
Skip to content

ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ, 35 ਕਰੋੜ ਦੀ ਹੈਰੋਇਨ ਸਮੇਤ ਤਸਕਰ ਗ੍ਰਿਫ਼ਤਾਰ
ਅੰਮ੍ਰਿਤਸਰ (ਅਰਸ਼ਦੀਪ ਸਿੰਘ ਕਾਲੜਾ) : ਨਸ਼ਾ ਤਸਕਰੀ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮ ਦੇ ਕਬਜ਼ੇ ਵਿੱਚੋਂ 5 ਕਿਲੋ 28 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ ਕਰੀਬ 35 ਕਰੋੜ ਰੁਪਏ ਦੱਸੀ ਜਾ ਰਹੀ ਹੈ।
ਇਹ ਕਾਰਵਾਈ ਘਰਿੰਡਾ ਪੁਲਿਸ ਟੀਮ ਵੱਲੋਂ ਕੀਤੀ ਗਈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਹੁਣ ਇਹ ਪਤਾ ਲਗਾਉਣ ਵਿੱਚ ਜੁਟੀ ਹੋਈ ਹੈ ਕਿ ਬਰਾਮਦ ਕੀਤੀ ਗਈ ਹੈਰੋਇਨ ਕਿੱਥੋਂ ਲਿਆਂਦੀ ਗਈ ਸੀ ਅਤੇ ਇਸ ਦੀ ਸਪਲਾਈ ਕਿਹੜੇ ਇਲਾਕਿਆਂ ਵਿੱਚ ਕੀਤੀ ਜਾਣੀ ਸੀ।
ਜਾਂਚ ਦੌਰਾਨ ਪੁਲਿਸ ਵੱਲੋਂ ਇਸ ਨਸ਼ਾ ਤਸਕਰੀ ਦੇ ਗੈਰ-ਕਾਨੂੰਨੀ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਦੀ ਭੂਮਿਕਾ ਦੀ ਵੀ ਪੜਤਾਲ ਕੀਤੀ ਜਾ ਰਹੀ ਹੈ। ਅਧਿਕਾਰੀਆਂ ਨੇ ਸਪੱਸ਼ਟ ਕੀਤਾ ਹੈ ਕਿ ਨਸ਼ਿਆਂ ਦੇ ਗੈਰ-ਕਾਨੂੰਨੀ ਕਾਰੋਬਾਰ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਅੰਮ੍ਰਿਤਸਰ ਦਿਹਾਤੀ ਪੁਲਿਸ ਮੁਤਾਬਕ ਇਹ ਕਾਰਵਾਈ ਪੰਜਾਬ ਸਰਕਾਰ ਅਤੇ ਪੁਲਿਸ ਹੈੱਡਕੁਆਰਟਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਚਲਾਈ ਜਾ ਰਹੀ ਨਸ਼ਾ-ਵਿਰੋਧੀ ਮੁਹਿੰਮ ਦਾ ਹਿੱਸਾ ਹੈ। ਪੁਲਿਸ ਦਾ ਮਕਸਦ ਨਸ਼ਿਆਂ ਦੀ ਤਸਕਰੀ ’ਤੇ ਨਕੇਲ ਕੱਸਣ ਦੇ ਨਾਲ-ਨਾਲ ਨੌਜਵਾਨਾਂ ਨੂੰ ਨਸ਼ਿਆਂ ਦੀ ਜਕੜ ਤੋਂ ਬਚਾਉਣਾ ਅਤੇ ਸਮਾਜ ਨੂੰ ਨਸ਼ਾ-ਮੁਕਤ ਬਣਾਉਣਾ ਹੈ।
ਪੁਲਿਸ ਨੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਜੇਕਰ ਉਨ੍ਹਾਂ ਨੂੰ ਆਪਣੇ ਇਲਾਕੇ ਵਿੱਚ ਨਸ਼ਿਆਂ ਦੀ ਤਸਕਰੀ ਜਾਂ ਵਿਕਰੀ ਸਬੰਧੀ ਕੋਈ ਜਾਣਕਾਰੀ ਮਿਲਦੀ ਹੈ ਤਾਂ ਉਹ ਤੁਰੰਤ ਪੁਲਿਸ ਨੂੰ ਸੂਚਿਤ ਕਰਨ। ਪੁਲਿਸ ਦਾ ਕਹਿਣਾ ਹੈ ਕਿ ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਦੇ ਇਸ ਗੈਰ-ਕਾਨੂੰਨੀ ਕਾਰੋਬਾਰ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਿਆ ਜਾ ਸਕਦਾ ਹੈ।

Related