ਅੰਮ੍ਰਿਤਸਰ ਦੇ ਕੋਟ ਖਾਲਸਾ ‘ਚ ਦਿਨ ਦਿਹਾੜੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਪੁਰਾਣੀ ਰੰਜਿਸ਼ ਦਾ ਸ਼ੱਕ

ਅੰਮ੍ਰਿਤਸਰ (ਅਰਸ਼ਦੀਪ ਸਿੰਘ ਕਾਲੜਾ)  :- ਅੰਮ੍ਰਿਤਸਰ ਦੇ ਕੋਟ ਖਾਲਸਾ ਇਲਾਕੇ ਵਿੱਚ ਐਤਵਾਰ ਨੂੰ ਦਿਨ ਦਿਹਾੜੇ ਹੋਏ ਗੋਲੀਆਂ ਕਾਂਡ ਨੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ। ਪ੍ਰਾਪਤ ਜਾਣਕਾਰੀ ਅਨੁਸਾਰ ਨਿਤਿਨ ਉਰਫ਼ ਇਲੀ ਨਾਮਕ ਵਿਅਕਤੀ ‘ਤੇ ਦੋ ਅਣਪਛਾਤੇ ਹਮਲਾਵਰਾਂ ਨੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ। ਗੰਭੀਰ ਜ਼ਖ਼ਮੀ ਹਾਲਤ ਵਿੱਚ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਅਨੁਸਾਰ ਮੁੱਢਲੀ ਜਾਂਚ ਦੌਰਾਨ ਇੱਕ ਸ਼ੱਕੀ ਦੀ ਪਛਾਣ ਕਰ ਲਈ ਗਈ ਹੈ ਅਤੇ ਉਸ ਦੀ ਗ੍ਰਿਫ਼ਤਾਰੀ ਲਈ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਵਾਰਦਾਤ ਦੀ ਗੁੱਥੀ ਜਲਦ ਸੁਲਝਾ ਲਈ ਜਾਵੇਗੀ।

ਪੁਲਿਸ ਦੀ ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਕਤਲ ਦੀ ਇਹ ਘਟਨਾ ਪੁਰਾਣੀ ਰੰਜਿਸ਼ ਨਾਲ ਜੁੜੀ ਹੋ ਸਕਦੀ ਹੈ। ਹਾਲਾਂਕਿ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੋਰ ਤੱਥ ਸਪੱਸ਼ਟ ਹੋਣ ਦੀ ਉਮੀਦ ਹੈ।

ਜਾਂਚ ਦੌਰਾਨ ਇਹ ਵੀ ਪਤਾ ਲੱਗਾ ਹੈ ਕਿ ਮ੍ਰਿਤਕ ਦੀ ਭੈਣ ਕੋਟ ਖਾਲਸਾ ਇਲਾਕੇ ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿੰਦੀ ਸੀ ਅਤੇ ਨਿਤਿਨ ਉਰਫ਼ ਇਲੀ ਅਕਸਰ ਉਸ ਨੂੰ ਮਿਲਣ ਲਈ ਉੱਥੇ ਆਉਂਦਾ ਸੀ। ਪੁਲਿਸ ਮੁਤਾਬਕ ਮ੍ਰਿਤਕ ਖ਼ਿਲਾਫ਼ ਪਹਿਲਾਂ ਵੀ ਕਈ ਅਪਰਾਧਿਕ ਮਾਮਲੇ ਦਰਜ ਸਨ ਅਤੇ ਕਰੀਬ 8–9 ਸਾਲ ਪਹਿਲਾਂ ਇੱਕ ਕਤਲ ਦੇ ਕੇਸ ਵਿੱਚ ਉਹ ਜੇਲ੍ਹ ਵੀ ਕੱਟ ਚੁੱਕਾ ਸੀ।

ਫਿਲਹਾਲ ਪੁਲਿਸ ਦਾ ਕਹਿਣਾ ਹੈ ਕਿ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਮੁਲਜ਼ਮਾਂ ਦੀ ਜਲਦ ਤੋਂ ਜਲਦ ਗ੍ਰਿਫ਼ਤਾਰੀ ਸਭ ਤੋਂ ਵੱਡੀ ਤਰਜੀਹ ਹੈ। ਜਾਂਚ ਦੇ ਨਤੀਜਿਆਂ ਦੇ ਆਧਾਰ ‘ਤੇ ਅਗਲੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।