
Skip to content

ਅੰਮ੍ਰਿਤਸਰ ਪੁਲਿਸ ਨੇ ਨਾਕਾਮ ਕੀਤੀ ਵੱਡੀ ਅੱਤਵਾਦੀ ਸਾਜ਼ਿਸ਼, ਹੈਂਡ ਗ੍ਰਨੇਡ ਤੇ ਗਲੌਕ ਪਿਸਤੌਲ ਸਮੇਤ ਮੁਲਜ਼ਮ ਕਾਬੂ
ਅੰਮ੍ਰਿਤਸਰ (ਅਰਸ਼ਦੀਪ ਸਿੰਘ ਕਾਲੜਾ) :- ਪੰਜਾਬ ਪੁਲਿਸ ਨੇ ਸੂਬੇ ਵਿੱਚ ਇੱਕ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰਦਿਆਂ ਅਹਿਮ ਸਫਲਤਾ ਹਾਸਲ ਕੀਤੀ ਹੈ। ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ ਇੱਕ ਹੈਂਡ ਗ੍ਰਨੇਡ, 9 ਐੱਮ.ਐੱਮ. ਗਲੌਕ ਪਿਸਤੌਲ ਅਤੇ ਚਾਰ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਪਾਕਿਸਤਾਨ ਦੀ ਖੁਫੀਆ ਏਜੰਸੀ ਆਈ.ਐੱਸ.ਆਈ. ਦੇ ਹੈਂਡਲਰਾਂ ਦੇ ਸੰਪਰਕ ਵਿੱਚ ਸੀ।
ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਸੋਸ਼ਲ ਮੀਡੀਆ ‘ਤੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਹ ਕਾਰਵਾਈ ਸਰਹੱਦ ਪਾਰੋਂ ਚਲਾਈ ਜਾ ਰਹੀ ਅੱਤਵਾਦੀ ਸਾਜ਼ਿਸ਼ ਦਾ ਪਰਦਾਫਾਸ਼ ਕਰਨ ਵੱਲ ਇੱਕ ਵੱਡੀ ਕਾਮਯਾਬੀ ਹੈ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਕੋਲੋਂ ਬਰਾਮਦ ਹਥਿਆਰ ਕਿਸੇ ਵੱਡੀ ਵਾਰਦਾਤ ਦੀ ਤਿਆਰੀ ਵੱਲ ਇਸ਼ਾਰਾ ਕਰਦੇ ਹਨ।
ਮੁੱਢਲੀ ਜਾਂਚ ਅਨੁਸਾਰ ਮੁਲਜ਼ਮ ਇੰਸਟਾਗ੍ਰਾਮ ਰਾਹੀਂ ਆਈ.ਐੱਸ.ਆਈ. ਹੈਂਡਲਰਾਂ ਦੇ ਸੰਪਰਕ ਵਿੱਚ ਆਇਆ ਸੀ। ਉਸ ਨੂੰ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਖਰਾਬ ਕਰਨ ਲਈ ਪੁਲਿਸ ਅਦਾਰਿਆਂ ਅਤੇ ਜਨਤਕ ਥਾਵਾਂ ਨੂੰ ਨਿਸ਼ਾਨਾ ਬਣਾਉਣ ਦੇ ਨਿਰਦੇਸ਼ ਦਿੱਤੇ ਜਾ ਰਹੇ ਸਨ।
ਇਸ ਸਬੰਧੀ ਥਾਣਾ ਕੈਂਟ, ਅੰਮ੍ਰਿਤਸਰ ਵਿਖੇ ਐੱਫ.ਆਈ.ਆਰ. ਦਰਜ ਕਰ ਲਈ ਗਈ ਹੈ ਅਤੇ ਪੁਲਿਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਜਾਂਚ ਏਜੰਸੀਆਂ ਇਸ ਗੱਲ ਦਾ ਵੀ ਪਤਾ ਲਗਾ ਰਹੀਆਂ ਹਨ ਕਿ ਇਸ ਨੈੱਟਵਰਕ ਵਿੱਚ ਹੋਰ ਕੌਣ-ਕੌਣ ਸ਼ਾਮਲ ਹੈ ਅਤੇ ਵਿਦੇਸ਼ੀ ਹੈਂਡਲਰਾਂ ਨਾਲ ਇਸ ਦੇ ਕੀ ਸਬੰਧ ਸਨ।
ਡੀ.ਜੀ.ਪੀ. ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਸਰਹੱਦ ਪਾਰੋਂ ਚਲਾਏ ਜਾ ਰਹੇ ਅੱਤਵਾਦੀ ਨੈੱਟਵਰਕਾਂ ਨੂੰ ਜੜ੍ਹੋਂ ਖਤਮ ਕਰਨ ਅਤੇ ਸੂਬੇ ਦੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਇਸ ਸਾਜ਼ਿਸ਼ ਨਾਲ ਜੁੜੇ ਹਰ ਵਿਅਕਤੀ ਨੂੰ ਕਾਨੂੰਨ ਦੇ ਘੇਰੇ ਵਿੱਚ ਲਿਆਂਦਾ ਜਾਵੇਗਾ।

Related