
Skip to content

ਮੱਤੇਵਾਲ ਨੇੜੇ ਪੁਲਿਸ ਮੁਕਾਬਲਾ, ਗੈਂਗਸਟਰ ਦੀ ਲੱਤ ’ਚ ਲੱਗੀ ਗੋਲੀ; ਪੁਲਿਸ ਨੇ ਕੀਤਾ ਗ੍ਰਿਫ਼ਤਾਰ
ਅੰਮ੍ਰਿਤਸਰ (ਅਰਸ਼ਦੀਪ ਸਿੰਘ ਕਾਲੜਾ) : ਅੰਮ੍ਰਿਤਸਰ ਦਿਹਾਤੀ ਦੇ ਥਾਣਾ ਮੱਤੇਵਾਲ ਅਧੀਨ ਪਿੰਡ ਮੱਤੇਵਾਲ ਨੇੜੇ ਸੂਏ ਦੇ ਕੰਢੇ ਪੁਲਿਸ ਅਤੇ ਇਕ ਗੈਂਗਸਟਰ ਵਿਚਾਲੇ ਮੁਕਾਬਲਾ ਹੋਣ ਦੀ ਸੂਚਨਾ ਹੈ। ਥਾਣਾ ਮੱਤੇਵਾਲ ਦੇ ਐਸ.ਐਚ.ਓ. ਸਬ-ਇੰਸਪੈਕਟਰ ਦਲਜੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਨੇ ਕਾਰਵਾਈ ਕਰਦਿਆਂ ਗੈਂਗਸਟਰ ਨੂੰ ਕਾਬੂ ਕਰ ਲਿਆ।
ਪੁਲਿਸ ਮੁਤਾਬਕ, ਮੁਕਾਬਲੇ ਦੌਰਾਨ ਗੈਂਗਸਟਰ ਵੱਲੋਂ ਪੁਲਿਸ ਟੀਮ ’ਤੇ ਕਰੀਬ 4-5 ਰਾਊਂਡ ਫਾਇਰ ਕੀਤੇ ਗਏ। ਜਵਾਬੀ ਕਾਰਵਾਈ ਵਿੱਚ ਪੁਲਿਸ ਵੱਲੋਂ ਕੀਤੀ ਗਈ ਫਾਇਰਿੰਗ ਦੌਰਾਨ ਗੈਂਗਸਟਰ ਦੀ ਲੱਤ ’ਚ ਗੋਲੀ ਲੱਗ ਗਈ, ਜਿਸ ਕਾਰਨ ਉਹ ਜ਼ਖ਼ਮੀ ਹੋ ਗਿਆ। ਪੁਲਿਸ ਨੇ ਉਸ ਨੂੰ ਮੌਕੇ ਤੋਂ ਹੀ ਗ੍ਰਿਫ਼ਤਾਰ ਕਰ ਲਿਆ ਅਤੇ ਇਲਾਜ ਲਈ ਹਸਪਤਾਲ ਭੇਜ ਦਿੱਤਾ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਹਰਮਨ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਬੋਪਾਰਾਏ ਵਜੋਂ ਹੋਈ ਹੈ। ਪੁਲਿਸ ਅਨੁਸਾਰ ਹਰਮਨ ਸਿੰਘ ਪਿੰਡ ਬੋਪਾਰਾਏ ਵਿੱਚ ਇਕ ਵਿਅਕਤੀ ’ਤੇ ਗੋਲੀ ਚਲਾਉਣ ਸਮੇਤ ਕਈ ਹੋਰ ਮਾਮਲਿਆਂ ਵਿੱਚ ਪੁਲਿਸ ਨੂੰ ਲੋੜੀਂਦਾ ਸੀ।
ਘਟਨਾ ਦੀ ਸੂਚਨਾ ਮਿਲਣ ’ਤੇ ਐਸ.ਐਸ.ਪੀ. ਅੰਮ੍ਰਿਤਸਰ ਦਿਹਾਤੀ ਕੰਵਲਪ੍ਰੀਤ ਸਿੰਘ ਚਾਹਲ, ਐਸ.ਪੀ.ਡੀ. ਰਮਨਦੀਪ ਸਿੰਘ, ਡੀ.ਐਸ.ਪੀ.ਡੀ. ਗੁਰਿੰਦਰਪਾਲ ਸਿੰਘ ਨਾਗਰਾ, ਸੀ.ਆਈ.ਏ. ਸਟਾਫ਼ ਇੰਚਾਰਜ ਅਜੇਪਾਲ ਸਿੰਘ ਅਤੇ ਐਸ.ਐਚ.ਓ. ਦਲਜੀਤ ਸਿੰਘ ਮੌਕੇ ’ਤੇ ਪਹੁੰਚੇ। ਫੋਰੈਂਸਿਕ ਟੀਮ ਵੱਲੋਂ ਵੀ ਘਟਨਾ ਸਥਾਨ ਦਾ ਜਾਇਜ਼ਾ ਲੈ ਕੇ ਸਬੂਤ ਇਕੱਠੇ ਕੀਤੇ ਗਏ। ਪੁਲਿਸ ਵੱਲੋਂ ਮਾਮਲੇ ਦੀ ਅਗਲੀ ਜਾਂਚ ਕੀਤੀ ਜਾ ਰਹੀ ਹੈ।

Related