ਅੰਮ੍ਰਿਤਸਰ ’ਚ ASI ’ਤੇ ਗੋਲੀਬਾਰੀ ਦੀ ਜ਼ਿੰਮੇਵਾਰੀ TTH ਨੇ ਲਈ, ਪੁਲਿਸ ਮੁਲਾਜ਼ਮਾਂ ਨੂੰ ਧਮਕੀ ਦੇਣ ਦਾ ਦਾਅਵਾ

ਅੰਮ੍ਰਿਤਸਰ (ਅਰਸ਼ਦੀਪ ਸਿੰਘ ਕਾਲੜਾ) : ਅੰਮ੍ਰਿਤਸਰ ਦਿਹਾਤੀ ਇਲਾਕੇ ਵਿੱਚ 4 ਅਕਤੂਬਰ ਦੀ ਸ਼ਾਮ ਜੀ.ਆਰ.ਪੀ. ਵਿੱਚ ਤਾਇਨਾਤ ਏ.ਐਸ.ਆਈ. ਸੁਖਚੈਨ ਸਿੰਘ ’ਤੇ ਹੋਈ ਗੋਲੀਬਾਰੀ ਦੇ ਮਾਮਲੇ ਵਿੱਚ ਨਵਾਂ ਮੋੜ ਸਾਹਮਣੇ ਆਇਆ ਹੈ। ‘ਤਹਿਰੀਕ-ਏ-ਤਾਲਿਬਾਨ ਹਿੰਦੁਸਤਾਨ’ (TTH) ਨਾਮਕ ਸੰਗਠਨ ਨੇ ਇੱਕ ਪ੍ਰੈਸ ਬਿਆਨ ਜਾਰੀ ਕਰਕੇ ਇਸ ਹਮਲੇ ਦੀ ਜ਼ਿੰਮੇਵਾਰੀ ਲੈਣ ਦਾ ਦਾਅਵਾ ਕੀਤਾ ਹੈ। ਸੰਗਠਨ ਨੇ ਇਸ ਕਾਰਵਾਈ ਨੂੰ ‘ਆਪਰੇਸ਼ਨ ਨੂਰ’ ਦਾ ਹਿੱਸਾ ਦੱਸਿਆ ਹੈ। ਹਾਲਾਂਕਿ, ਸੰਗਠਨ ਵੱਲੋਂ ਕੀਤੇ ਗਏ ਇਨ੍ਹਾਂ ਦਾਅਵਿਆਂ ਦੀ ਸੁਤੰਤਰ ਤੌਰ ’ਤੇ ਪੁਸ਼ਟੀ ਨਹੀਂ ਹੋਈ ਹੈ।

ਜਾਣਕਾਰੀ ਅਨੁਸਾਰ, ਸੰਗਠਨ ਵੱਲੋਂ ਜਾਰੀ ਬਿਆਨ ਵਿੱਚ ਭਾਰਤੀ ਪੁਲਿਸ ਮੁਲਾਜ਼ਮਾਂ ਅਤੇ ਸਰਕਾਰੀ ਕਰਮਚਾਰੀਆਂ ਨੂੰ ਧਮਕੀਆਂ ਦੇਣ ਦਾ ਦਾਅਵਾ ਕੀਤਾ ਗਿਆ ਹੈ। ਬਿਆਨ ਵਿੱਚ ਕਿਹਾ ਗਿਆ ਹੈ ਕਿ ਸੰਗਠਨ ਕੋਲ ਪੁਲਿਸ ਮੁਲਾਜ਼ਮਾਂ ਸਬੰਧੀ ਜਾਣਕਾਰੀ ਮੌਜੂਦ ਹੈ ਅਤੇ ਭਵਿੱਖ ਵਿੱਚ ਵੀ ਪੁਲਿਸ ਮੁਲਾਜ਼ਮਾਂ ਨੂੰ ਨਿਸ਼ਾਨਾ ਬਣਾਉਣ ਦੀਆਂ ਧਮਕੀਆਂ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਹਮਲੇ ਨਾਲ ਸਬੰਧਤ ਵੀਡੀਓ ਜਲਦ ਜਾਰੀ ਕਰਨ ਦਾ ਵੀ ਦਾਅਵਾ ਕੀਤਾ ਗਿਆ ਹੈ। ਇਨ੍ਹਾਂ ਸਾਰੇ ਦਾਅਵਿਆਂ ਦੀ ਵੀ ਅਧਿਕਾਰਤ ਜਾਂ ਸੁਤੰਤਰ ਪੁਸ਼ਟੀ ਨਹੀਂ ਹੋਈ।

