
Skip to content

ਅਮਰਜੀਤ ਸਿੰਘ ਚਾਵਲਾ ਦੇ ਅਸਤੀਫ਼ੇ ਨੂੰ ਪ੍ਰਵਾਨ ਕਰਨ ਦੀ ਮੰਗ, ਪੰਜਾਬ-ਹਰਿਆਣਾ ਹਾਈਕੋਰਟ ’ਚ ਰਿੱਟ ਪਟੀਸ਼ਨ ਦਾਇਰ
ਚੰਡੀਗੜ੍ਹ (ਅਰਸ਼ਦੀਪ ਸਿੰਘ ਕਾਲੜਾ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਸ੍ਰੀ ਅਨੰਦਪੁਰ ਸਾਹਿਬ ਹਲਕੇ ਤੋਂ ਮੈਂਬਰ ਅਮਰਜੀਤ ਸਿੰਘ ਚਾਵਲਾ ਵਿਰੁੱਧ ਦਰਜ ਅਪਰਾਧਿਕ ਮਾਮਲੇ ਅਤੇ ਉਨ੍ਹਾਂ ਵੱਲੋਂ ਦਿੱਤੇ ਅਸਤੀਫ਼ੇ ਨੂੰ ਪ੍ਰਵਾਨ ਕਰਨ ਦੀ ਮੰਗ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸਿਵਲ ਰਿੱਟ ਪਟੀਸ਼ਨ ਦਾਇਰ ਕੀਤੀ ਗਈ ਹੈ। ਇਹ ਪਟੀਸ਼ਨ ਪਿੰਡ ਕੁਲਗੜ੍ਹ ਵਾਸੀ ਹਰਜਿੰਦਰ ਸਿੰਘ ਨੇ ਐਡਵੋਕੇਟ ਬਲਬੀਰ ਸਿੰਘ ਸੇਵਕ ਰਾਹੀਂ ਦਾਇਰ ਕੀਤੀ ਹੈ।
ਪਟੀਸ਼ਨਕਰਤਾ ਨੇ ਮੰਗ ਕੀਤੀ ਹੈ ਕਿ ਐਸਜੀਪੀਸੀ ਅਤੇ ਇਸ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸਿੱਖ ਗੁਰਦੁਆਰਾ ਐਕਟ, 1925 ਦੀ ਧਾਰਾ 67 ਤਹਿਤ ਅਮਰਜੀਤ ਸਿੰਘ ਚਾਵਲਾ ਵੱਲੋਂ 16 ਸਤੰਬਰ 2026 ਨੂੰ ਭੇਜੇ ਗਏ ਅਸਤੀਫ਼ੇ ’ਤੇ ਕਾਨੂੰਨ ਅਨੁਸਾਰ ਤੁਰੰਤ ਫ਼ੈਸਲਾ ਲੈਣ ਦੇ ਨਿਰਦੇਸ਼ ਦਿੱਤੇ ਜਾਣ।
ਇਸ ਦੇ ਨਾਲ ਹੀ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਨੂੰ ਥਾਣਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਦਰਜ ਐਫਆਈਆਰ ਨੰਬਰ 149, ਮਿਤੀ 21 ਅਗਸਤ 2026 ਦੀ ਨਿਰਪੱਖ, ਪਾਰਦਰਸ਼ੀ ਅਤੇ ਤੇਜ਼ੀ ਨਾਲ ਜਾਂਚ ਯਕੀਨੀ ਬਣਾਉਣ ਦੀ ਮੰਗ ਕੀਤੀ ਗਈ ਹੈ। ਪਟੀਸ਼ਨ ਵਿੱਚ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਲੁੱਕ-ਆਊਟ ਸਰਕੂਲਰ (LOC) ਜਾਰੀ ਕਰਨ ਦੀ ਮੰਗ ਵੀ ਕੀਤੀ ਗਈ ਹੈ।
ਪਟੀਸ਼ਨ ਵਿੱਚ ਦੋਸ਼ ਲਾਇਆ ਗਿਆ ਹੈ ਕਿ ਬਹਿਰੀਨ ਤੋਂ ਆਈ ਇੱਕ ਮਹਿਲਾ ਸ਼ਰਧਾਲੂ ਦੀ ਸ਼ਿਕਾਇਤ ਦੇ ਆਧਾਰ ’ਤੇ ਚਾਵਲਾ ਖ਼ਿਲਾਫ਼ ਬਲਾਤਕਾਰ, ਗੈਰ-ਕਾਨੂੰਨੀ ਤੌਰ ’ਤੇ ਬੰਦੀ ਬਣਾਉਣ ਅਤੇ ਧਮਕਾਉਣ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਗਿਆ। ਪਟੀਸ਼ਨਕਰਤਾ ਦਾ ਦਾਅਵਾ ਹੈ ਕਿ ਐਫਆਈਆਰ ਦਰਜ ਹੋਣ ਦੇ ਬਾਵਜੂਦ ਜਾਂਚ ਵਿੱਚ ਲੋੜੀਂਦੀ ਤੇਜ਼ੀ ਨਹੀਂ ਦਿਖਾਈ ਗਈ ਅਤੇ ਇਸ ਦੌਰਾਨ ਕਥਿਤ ਤੌਰ ’ਤੇ ਚਾਵਲਾ ਕੈਨੇਡਾ ਚਲੇ ਗਏ।
ਵਿਵਾਦ ਦਰਮਿਆਨ ਅਮਰਜੀਤ ਸਿੰਘ ਚਾਵਲਾ ਨੇ 16 ਸਤੰਬਰ ਨੂੰ ਵਟਸਐਪ ਰਾਹੀਂ ਐਸਜੀਪੀਸੀ ਪ੍ਰਧਾਨ ਨੂੰ ਆਪਣਾ ਅਸਤੀਫ਼ਾ ਭੇਜਿਆ ਸੀ। ਚਾਵਲਾ ਨੇ ਆਪਣੇ ਖ਼ਿਲਾਫ਼ ਲੱਗੇ ਦੋਸ਼ਾਂ ਨੂੰ ਨਕਾਰਦਿਆਂ ਇਸ ਨੂੰ ਸਾਜ਼ਿਸ਼ ਕਰਾਰ ਦਿੱਤਾ ਸੀ। ਪਟੀਸ਼ਨਕਰਤਾ ਅਨੁਸਾਰ 17 ਸਤੰਬਰ ਨੂੰ ਐਸਜੀਪੀਸੀ ਪ੍ਰਧਾਨ ਨੂੰ ਮੰਗ ਪੱਤਰ ਦੇਣ ਦੇ ਬਾਵਜੂਦ ਅਸਤੀਫ਼ੇ ਸਬੰਧੀ ਕੋਈ ਕਾਰਵਾਈ ਨਹੀਂ ਕੀਤੀ ਗਈ।
ਪਟੀਸ਼ਨ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਥਕ ਮਰਯਾਦਾ ਦੀ ਉਲੰਘਣਾ ਦੇ ਦੋਸ਼ਾਂ ਤਹਿਤ ਚਾਵਲਾ ਖ਼ਿਲਾਫ਼ ਕੀਤੇ ਗਏ ਹਾਲੀਆ ਫ਼ੈਸਲੇ ਦਾ ਵੀ ਹਵਾਲਾ ਦਿੱਤਾ ਗਿਆ ਹੈ। ਹੁਣ ਇਸ ਰਿੱਟ ਪਟੀਸ਼ਨ ’ਤੇ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਣ ਦੀ ਸੰਭਾਵਨਾ ਹੈ।

Related