
Skip to content

ਰਿਪੋਰਟ: ਅਮਿਤ ਨਖਵਾਲ
ਵਾਸ਼ਿੰਗਟਨ/ਨਵੀਂ ਦਿੱਲੀ : ਅਮਰੀਕਾ ਅਤੇ ਇਰਾਨ ਵਿਚਾਲੇ ਤਣਾਅ ਲਗਾਤਾਰ ਵਧਦਾ ਜਾ ਰਿਹਾ ਹੈ। ਮੰਗਲਵਾਰ ਰਾਤ ਨੂੰ ਅਮਰੀਕੀ ਫੌਜ ਨੇ ਲਗਾਤਾਰ ਚੌਥੇ ਦਿਨ ਇਰਾਨ ਦੇ ਕਈ ਫੌਜੀ ਟਿਕਾਣਿਆਂ ‘ਤੇ ਹਵਾਈ ਹਮਲੇ ਕੀਤੇ। ਇਸ ਦੇ ਨਾਲ ਹੀ ਅਮਰੀਕਾ ਨੇ ਇਰਾਨੀ ਬੰਦਰਗਾਹਾਂ ਦੀ ਜਲ ਸੈਨਾ ਦੀ ਨਾਕਾਬੰਦੀ ਵੀ ਸ਼ੁਰੂ ਕਰ ਦਿੱਤੀ ਹੈ। ਅਮਰੀਕੀ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਇਹ ਕਾਰਵਾਈ ਇਰਾਨ ‘ਤੇ ਦਬਾਅ ਵਧਾਉਣ ਲਈ ਕੀਤੀ ਜਾ ਰਹੀ ਹੈ।
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇੱਕ ਟੀਵੀ ਇੰਟਰਵਿਊ ਦੌਰਾਨ ਕਿਹਾ ਕਿ ਜਦੋਂ ਤੱਕ ਇਰਾਨ ਗੱਲਬਾਤ ਲਈ ਤਿਆਰ ਨਹੀਂ ਹੁੰਦਾ, ਅਮਰੀਕੀ ਹਮਲੇ ਜਾਰੀ ਰਹਿਣਗੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਅਗਲੇ ਦਿਨਾਂ ਵਿੱਚ ਇਰਾਨ ਦੇ ਪਾਵਰ ਪਲਾਂਟਾਂ ਅਤੇ ਪੁਲਾਂ ਨੂੰ ਵੀ ਨਿਸ਼ਾਨਾ ਬਣਾਇਆ ਜਾ ਸਕਦਾ ਹੈ। ਟਰੰਪ ਨੇ ਕਿਹਾ ਕਿ ਜੇਕਰ ਕੋਈ ਸਮਝੌਤਾ ਨਹੀਂ ਹੁੰਦਾ ਤਾਂ “ਉੱਥੇ ਕੁਝ ਵੀ ਨਹੀਂ ਬਚੇਗਾ।” ਉਨ੍ਹਾਂ ਇਹ ਵੀ ਕਿਹਾ ਕਿ ਲੋੜ ਪੈਣ ‘ਤੇ ਜ਼ਮੀਨੀ ਫੌਜੀ ਕਾਰਵਾਈ ਵੀ ਸ਼ੁਰੂ ਕੀਤੀ ਜਾ ਸਕਦੀ ਹੈ, ਜਿਸ ਲਈ ਸਹਿਯੋਗੀ ਦੇਸ਼ਾਂ ਦੀ ਮਦਦ ਲਈ ਜਾ ਸਕਦੀ ਹੈ।
ਇਸੇ ਦੌਰਾਨ ਹੋਰਮੁਜ਼ ਜਲਡਮਰੂ ਵਿੱਚ ਤਣਾਅ ਹੋਰ ਵਧ ਗਿਆ ਹੈ। ਇਰਾਨੀ ਫੌਜ ਵੱਲੋਂ ਦੋ ਵਪਾਰਕ ਜਹਾਜ਼ਾਂ ‘ਤੇ ਕੀਤੇ ਗਏ ਹਮਲੇ ਵਿੱਚ ਇੱਕ ਭਾਰਤੀ ਨਾਗਰਿਕ ਦੀ ਮੌਤ ਹੋ ਗਈ, ਜਦਕਿ 10 ਹੋਰ ਲੋਕ ਜ਼ਖਮੀ ਹੋਏ ਹਨ। ਜਾਣਕਾਰੀ ਅਨੁਸਾਰ ਜਹਾਜ਼ ‘ਤੇ ਕੁੱਲ 20 ਭਾਰਤੀ ਚਾਲਕ ਦਲ ਦੇ ਮੈਂਬਰ ਸਵਾਰ ਸਨ।
ਇਸ ਘਟਨਾ ਤੋਂ ਬਾਅਦ ਭਾਰਤ ਨੇ ਸਖ਼ਤ ਪ੍ਰਤੀਕਿਰਿਆ ਦਿੰਦਿਆਂ ਨਵੀਂ ਦਿੱਲੀ ਸਥਿਤ ਇਰਾਨੀ ਦੂਤਾਵਾਸ ਦੇ ਡਿਪਟੀ ਚੀਫ਼ ਆਫ਼ ਮਿਸ਼ਨ ਨੂੰ ਤਲਬ ਕਰਕੇ ਆਪਣਾ ਵਿਰੋਧ ਦਰਜ ਕਰਵਾਇਆ। ਵਿਦੇਸ਼ ਮੰਤਰਾਲੇ ਨੇ ਦੱਸਿਆ ਕਿ ਭਾਰਤ ਨਾਲ ਸੰਬੰਧਿਤ 11 ਜਹਾਜ਼ ਅਤੇ 148 ਭਾਰਤੀ ਮਲਾਹ ਇਸ ਵੇਲੇ ਫ਼ਾਰਸ ਦੀ ਖਾੜੀ ਵਿੱਚ ਫਸੇ ਹੋਏ ਹਨ ਅਤੇ ਹੋਰਮੁਜ਼ ਜਲਡਮਰੂ ਵਿੱਚੋਂ ਲੰਘਣ ਦੀ ਉਡੀਕ ਕਰ ਰਹੇ ਹਨ।
ਉੱਧਰ, ਰਾਸ਼ਟਰਪਤੀ ਟਰੰਪ ਨੇ ਹੋਰਮੁਜ਼ ਜਲਡਮਰੂ ਵਿੱਚੋਂ ਲੰਘਣ ਵਾਲੇ ਜਹਾਜ਼ਾਂ ‘ਤੇ 20 ਫੀਸਦੀ ਟੈਕਸ ਲਗਾਉਣ ਦੇ ਆਪਣੇ ਫੈਸਲੇ ਨੂੰ ਫਿਲਹਾਲ ਵਾਪਸ ਲੈ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਫੈਸਲਾ ਮੱਧ ਪੂਰਬ ਦੇ ਨੇਤਾਵਾਂ ਨਾਲ ਹੋਈ ਗੱਲਬਾਤ ਤੋਂ ਬਾਅਦ ਲਿਆ ਗਿਆ ਹੈ।
ਮੱਧ ਪੂਰਬ ਵਿੱਚ ਬਣੀ ਇਸ ਤਣਾਅਪੂਰਨ ਸਥਿਤੀ ‘ਤੇ ਦੁਨੀਆ ਦੀ ਨਜ਼ਰ ਟਿਕੀ ਹੋਈ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹਾਲਾਤ ਹੋਰ ਗੰਭੀਰ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।

Related