ਅੰਮ੍ਰਿਤਸਰ (ਅਰਸ਼ਦੀਪ ਸਿੰਘ ਕਾਲੜਾ) : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੰਬਾਲਾ ਵਿਖੇ ਸ਼ਾਂਤਮਈ ਧਰਨਾ ਦੇ ਰਹੀ ਸਿੱਖ ਸੰਗਤ ’ਤੇ ਹਰਿਆਣਾ ਪੁਲਿਸ ਵੱਲੋਂ ਕੀਤੇ ਲਾਠੀਚਾਰਜ ਅਤੇ ਅੱਥਰੂ ਗੈਸ ਦੇ ਗੋਲੇ ਦਾਗਣ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਸਰਕਾਰ ਵੱਲੋਂ ਸਿੱਖ ਸੰਗਤ ਨਾਲ ਗੱਲਬਾਤ ਕੀਤੀ ਜਾ ਰਹੀ ਸੀ ਅਤੇ ਦੂਜੇ ਪਾਸੇ ਅਚਾਨਕ ਬਲ ਦੀ ਵਰਤੋਂ ਕਰਨਾ ਬੇਹੱਦ ਮੰਦਭਾਗਾ ਅਤੇ ਨਿਆਂਸੰਗਤ ਨਹੀਂ ਹੈ।

ਜਥੇਦਾਰ ਗੜਗੱਜ ਨੇ ਦੱਸਿਆ ਕਿ ਘਟਨਾ ਦੌਰਾਨ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਜਗਦੀਸ਼ ਸਿੰਘ ਝੀਂਡਾ ਸਮੇਤ ਕਈ ਮੈਂਬਰ, ਮੁਲਾਜ਼ਮ, ਸਿੱਖ ਸੰਗਤਾਂ ਅਤੇ ਪੁਲਿਸ ਮੁਲਾਜ਼ਮ ਵੀ ਜ਼ਖ਼ਮੀ ਹੋਏ ਹਨ। ਉਨ੍ਹਾਂ ਨੇ ਸ. ਝੀਂਡਾ ਨਾਲ ਫੋਨ ’ਤੇ ਗੱਲਬਾਤ ਕਰਕੇ ਉਨ੍ਹਾਂ ਦੀ ਅਤੇ ਹੋਰ ਜ਼ਖ਼ਮੀ ਸਿੱਖਾਂ ਦੀ ਸਿਹਤ ਬਾਰੇ ਜਾਣਕਾਰੀ ਲਈ।

ਉਨ੍ਹਾਂ ਕਿਹਾ ਕਿ ਜਦੋਂ ਸਰਕਾਰ ਨਾਲ ਗੱਲਬਾਤ ਚੱਲ ਰਹੀ ਸੀ ਤਾਂ ਪੁਲਿਸ ਵੱਲੋਂ ਸਿੱਖ ਸੰਗਤ ’ਤੇ ਹਮਲਾ ਕਰਨਾ ਗਲਤ ਹੈ। ਜੇਕਰ ਸਰਕਾਰ ਚਾਹੁੰਦੀ ਤਾਂ ਇਹ ਮਾਮਲਾ ਗੱਲਬਾਤ ਅਤੇ ਸੂਝਬੂਝ ਨਾਲ ਹੱਲ ਕੀਤਾ ਜਾ ਸਕਦਾ ਸੀ। ਉਨ੍ਹਾਂ ਘਟਨਾ ਦੀ ਗੰਭੀਰ ਜਾਂਚ ਦੀ ਮੰਗ ਕਰਦਿਆਂ ਇਹ ਵੀ ਸਵਾਲ ਉਠਾਇਆ ਕਿ ਕਿਤੇ ਸ਼ਾਂਤਮਈ ਧਰਨੇ ਨੂੰ ਬਦਨਾਮ ਕਰਨ ਜਾਂ ਪੁਲਿਸ ਨੂੰ ਉਕਸਾਉਣ ਲਈ ਕਿਸੇ ਸ਼ਰਾਰਤੀ ਅਨਸਰ ਵੱਲੋਂ ਜਾਣਬੁੱਝ ਕੇ ਕੋਈ ਗਲਤ ਕਾਰਵਾਈ ਤਾਂ ਨਹੀਂ ਕੀਤੀ ਗਈ।

