
Skip to content

ਅੰਮ੍ਰਿਤਸਰ (ਅਰਸ਼ਦੀਪ ਸਿੰਘ ਕਾਲੜਾ): ਪੰਜਾਬ ਦੇ ਕਾਲੇ ਦੌਰ ਦੌਰਾਨ ਹਜ਼ਾਰਾਂ ਅਣਪਛਾਤੀਆਂ ਲਾਸ਼ਾਂ ਦਾ ਮਾਮਲਾ ਜਨਤਕ ਕਰਨ ਵਾਲੇ ਮਨੁੱਖੀ ਅਧਿਕਾਰਾਂ ਦੇ ਰਾਖੇ ਸ਼ਹੀਦ ਜਸਵੰਤ ਸਿੰਘ ਖਾਲੜਾ ’ਤੇ ਬਣੀ ਫ਼ਿਲਮ ਦੇ ਜਾਰੀ ਹੋਣ ਤੋਂ ਬਾਅਦ ਲੱਗੀ ਰੋਕ ’ਤੇ ਖਾਲੜਾ ਕੇਸ ਦੇ ਅਹਿਮ ਚਸ਼ਮਦੀਦ ਗਵਾਹ ਰਜੀਵ ਸਿੰਘ ਰੰਧਾਵਾ ਦਾ ਦਰਦ ਛਲਕਿਆ ਹੈ।
ਰੰਧਾਵਾ ਨੇ ਕਰੀਬ 30 ਸਾਲ ਪੁਰਾਣੀ ਘਟਨਾ ਨੂੰ ਯਾਦ ਕਰਦਿਆਂ ਦੱਸਿਆ ਕਿ 6 ਸਤੰਬਰ 1995 ਨੂੰ ਜਸਵੰਤ ਸਿੰਘ ਖਾਲੜਾ ਨੂੰ ਉਨ੍ਹਾਂ ਦੇ ਘਰ ਦੇ ਬਾਹਰੋਂ ਪੁਲਿਸ ਵੱਲੋਂ ਚੁੱਕ ਕੇ ਲਿਜਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਉਹ ਅਤੇ ਹੋਰ ਲੋਕਾਂ ਨੇ ਪੁਲਿਸ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ, ਪਰ ਕਿਸੇ ਨੇ ਉਨ੍ਹਾਂ ਦੀ ਗੱਲ ਨਹੀਂ ਸੁਣੀ। ਬਾਅਦ ਵਿੱਚ ਬੀਬੀ ਪਰਮਜੀਤ ਕੌਰ ਖਾਲੜਾ ਨਾਲ ਮਿਲ ਕੇ ਇਸਲਾਮਾਬਾਦ ਥਾਣੇ ਵਿੱਚ ਰਿਪੋਰਟ ਦਰਜ ਕਰਵਾਉਣ ਦੀ ਕੋਸ਼ਿਸ਼ ਕੀਤੀ ਗਈ, ਪਰ ਰਿਪੋਰਟ ਤੀਜੇ ਦਿਨ ਦਰਜ ਹੋਈ।
ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ, ਜਿਸ ਤੋਂ ਬਾਅਦ ਕੇਸ ਦੀ ਜਾਂਚ ਸੀਬੀਆਈ ਨੂੰ ਸੌਂਪੀ ਗਈ। ਲੰਬੀ ਕਾਨੂੰਨੀ ਲੜਾਈ ਤੋਂ ਬਾਅਦ 2006 ਵਿੱਚ ਆਏ ਫ਼ੈਸਲੇ ਦੌਰਾਨ ਪੰਜਾਬ ਪੁਲਿਸ ਦੇ ਕੁਝ ਅਧਿਕਾਰੀਆਂ ਨੂੰ ਸਜ਼ਾਵਾਂ ਹੋਈਆਂ।
ਰੰਧਾਵਾ ਨੇ ਇਹ ਵੀ ਦਾਅਵਾ ਕੀਤਾ ਕਿ ਖਾਲੜਾ ਕੇਸ ਵਿੱਚ ਗਵਾਹ ਹੋਣ ਕਾਰਨ ਉਨ੍ਹਾਂ ’ਤੇ ਕਈ ਮਾਮਲੇ ਦਰਜ ਕੀਤੇ ਗਏ, ਪਰ ਕਿਸੇ ਵੀ ਕੇਸ ਵਿੱਚ ਇਲਜ਼ਾਮ ਸਾਬਤ ਨਹੀਂ ਹੋਏ। ਉਨ੍ਹਾਂ ਕਿਹਾ ਕਿ ਸਰਕਾਰ ਚਾਹੁੰਦੀ ਸੀ ਕਿ ਉਹ ਇਸ ਕੇਸ ਵਿੱਚ ਗਵਾਹੀ ਨਾ ਦੇਣ, ਪਰ ਉਨ੍ਹਾਂ ਨੇ ਸੀਬੀਆਈ ਅਤੇ ਸੈਸ਼ਨ ਕੋਰਟ ਪਟਿਆਲਾ ਵਿੱਚ ਸੱਚਾਈ ਦੇ ਹੱਕ ਵਿੱਚ ਗਵਾਹੀ ਦਿੱਤੀ।
ਫ਼ਿਲਮ ’ਤੇ ਲੱਗੀ ਰੋਕ ’ਤੇ ਇਤਰਾਜ਼ ਜ਼ਾਹਰ ਕਰਦਿਆਂ ਰਜੀਵ ਸਿੰਘ ਰੰਧਾਵਾ ਨੇ ਕਿਹਾ ਕਿ ਇਹ ਫ਼ਿਲਮ ਜਸਵੰਤ ਸਿੰਘ ਖਾਲੜਾ ਦਾ ਸੁਨੇਹਾ ਪੂਰੀ ਦੁਨੀਆ ਤੱਕ ਪਹੁੰਚਾਉਂਦੀ ਹੈ। ਉਨ੍ਹਾਂ ਅਪੀਲ ਕੀਤੀ ਕਿ ਇਸ ਕਹਾਣੀ ਨੂੰ ਦੇਸ਼ ਦੀਆਂ ਵੱਖ-ਵੱਖ ਭਾਸ਼ਾਵਾਂ ਵਿੱਚ ਪਹੁੰਚਾਇਆ ਜਾਵੇ ਤਾਂ ਜੋ ਹਰ ਬੱਚਾ ਜਸਵੰਤ ਸਿੰਘ ਖਾਲੜਾ ਦੀ ਕੁਰਬਾਨੀ ਅਤੇ ਮਨੁੱਖੀ ਅਧਿਕਾਰਾਂ ਲਈ ਉਨ੍ਹਾਂ ਦੇ ਸੰਘਰਸ਼ ਬਾਰੇ ਜਾਣ ਸਕੇ।

Related