Skip to content
ਅਮਰਨਾਥ ਯਾਤਰਾ ਦੌਰਾਨ ਪੰਜਾਬ ਦੇ ਸ਼ਰਧਾਲੂ ਦੀ ਮੌਤ, ਸੋਨਮਰਗ ਦੇ ਹੋਟਲ ‘ਚ ਮਿਲੀ ਲਾਸ਼
ਸ੍ਰੀਨਗਰ (ਅਰਸ਼ਦੀਪ ਸਿੰਘ ਕਾਲੜਾ) :- ਅਮਰਨਾਥ ਯਾਤਰਾ ਸ਼ੁਰੂ ਹੋਣ ਨਾਲ ਦੇਸ਼-ਵਿਦੇਸ਼ ਤੋਂ ਹਜ਼ਾਰਾਂ ਸ਼ਰਧਾਲੂ ਬਾਬਾ ਬਰਫਾਨੀ ਦੇ ਦਰਸ਼ਨਾਂ ਲਈ ਜੰਮੂ-ਕਸ਼ਮੀਰ ਪਹੁੰਚ ਰਹੇ ਹਨ। ਇਸੇ ਦੌਰਾਨ ਪੰਜਾਬ ਨਾਲ ਸਬੰਧਤ ਇੱਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਸੋਨਮਰਗ ਦੇ ਇੱਕ ਹੋਟਲ ਵਿੱਚ ਪੰਜਾਬ ਦਾ ਇੱਕ ਸ਼ਰਧਾਲੂ ਮ੍ਰਿਤਕ ਹਾਲਤ ਵਿੱਚ ਮਿਲਿਆ ਹੈ, ਜਿਸ ਨਾਲ ਇਲਾਕੇ ਵਿੱਚ ਹੜਕੰਪ ਮਚ ਗਿਆ। ਸੂਚਨਾ ਮਿਲਣ ਉਪਰੰਤ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।
ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ ਨਰਿੰਦਰ ਕੁਮਾਰ (40) ਪੁੱਤਰ ਪਰਮਿੰਦਰ ਕੁਮਾਰ, ਵਾਸੀ ਬਰਨਾਲਾ (ਪੰਜਾਬ) ਵਜੋਂ ਹੋਈ ਹੈ। ਉਹ ਅਮਰਨਾਥ ਯਾਤਰਾ ਲਈ ਜੰਮੂ-ਕਸ਼ਮੀਰ ਪਹੁੰਚਿਆ ਹੋਇਆ ਸੀ ਅਤੇ ਸੋਨਮਰਗ ਦੇ ਇੱਕ ਹੋਟਲ ਵਿੱਚ ਠਹਿਰਿਆ ਹੋਇਆ ਸੀ।
ਸੂਤਰਾਂ ਮੁਤਾਬਕ ਨਰਿੰਦਰ ਕੁਮਾਰ ਹੋਟਲ ਦੇ ਕਮਰੇ ਵਿੱਚ ਬੇਹੋਸ਼ ਹਾਲਤ ਵਿੱਚ ਮਿਲਿਆ। ਇਸ ਤੋਂ ਬਾਅਦ ਉਸ ਨੂੰ ਸੋਨਮਰਗ ਦੇ ਪ੍ਰਾਇਮਰੀ ਹੈਲਥ ਸੈਂਟਰ (PHC) ਲਿਜਾਇਆ ਗਿਆ, ਜਿੱਥੇ ਮੈਡੀਕੋ-ਲੀਗਲ ਕਾਰਵਾਈ ਲਈ ਉਸ ਦੀ ਲਾਸ਼ ਰੱਖੀ ਗਈ।
ਪੁਲਿਸ ਨੇ ਦੱਸਿਆ ਕਿ ਮੌਤ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (BNSS) ਦੀਆਂ ਸੰਬੰਧਿਤ ਧਾਰਾਵਾਂ ਤਹਿਤ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੋਸਟਮਾਰਟਮ ਰਿਪੋਰਟ ਤੋਂ ਬਾਅਦ ਹੀ ਮੌਤ ਦੇ ਕਾਰਨਾਂ ਬਾਰੇ ਸਪੱਸ਼ਟ ਜਾਣਕਾਰੀ ਸਾਹਮਣੇ ਆ ਸਕੇਗੀ।
Related