ਜਥੇਦਾਰ ਗੜਗੱਜ ਨੇ ਕਿਹਾ ਕਿ ਜੇਕਰ ਹਰਿਆਣਾ ਸਰਕਾਰ ਨੇ ਗੁਰਦੁਆਰਾ ਪੰਜੋਖਰਾ ਸਾਹਿਬ ਵਿਖੇ ਅੱਠਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸਿੱਖ ਸੰਗਤ ਨੂੰ ਗੱਡੀ ਨਾਲ ਫੱਟੜ ਕਰਨ ਦੇ ਮਾਮਲੇ ਵਿੱਚ ਸਮੇਂ ਸਿਰ ਕਾਨੂੰਨੀ ਕਾਰਵਾਈ ਕੀਤੀ ਹੁੰਦੀ ਤਾਂ ਮੌਜੂਦਾ ਸਥਿਤੀ ਪੈਦਾ ਨਾ ਹੁੰਦੀ। ਉਨ੍ਹਾਂ ਸਰਕਾਰਾਂ ਵੱਲੋਂ ਸਿੱਖ ਭਾਵਨਾਵਾਂ ਨੂੰ ਭੜਕਾਉਣ ਵਾਲੇ ਸ਼ਰਾਰਤੀ ਅਨਸਰਾਂ ਖ਼ਿਲਾਫ਼ ਵੀ ਸਖ਼ਤ ਕਾਰਵਾਈ ਦੀ ਲੋੜ ’ਤੇ ਜ਼ੋਰ ਦਿੱਤਾ।

ਉਨ੍ਹਾਂ ਹਰਿਆਣਾ ਸਰਕਾਰ ਨੂੰ ਅਪੀਲ ਕੀਤੀ ਕਿ ਗ੍ਰਿਫ਼ਤਾਰ ਕੀਤੇ ਨੌਜਵਾਨਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ ਅਤੇ ਗੁਰਦੁਆਰਾ ਪੰਜੋਖਰਾ ਸਾਹਿਬ ਵਿਖੇ ਸੰਗਤ ਨੂੰ ਗੱਡੀ ਨਾਲ ਫੱਟੜ ਕਰਨ ਵਾਲੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸਿੱਖ ਆਗੂਆਂ ਨਾਲ ਗੱਲਬਾਤ ਰਾਹੀਂ ਮਾਮਲਾ ਸੁਲਝਾਉਣਾ ਚਾਹੀਦਾ ਹੈ ਅਤੇ ਟਕਰਾਅ ਵਾਲੀ ਸਥਿਤੀ ਤੋਂ ਬਚਣਾ ਚਾਹੀਦਾ ਹੈ।

ਜਥੇਦਾਰ ਗੜਗੱਜ ਨੇ ਹਰਿਆਣਾ ਦੀ ਸਿੱਖ ਸੰਗਤ ਨੂੰ ਇਕਜੁੱਟ ਅਤੇ ਸੰਗਠਿਤ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਕੋਈ ਵੀ ਸੰਘਰਸ਼ ਪੂਰੀ ਤਰ੍ਹਾਂ ਸ਼ਾਂਤਮਈ ਅਤੇ ਜਾਬਤੇ ਵਿੱਚ ਰਹਿ ਕੇ ਕੀਤਾ ਜਾਵੇ। ਉਨ੍ਹਾਂ ਧਰਨਿਆਂ ਵਿੱਚ ਕਿਸੇ ਵੀ ਸ਼ਰਾਰਤੀ ਅਨਸਰ ਦੀ ਸ਼ਮੂਲੀਅਤ ਨੂੰ ਰੋਕਣ ਦੀ ਵੀ ਅਪੀਲ ਕੀਤੀ।