ਜੰਡਿਆਲਾ ਗੁਰੂ ‘ਚ ਅੰਮ੍ਰਿਤਸਰ ਦਿਹਾਤੀ ਪੁਲਿਸ ਦਾ ਵੱਡਾ CASO ਆਪਰੇਸ਼ਨ, 1 ਕਿਲੋ ਹੈਰੋਇਨ ਬਰਾਮਦ

ਅੰਮ੍ਰਿਤਸਰ (ਅਰਸ਼ਦੀਪ ਸਿੰਘ ਕਾਲੜਾ)  :- ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਜੰਡਿਆਲਾ ਗੁਰੂ ਵਿੱਚ ਵੱਡੇ ਪੱਧਰ ‘ਤੇ CASO (ਕੋਰਡਨ ਐਂਡ ਸਰਚ ਆਪਰੇਸ਼ਨ) ਚਲਾਇਆ। ਐਸਐਸਪੀ ਕੰਵਲਪ੍ਰੀਤ ਸਿੰਘ ਅਤੇ ਡੀਐਸਪੀ ਬਲਜੀਤ ਸਿੰਘ ਦੀ ਅਗਵਾਈ ਹੇਠ ਕੀਤੀ ਗਈ ਇਸ ਕਾਰਵਾਈ ਦੌਰਾਨ ਪੁਲਿਸ ਨੇ ਨਸ਼ਾ ਤਸਕਰਾਂ ਦੇ ਟਿਕਾਣਿਆਂ, ਸ਼ੱਕੀ ਘਰਾਂ ਅਤੇ ਵਾਹਨਾਂ ਦੀ ਬਾਰੀਕੀ ਨਾਲ ਤਲਾਸ਼ੀ ਲਈ।

ਆਪਰੇਸ਼ਨ ਦੌਰਾਨ ਇੱਕ ਕਥਿਤ ਨਸ਼ਾ ਤਸਕਰ ਦੇ ਘਰੋਂ ਕਰੀਬ ਇੱਕ ਕਿਲੋ ਹੈਰੋਇਨ ਬਰਾਮਦ ਕੀਤੀ ਗਈ। ਇਸ ਮਾਮਲੇ ਵਿੱਚ ਪੁਲਿਸ ਨੇ ਤੁਰੰਤ ਐਫਆਈਆਰ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਸ ਤੋਂ ਇਲਾਵਾ ਪੁਲਿਸ ਨੇ 30 ਤੋਂ 35 ਬਿਨਾਂ ਨੰਬਰ ਪਲੇਟਾਂ ਜਾਂ ਅਧੂਰੇ ਦਸਤਾਵੇਜ਼ਾਂ ਵਾਲੇ ਮੋਟਰਸਾਈਕਲ ਅਤੇ ਐਕਟਿਵਾ ਵੀ ਕਬਜ਼ੇ ਵਿੱਚ ਲਏ ਹਨ। ਇਨ੍ਹਾਂ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਐਸਐਸਪੀ ਕੰਵਲਪ੍ਰੀਤ ਸਿੰਘ ਨੇ ਦੱਸਿਆ ਕਿ ਇਹ ਕਾਰਵਾਈ ਮੁੱਖ ਮੰਤਰੀ ਪੰਜਾਬ ਅਤੇ ਡੀਜੀਪੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੁਲਿਸ ਨੂੰ ਕੁਝ ਅਪਰਾਧੀ ਅਨਸਰਾਂ ਕੋਲ ਗੈਰ-ਕਾਨੂੰਨੀ ਹਥਿਆਰ ਹੋਣ ਬਾਰੇ ਵੀ ਗੁਪਤ ਜਾਣਕਾਰੀ ਮਿਲੀ ਹੈ, ਜਿਸ ਕਾਰਨ ਆਉਣ ਵਾਲੇ ਦਿਨਾਂ ਵਿੱਚ ਵੀ ਇਸ ਤਰ੍ਹਾਂ ਦੇ ਸਰਚ ਅਤੇ CASO ਆਪਰੇਸ਼ਨ ਲਗਾਤਾਰ ਜਾਰੀ ਰਹਿਣਗੇ।

ਉਨ੍ਹਾਂ ਸਪੱਸ਼ਟ ਕੀਤਾ ਕਿ ਨਸ਼ਾ ਤਸਕਰਾਂ, ਗੈਂਗਸਟਰਾਂ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ। ਪੁਲਿਸ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਨਸ਼ਾ ਤਸਕਰੀ ਜਾਂ ਕਿਸੇ ਵੀ ਸ਼ੱਕੀ ਗਤੀਵਿਧੀ ਬਾਰੇ ਤੁਰੰਤ ਜਾਣਕਾਰੀ ਪੁਲਿਸ ਨਾਲ ਸਾਂਝੀ ਕਰਨ, ਤਾਂ ਜੋ ਪੰਜਾਬ ਨੂੰ ਨਸ਼ਾ-ਮੁਕਤ ਅਤੇ ਸੁਰੱਖਿਅਤ ਬਣਾਇਆ ਜਾ ਸਕੇ।