ਚੰਡੀਗੜ੍ਹ: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਵਿੱਚ ਆਈਟੀਆਈ ਪਾਸ ਨੌਜਵਾਨਾਂ ਲਈ ਵੱਡਾ ਫ਼ੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪਹਿਲਾਂ 2600 ਅਸਾਮੀਆਂ ਲਈ ਪ੍ਰਸਤਾਵ ਲਿਆਂਦਾ ਗਿਆ ਸੀ, ਜਿਸ ਤਹਿਤ ਕੰਪਿਊਟਰ ਆਧਾਰਿਤ ਪ੍ਰੀਖਿਆ ਕਰਵਾਈ ਗਈ ਅਤੇ 2437 ਉਮੀਦਵਾਰਾਂ ਨੇ ਸਿਖਲਾਈ ਪ੍ਰੋਗਰਾਮ ਵਿੱਚ ਹਿੱਸਾ ਲਿਆ।

    ਚੀਮਾ ਨੇ ਦੱਸਿਆ ਕਿ ਇਹ ਸਾਰੇ ਉਮੀਦਵਾਰ ਛੇ ਮਹੀਨੇ ਦੀ ਸਿਖਲਾਈ ਸਫਲਤਾਪੂਰਵਕ ਪੂਰੀ ਕਰ ਚੁੱਕੇ ਹਨ। ਸਰਕਾਰ ਨੇ ਹੁਣ ਇਨ੍ਹਾਂ ਨੂੰ ਪੀਐਸਪੀਸੀਐਲ ਵਿੱਚ ਸਹਾਇਕ ਲਾਈਨਮੈਨ (ALM) ਵਜੋਂ ਸ਼ਾਮਲ ਕਰਨ ਦਾ ਫ਼ੈਸਲਾ ਕੀਤਾ ਹੈ।

    ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਸੁਪਨਾ ਹੈ ਕਿ ਪੰਜਾਬ ਦੇ ਨੌਜਵਾਨਾਂ ਨੂੰ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਰੋਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਜਾਣ। ਇਸੇ ਮਕਸਦ ਤਹਿਤ ਇਨ੍ਹਾਂ ਸਿਖਿਆਰਥੀਆਂ ਨੂੰ ਤੁਰੰਤ ਪ੍ਰਭਾਵ ਨਾਲ ਨਿਯੁਕਤ ਕੀਤਾ ਜਾਵੇਗਾ।

    ਵਿੱਤ ਮੰਤਰੀ ਨੇ ਕਿਹਾ ਕਿ ਇਸ ਮਾਮਲੇ ਸਬੰਧੀ ਕਾਨੂੰਨੀ ਸਲਾਹ ਵੀ ਲਈ ਗਈ ਹੈ। ਗਰਮੀਆਂ ਅਤੇ ਆਉਣ ਵਾਲੇ ਮਾਨਸੂਨ ਸੀਜ਼ਨ ਦੌਰਾਨ ਬਿਜਲੀ ਸੇਵਾਵਾਂ ਨੂੰ ਮਜ਼ਬੂਤ ਬਣਾਉਣ ਲਈ ਵਿਭਾਗ ਨੂੰ ਯੋਗ ਕਰਮਚਾਰੀਆਂ ਦੀ ਲੋੜ ਹੈ, ਜਿਸ ਕਰਕੇ ਸਰਕਾਰ ਨੇ ਇਹ ਫ਼ੈਸਲਾ ਕੀਤਾ ਹੈ।

    ਉਨ੍ਹਾਂ ਦੱਸਿਆ ਕਿ ਇਨ੍ਹਾਂ ਉਮੀਦਵਾਰਾਂ ਨੂੰ ਪੰਜਾਬੀ ਭਾਸ਼ਾ ਦੀ ਇੱਕ ਮੁੱਢਲੀ ਪ੍ਰੀਖਿਆ ਪਾਸ ਕਰਨੀ ਹੋਵੇਗੀ। ਪ੍ਰੀਖਿਆ ਪਾਸ ਕਰਨ ਉਪਰੰਤ ਉਨ੍ਹਾਂ ਨੂੰ ਤੁਰੰਤ ਡਿਊਟੀ ਸੌਂਪ ਦਿੱਤੀ ਜਾਵੇਗੀ। ਇਸ ਸਬੰਧੀ ਪ੍ਰਸਤਾਵ ਨੂੰ ਸਦਨ ਵਿੱਚ ਮਨਜ਼ੂਰੀ ਲਈ ਪੇਸ਼ ਕੀਤਾ ਜਾਵੇਗਾ।