ਦੂਜੇ ਪਾਸੇ, ਅੰਮ੍ਰਿਤਸਰ ਦਿਹਾਤੀ ਦੇ ਐਸ.ਐਸ.ਪੀ. ਕੰਵਲਪ੍ਰੀਤ ਸਿੰਘ ਚਾਹਲ ਮੁਤਾਬਕ 4 ਅਕਤੂਬਰ ਨੂੰ ਸ਼ਾਮ ਕਰੀਬ 7 ਵਜੇ ਏ.ਐਸ.ਆਈ. ਸੁਖਚੈਨ ਸਿੰਘ ਡਿਊਟੀ ਖ਼ਤਮ ਕਰਨ ਤੋਂ ਬਾਅਦ ਜਗਦੇਵ ਕਲਾਂ ਸਥਿਤ ਆਪਣੇ ਘਰ ਵਾਪਸ ਜਾ ਰਹੇ ਸਨ। ਜਦੋਂ ਉਹ ਜਗਦੇਵ ਕਲਾਂ ਪੁਲ ਪਾਰ ਕਰ ਰਹੇ ਸਨ ਤਾਂ ਮੋਟਰਸਾਈਕਲ ’ਤੇ ਸਵਾਰ ਤਿੰਨ ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ ’ਤੇ ਗੋਲੀਆਂ ਚਲਾ ਦਿੱਤੀਆਂ। ਇੱਕ ਗੋਲੀ ਉਨ੍ਹਾਂ ਦੀ ਬਾਂਹ ਵਿੱਚ ਲੱਗੀ।

ਜ਼ਖ਼ਮੀ ਏ.ਐਸ.ਆਈ. ਨੂੰ ਤੁਰੰਤ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਤਕਨੀਕੀ ਅਤੇ ਫੋਰੈਂਸਿਕ ਜਾਂਚ ਸ਼ੁਰੂ ਕਰ ਦਿੱਤੀ ਹੈ। ਘਟਨਾ ਸਬੰਧੀ ਇਲਾਕੇ ਦੀ ਸੀ.ਸੀ.ਟੀ.ਵੀ. ਫੁਟੇਜ ਵੀ ਖੰਗਾਲੀ ਜਾ ਰਹੀ ਹੈ।

ਐਸ.ਐਸ.ਪੀ. ਅਨੁਸਾਰ, ਏ.ਐਸ.ਆਈ. ਸੁਖਚੈਨ ਸਿੰਘ ਦੇ ਬਿਆਨਾਂ ਵਿੱਚ ਪਰਿਵਾਰਕ ਵਿਵਾਦ ਦਾ ਪੱਖ ਵੀ ਸਾਹਮਣੇ ਆਇਆ ਹੈ। ਦੱਸਿਆ ਗਿਆ ਹੈ ਕਿ ਉਨ੍ਹਾਂ ਦਾ ਆਪਣੀ ਭਰਜਾਈ ਗੁਰਪ੍ਰੀਤ ਕੌਰ ਨਾਲ ਵਿਵਾਦ ਚੱਲ ਰਿਹਾ ਸੀ। ਪੁਲਿਸ ਮੁਤਾਬਕ ਏ.ਐਸ.ਆਈ. ਦੇ ਭਰਾ ਹੀਰਾ ਸਿੰਘ ਦਾ 2019 ਵਿੱਚ ਕਤਲ ਹੋਇਆ ਸੀ ਅਤੇ ਇਸ ਮਾਮਲੇ ਵਿੱਚ ਉਸ ਦੀ ਭਰਜਾਈ ਅਤੇ ਉਸ ਦੇ ਕਥਿਤ ਦੋਸਤ ਸਤਨਾਮ ਸਿੰਘ ਦਾ ਨਾਮ ਸਾਹਮਣੇ ਆਇਆ ਸੀ।

ਇਸ ਮਾਮਲੇ ਵਿੱਚ ਅਜਨਾਲਾ ਥਾਣੇ ਵਿੱਚ ਅਣਪਛਾਤੇ ਹਮਲਾਵਰਾਂ ਖ਼ਿਲਾਫ਼ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਡੀ.ਐਸ.ਪੀ. ਧਰਮਿੰਦਰ ਕਲਿਆਣ ਨੇ ਦੱਸਿਆ ਕਿ ਪੁਲਿਸ ਵੱਲੋਂ ਹਮਲਾਵਰਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਕਾਬੂ ਕਰਨ ਲਈ ਜਾਂਚ ਜਾਰੀ ਹੈ। ਪੁਲਿਸ ਵੱਖ-ਵੱਖ ਪਹਿਲੂਆਂ ਤੋਂ ਮਾਮਲੇ ਦੀ ਜਾਂਚ ਕਰ ਰਹੀ ਹੈ।