ ਪੁਲਿਸ ਨੇ ਈਡੀ ਤੋਂ ਦੁਬਾਰਾ ਸਪਸ਼ਟ ਅਤੇ ਪ੍ਰਮਾਣਿਕ ਦਸਤਾਵੇਜ਼ ਜਾਂ ਤੱਥ ਮੁਹੱਈਆ ਕਰਵਾਉਣ ਲਈ ਕਿਹਾ ਹੈ, ਤਾਂ ਜੋ ਕਾਨੂੰਨ ਮੁਤਾਬਕ ਅਗਲੀ ਕਾਰਵਾਈ ਕੀਤੀ ਜਾ ਸਕੇ।

    ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਰਾਣੇ ਬਿਆਨਾਂ ਦਾ ਜ਼ਿਕਰ ਕਰਦਿਆਂ ਅਰੋੜਾ ਨੇ ਕਿਹਾ ਕਿ ਕੇਂਦਰੀ ਏਜੰਸੀਆਂ ਨੂੰ ਲੈ ਕੇ ਪਹਿਲਾਂ ਵੀ ਸਵਾਲ ਉੱਠਦੇ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਮੌਜੂਦਾ ਸਮੇਂ ਵਿੱਚ ਕੇਂਦਰੀ ਏਜੰਸੀਆਂ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਇਸ਼ਾਰਿਆਂ ’ਤੇ ਕੰਮ ਕਰਦੀਆਂ ਨਜ਼ਰ ਆ ਰਹੀਆਂ ਹਨ।

    ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਅਕਾਲੀ-ਭਾਜਪਾ, ਕਾਂਗਰਸ ਅਤੇ ਮੌਜੂਦਾ ਸਰਕਾਰ ਦੇ ਸਮੇਂ ਦੌਰਾਨ ਕਿਸੇ ਪੱਧਰ ’ਤੇ ਗਲਤ ਕੰਮ ਹੋਇਆ ਹੈ ਤਾਂ ਜਾਂਚ ਸਭ ਦੀ ਹੋਣੀ ਚਾਹੀਦੀ ਹੈ। ਅਰੋੜਾ ਨੇ ਕਿਹਾ ਕਿ ਜੇਕਰ ਪੁਰਾਣੀਆਂ ਨੀਤੀਆਂ ਅਤੇ ਫੈਸਲਿਆਂ ਦੀ ਜਾਂਚ ਕੀਤੀ ਜਾਣੀ ਹੈ ਤਾਂ ਉਸ ਸਮੇਂ ਦੇ ਜ਼ਿੰਮੇਵਾਰ ਮੰਤਰੀਆਂ ਅਤੇ ਅਧਿਕਾਰੀਆਂ ਨੂੰ ਵੀ ਜਾਂਚ ਦੇ ਘੇਰੇ ਵਿੱਚ ਲਿਆਂਦਾ ਜਾਣਾ ਚਾਹੀਦਾ ਹੈ।

    ਅਮਨ ਅਰੋੜਾ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਨੂੰ ਕਿਸੇ ਵੀ ਨਿਰਪੱਖ ਜਾਂਚ ਤੋਂ ਇਤਰਾਜ਼ ਨਹੀਂ ਹੈ, ਪਰ ਜਾਂਚ ਦਾ ਮਾਪਦੰਡ ਸਾਰਿਆਂ ਲਈ ਇੱਕੋ ਜਿਹਾ ਹੋਣਾ ਚਾਹੀਦਾ ਹੈ।

    ਰਿਪੋਰਟ:- ਅਮਿਤ ਨੱਖਵਾਲ